ਨਵਕਿਰਨ ਸਿੰਘ
ਮਹਿਲ ਕਲਾਂ, 22 ਮਈ
ਪਿੰਡ ਕਲਾਲਾ ਦਾ ਸਾਬਕਾ ਸਰਪੰਚ ਰਣਜੀਤ ਸਿੰਘ ਰਾਣਾ ਆਪਣੇ ਕਰੀਬੀ ਨੂੰ ਗੋਲੀਆਂ ਮਾਰ ਕੇ ਫਰਾਰ ਹੋ ਗਿਆ ਹੈ। ਫਾਇਰਿੰਗ ਵਿੱਚ ਜ਼ਖ਼ਮੀ ਹੋਏ ਬਲਵੀਰ ਸਿੰਘ ਵਾਸੀ ਕਲਾਲਾ ਵੱਲੋਂ ਪੁਲੀਸ ਨੂੰ ਲਿਖਵਾਏ ਬਿਆਨਾਂ ਅਨੁਸਾਰ ਸ਼ੁੱਕਰਵਾਰ ਦੀ ਰਾਤ ਉਹ ਤੇ ਰਾਣਾ ਪਿੰਡ ਤੋਂ ਮਹਿਲ ਕਲਾਂ ਇਕੱਠੇ ਹੀ ਆਏ ਸਨ ਕਿ ਮਹਿਲ ਕਲਾਂ ਵਿੱਚ ਇੱਕ ਰੈਸਟੋਰੈਂਟ ਅੱਗੇ ਰਣਜੀਤ ਸਿੰਘ ਰਾਣਾ ਵੱਲੋਂ ਉਸ ’ਤੇ ਫਾਇਰਿੰਗ ਕਰ ਦਿੱਤੀ ਗਈ ਸੀ।
ਜ਼ਖ਼ਮੀ ਵਿਅਕਤੀ ਲੁਧਿਆਣਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਹੈ।
ਇਸ ਸਬੰਧੀ ਪੁਲੀਸ ਥਾਣਾ ਮਹਿਲ ਕਲਾਂ ਦੇ ਐੱਸਐੱਚਓ ਬਲਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਪੁਲੀਸ ਵੱਲੋਂ ਜ਼ਖ਼ਮੀ ਬਲਵੀਰ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਰਣਜੀਤ ਸਿੰਘ ਰਾਣਾ ਪੁੱਤਰ ਬਚਿੱਤਰ ਸਿੰਘ ਵਾਸੀ ਕਲਾਲਾ ਖ਼ਿਲਾਫ਼ ਧਾਰਾ 307,427 ਆਈਪੀਸੀ ਅਤੇ ਆਰਮਜ਼ ਐਕਟ ਦੀ ਧਾਰਾ 27/54/59 ਤਹਿਤ ਮਾਮਲਾ ਦਰਜ ਕਰਕੇ ਦੋਸ਼ੀ ਦੀ ਭਾਲ ਕੀਤੀ ਜਾ ਰਹੀ ਹੈ।
ਸਾਬਕਾ ਸਰਪੰਚ ਰਣਜੀਤ ਸਿੰਘ ਰਾਣਾ ਲੰਘੀਆਂ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਿਆ ਸੀ ਅਤੇ ਉਸਦੀ ਪਤਨੀ ਪਿੰਡ ਦੀ ਸਰਪੰਚ ਵੀ ਹੈ।