ਜਾਨੋਂ ਮਾਰਨ ਦੀ ਧਮਕੀ ਦੇਣ ਦੇ ਮਾਮਲੇ ’ਚ ਚਾਰ ਮੁਲਜ਼ਮ ਗ੍ਰਿਫ਼ਤਾਰ
ਥਾਣਾ ਕਾਲਾਂਵਾਲੀ ਦੀ ਸਿੰਘਪੁਰਾ ਪੁਲੀਸ ਚੌਕੀ ਨੇ ਚਾਰ ਮੁਲਜ਼ਮਾਂ ਕੁਲਦੀਪ ਸਿੰਘ, ਹਰਬੰਤ ਸਿੰਘ, ਕੁਲਬੀਰ ਸਿੰਘ ਅਤੇ ਸੰਦੀਪ ਸਿੰਘ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਹਰਬੰਤ ਸਿੰਘ ਦੇ ਕਬਜ਼ੇ ਵਿੱਚੋਂ ਇੱਕ ਲਾਇਸੈਂਸੀ ਰਿਵਾਲਵਰ 32 ਬੋਰ ਅਤੇ 11 ਜਿੰਦਾ ਕਾਰਤੂਸ, ਇੱਕ ਡਬਲ ਬੈਰਲ 12 ਬੋਰ ਅਤੇ 16 ਜਿੰਦਾ ਕਾਰਤੂਸ ਅਤੇ ਅਪਰਾਧ ਵਿੱਚ ਵਰਤੀ ਗਈ ਇੱਕ ਸਵਿਫਟ ਕਾਰ ਬਰਾਮਦ ਕੀਤੀ ਗਈ ਹੈ ਅਤੇ ਮੁਲਜ਼ਮ ਕੁਲਬੀਰ ਸਿੰਘ ਤੋਂ ਇੱਕ ਫਾਰਚੂਨਰ ਕਾਰ ਬਰਾਮਦ ਕੀਤੀ ਗਈ ਹੈ। ਸਿੰਘਪੁਰਾ ਪੁਲੀਸ ਚੌਕੀ ਦੇ ਇੰਚਾਰਜ ਚੰਦਨ ਸਿੰਘ ਨੇ ਦੱਸਿਆ ਕਿ ਬੀਤੀ 13 ਸਤੰਬਰ ਨੂੰ ਸ਼ਿਕਾਇਤਕਰਤਾ ਦਿਲਪ੍ਰੀਤ ਸਿੰਘ ਵਾਸੀ ਧਰਮਪੁਰਾ ਦੇ ਬਿਆਨ ’ਤੇ ਮੁਲਜ਼ਮਾਂ ਖਿਲਾਫ਼ ਕੇਸ ਦਰਜ ਕੀਤਾ ਸੀ। ਪੀੜਤ ਨੇ ਆਪਣੀ ਸ਼ਿਕਾਇਤ ’ਚ ਦੱਸਿਆ ਸੀ ਜਦੋਂ ਉਹ ਆਪਣੇ ਪਿਤਾ ਅਤੇ ਭਰਾ ਨਾਲ ਆਪਣੇ ਘਰ ਦੇ ਬਾਹਰ ਖੜ੍ਹਾ ਸੀ ਤਾਂ ਮੁਲਜ਼ਮ ਨੇ ਉਸ ਨੂੰ ਬੰਦੂਕ ਦਿਖਾ ਕੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਅਤੇ ਗਾਲ੍ਹਾਂ ਕੱਢੀਆਂ। ਇਸ ’ਤੇ ਪੁਲੀਸ ਮੁਲਜ਼ਮਾਂ ਖ਼ਿਲਾਫ਼ ਜਾਨੋਂ ਮਾਰਨ ਦੀ ਧਮਕੀ ਦੇਣ ਅਤੇ ਅਸਲਾ ਐਕਟ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ। ਜਾਂਚ ਦੌਰਾਨ ਪੁਲੀਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਅਪਰਾਧ ਵਿੱਚ ਵਰਤੇ ਗਏ ਹਥਿਆਰਾਂ ਅਤੇ ਵਾਹਨਾਂ ਨੂੰ ਪੁਲੀਸ ਹਿਰਾਸਤ ਵਿੱਚ ਲੈ ਲਿਆ। ਗ੍ਰਿਫ਼ਤਾਰ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ’ਤੇ ਲਿਆ ਜਾਵੇਗਾ ਅਤੇ ਉਸ ਤੋਂ ਡੂੰਘਾਈ ਨਾਲ ਪੁੱਛ-ਪੜਤਾਲ ਕੀਤੀ ਜਾਵੇਗੀ।