ਮੁੱਦਕੀ ’ਚ 14.27 ਕਰੋੜੀ ਪਾਣੀ ਵਾਲੇ ਪ੍ਰਾਜੈਕਟ ਦਾ ਨੀਂਹ ਪੱਥਰ
ਸੰਜੀਵ ਹਾਂਡਾ/ਸੁਦੇਸ਼ ਕੁਮਾਰ ਹੈਪੀ
ਫ਼ਿਰੋਜ਼ਪੁਰ/ਤਲਵੰਡੀ ਭਾਈ, 20 ਜੂਨ
ਪੰਜਾਬ ਦੇ ਕੈਬਨਿਟ ਮੰਤਰੀ ਰਵਜੋਤ ਸਿੰਘ ਨੇ ਅੱਜ ਫ਼ਿਰੋਜ਼ਪੁਰ ਦਿਹਾਤੀ ਹਲਕੇ ਦੇ ਕਸਬਾ ਮੁੱਦਕੀ ਵਿੱਚ 14.27 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਪੀਣ ਵਾਲੇ ਸਾਫ਼ ਨਹਿਰੀ ਪਾਣੀ ਦੇ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਵਿਧਾਇਕ ਐਡਵੋਕੇਟ ਰਜਨੀਸ਼ ਕੁਮਾਰ ਦਹੀਆ ਅਤੇ ਵਿਧਾਇਕ ਨਰੇਸ਼ ਕਟਾਰੀਆ ਹਾਜ਼ਰ ਸਨ।
ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਹੋਣ ਵਾਲਾ ਇਹ ਮੈਗਾ ਪ੍ਰਾਜੈਕਟ 15 ਮਹੀਨਿਆਂ ਵਿੱਚ ਮੁਕੰਮਲ ਹੋ ਜਾਵੇਗਾ। ਇਸ ਪ੍ਰਾਜੈਕਟ ਨਾਲ ਮੁੱਦਕੀ ਦੇ 2400 ਘਰਾਂ ਨੂੰ ਸ਼ੁੱਧ ਨਹਿਰੀ ਪਾਣੀ ਮੁਹੱਈਆ ਹੋਵੇਗਾ। ਉਨ੍ਹਾਂ ਦੱਸਿਆ ਕਿ ਅੰਮ੍ਰਿਤ ਯੋਜਨਾ ਤਹਿਤ ਇਸ ਪ੍ਰਾਜੈਕਟ ਅਧੀਨ ਕਰੀਬ 33.69 ਕਿਲੋਮੀਟਰ ਲੰਬੀਆਂ ਨਵੀਆਂ ਪਾਈਪਾਂ ਪਾਈਆਂ ਜਾਣਗੀਆਂ, ਘਰਾਂ ਵਿੱਚ ਪਾਣੀ ਦੇ ਕੁਨੈਕਸ਼ਨ ਕੀਤੇ ਜਾਣਗੇ ਅਤੇ ਇੱਕ ਉੱਚੀ ਪਾਣੀ ਦੀ ਟੈਂਕੀ ਵੀ ਬਣਾਈ ਜਾਵੇਗੀ। ਕੈਬਨਿਟ ਮੰਤਰੀ ਨੇ ਭਰੋਸਾ ਦਿਵਾਇਆ ਕਿ ਮੁੱਦਕੀ ਵਿੱਚ ਹੋਰ ਵੀ ਵਿਕਾਸ ਕਾਰਜ ਕਰਵਾਏ ਜਾਣਗੇ ਅਤੇ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਵਿਧਾਇਕ ਰਜਨੀਸ਼ ਕੁਮਾਰ ਦਹੀਆ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਮੁੱਦਕੀ ਵਿੱਚ ਇਤਿਹਾਸਕ ਵਿਕਾਸ ਕਾਰਜ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਮੈਗਾ ਪ੍ਰਾਜੈਕਟ ਮੁੱਦਕੀ ਵਾਸੀਆਂ ਨੂੰ ਸਾਫ਼ ਨਹਿਰੀ ਪਾਣੀ ਮੁਹੱਈਆ ਕਰਵਾ ਕੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਸੁਧਾਰੇਗਾ। ਸ੍ਰੀ ਦਹੀਆ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਮੁੱਦਕੀ ਵਿੱਚ ਕਰੀਬ 22 ਕਰੋੜ ਰੁਪਏ ਦਾ ਸੀਵਰੇਜ ਪ੍ਰਾਜੈਕਟ ਵੀ ਚੱਲ ਰਿਹਾ ਹੈ, ਜੋ ਲਗਪਗ 75 ਫੀਸਦੀ ਮੁਕੰਮਲ ਹੋ ਚੁੱਕਾ ਹੈ। ਇਸ ਨਾਲ ਮੁੱਦਕੀ ਵਾਸੀਆਂ ਨੂੰ ਗਲੀਆਂ-ਨਾਲੀਆਂ ਅਤੇ ਗੰਦੇ ਪਾਣੀ ਦੀ ਸਮੱਸਿਆ ਤੋਂ ਨਿਜਾਤ ਮਿਲੇਗੀ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੈਬਨਿਟ ਮੰਤਰੀ ਰਵਜੋਤ ਸਿੰਘ ਦਾ ਇਸ ਪ੍ਰਾਜੈਕਟ ਲਈ ਧੰਨਵਾਦ ਕੀਤਾ। ਉਨ੍ਹਾਂ ਮੁੱਦਕੀ ਵਾਸੀਆਂ ਨੂੰ ਆਪਸੀ ਭਾਈਚਾਰਕ ਸਾਂਝ ਬਣਾਈ ਰੱਖਣ ਅਤੇ ਸ਼ਹਿਰ ਦੇ ਵਿਕਾਸ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ, ਐੱਸਐੱਸਪੀ ਭੁਪਿੰਦਰ ਸਿੰਘ ਸਿੱਧੂ, ਐੱਸਡੀਐੱਮ ਗੁਰਮੀਤ ਸਿੰਘ, ਐਕਸੀਅਨ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਸੁਪਿੰਦਰ ਸਿੰਘ, ਪ੍ਰਧਾਨ ਨਗਰ ਪੰਚਾਇਤ ਮੁੱਦਕੀ ਗੁਰਜੀਤ ਕੌਰ ਤੇ ਹੋਰ ਹਾਜ਼ਰ ਸਨ।
ਮੰਤਰੀ ਕੋਲ ਪ੍ਰਦੂਸ਼ਿਤ ਪਾਣੀ ਦਾ ਮੁੱਦਾ ਉਭਾਰਿਆ
ਤਲਵੰਡੀ ਭਾਈ (ਨਿੱਜੀ ਪੱਤਰ ਪ੍ਰੇਰਕ): ਇਸ ਮੌਕੇ ’ਤੇ 'ਪੰਜਾਬੀ ਟ੍ਰਿਬਿਊਨ' ਵੱਲੋਂ ਸ਼ਹਿਰ ’ਚ ਜਲ ਸਪਲਾਈ ਦੀ ਮੌਜੂਦਾ ਚਿੰਤਾਜਨਕ ਹਾਲਤ ਦਾ ਮਾਮਲਾ ਮੰਤਰੀ ਸਾਹਮਣੇ ਉਭਾਰਿਆ ਗਿਆ ਤੇ ਪ੍ਰਦੂਸ਼ਿਤ ਪਾਣੀ ਬਾਰੇ ਚਾਨਣਾ ਪਾਇਆ ਗਿਆ। ਉਪਰੰਤ ਮੰਤਰੀ ਵੱਲੋਂ ਨੋਟਿਸ ਲੈਣ 'ਤੇ ਸਥਾਨਕ ਪ੍ਰਸ਼ਾਸਨ ਕੋਈ ਤਸੱਲੀਬਖ਼ਸ਼ ਜਵਾਬ ਨਾ ਦੇ ਸਕਿਆ। ਆਖਿਰ ਕਾਰਜ ਸਾਧਕ ਅਫ਼ਸਰ ਅਸ਼ੀਸ਼ ਕੁਮਾਰ ਨੇ ਕਿਹਾ ਕਿ ਉਹ ਮਾਮਲੇ ਦੀ ਪੜਤਾਲ ਕਰਕੇ ਸਹੀ ਸਥਿਤੀ ਬਹਾਲ ਕਰਵਾ ਦੇਣਗੇ।