ਪੱਤਰ ਪ੍ਰੇਰਕ
ਫਤਹਿਗੜ੍ਹ ਪੰਜਤੂਰ, 23 ਜਨਵਰੀ
ਕਿਸੇ ਵੇਲੇ ਪੰਥਕ ਹਲਕੇ ਵਜੋਂ ਜਾਣਿਆ ਜਾਂਦਾ ਧਰਮਕੋਟ ਵਿਧਾਨ ਸਭਾ ਹਲਕਾ ਫਿਰ ਤੋਂ ਚਰਚਾ ਵਿੱਚ ਆ ਗਿਆ। ਇਸ ਵਾਰ ਵਿਧਾਨ ਸਭਾ ਚੋਣਾਂ ਲਈ ਹਲਕੇ ਤੋਂ ਤਿੰਨ ਅਕਾਲੀ ਪਿਛੋਕੜ ਵਾਲੇ ਉਮੀਦਵਾਰਾਂ ਵਿਚਾਲੇ ਫਸਵੀਂ ਟੱਕਰ ਬਣਦੀ ਜਾ ਰਹੀ ਹੈ। ਅਕਾਲੀ ਦਲ ਵੱਲੋਂ ਇੱਥੇ ਤੀਸਰੀ ਵਾਰ ਸੀਨੀਅਰ ਆਗੂ ਜਥੇਦਾਰ ਤੋਤਾ ਸਿੰਘ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਸਾਲ 2012 ਤੋਂ 2017 ਤਕ ਜਥੇਦਾਰ ਤੋਤਾ ਸਿੰਘ ਇੱਥੋਂ ਵਿਧਾਇਕ ਅਤੇ ਪੰਜਾਬ ਸਰਕਾਰ ਦੇ ਮੰਤਰੀ ਰਹਿ ਚੁੱਕੇ ਹਨ। ਹਲਕੇ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸੱਤਾਧਾਰੀ ਕਾਂਗਰਸ ਪਾਰਟੀ ਦੇ ਮੌਜੂਦਾ ਵਿਧਾਇਕ ਕਾਕਾ ਸੁਖਜੀਤ ਸਿੰਘ ਲੋਹਗੜ੍ਹ ਵੀ ਕਾਂਗਰਸ ਪਾਰਟੀ ਵੱਲੋਂ ਤੀਸਰੀ ਵਾਰ ਚੋਣ ਲੜ ਰਹੇ ਹਨ। ਵਿਧਾਇਕ ਲੋਹਗੜ੍ਹ ਦਾ ਪਿਛੋਕੜ ਵੀ ਅਕਾਲੀ ਦਲ ਨਾਲ ਸਬੰਧਤ ਰਿਹਾ ਹੈ। ਇਸੇ ਤਰ੍ਹਾਂ ਹੀ ‘ਆਪ’ ਦੇ ਨੌਜਵਾਨ ਉਮੀਦਵਾਰ ਦਵਿੰਦਰਜੀਤ ਸਿੰਘ ਲਾਡੀ ਢੋਸ ਮਰਹੂਮ ਸਾਬਕਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਕੁਲਦੀਪ ਸਿੰਘ ਢੋਸ ਦੇ ਸਪੁੱਤਰ ਹਨ, ਜਿਨ੍ਹਾਂ ਦਾ ਕਿਸੇ ਵੇਲੇ ਬਾਦਲ ਪਰਿਵਾਰ ਨਾਲ ਗੂੜ੍ਹਾ ਰਿਸ਼ਤਾ ਰਿਹਾ ਹੈ। ਇਸੇ ਤਰ੍ਹਾਂ ਸੰਯੁਕਤ ਸਮਾਜ ਮੋਰਚਾ ਵੱਲੋਂ ਹਰਪ੍ਰੀਤ ਸਿੰਘ ਹੀਰੋ ਨੂੰ ਮੈਦਾਨ ਵਿੱਚ ਉਤਾਰੇ ਜਾਣ ਤੋਂ ਬਾਅਦ ਹਲਕੇ ਦੇ ਕੁਝ ਸਮੀਕਰਨ ਬਦਲਦੇ ਦਿਖਾਈ ਦੇ ਰਹੇ ਹਨ।
ਭੁੱਚੋ ਮੰਡੀ ਤੋਂ ਪੰਜ ਉਮੀਦਵਾਰ ਮੈਦਾਨ ’ਚ ਉਤਰੇ
ਭੁੱਚੋ ਮੰਡੀ (ਪੱਤਰ ਪ੍ਰੇਰਕ): ਹਲਕਾ ਭੁੱਚੋ ਮੰਡੀ ਤੋਂ ਪੰਜ ਪਾਰਟੀਆਂ ਦੇ ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਕਾਂਗਰਸ ਨੇ ਪ੍ਰੀਤਮ ਸਿੰਘ ਕੋਟਭਾਈ ਅਤੇ ਆਮ ਆਦਮੀ ਪਾਰਟੀ ਨੇ ਮਾਸਟਰ ਜਗਸੀਰ ਸਿੰਘ ਚੱਕ ਫ਼ਤਿਹ ਸਿੰਘ ਵਾਲਾ ਨੂੰ ਮੁੜ ਚੋਣ ਮੈਦਾਨ ਵਿੱਚ ਉਤਾਰਿਆ ਹੈ। ਭਾਜਪਾ ਵੱਲੋਂ ਇੰਜਨੀਅਰ ਰੁਪਿੰਦਰਜੀਤ ਸਿੰਘ ਸਿੱਧੂ ਨੂੰ ਟਿਕਟ ਦਿੱਤੀ ਗਈ ਹੈ। ਇਸ ਵਾਰ ਭੁੱਚੋ ਹਲਕੇ ਤੋਂ ਭਾਜਪਾ ਪਹਿਲੀ ਵਾਰ ਚੋਣ ਲੜ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਵੱਲੋਂ ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਚੋਣ ਲੜ ਰਹੇ ਹਨ। ਉਨ੍ਹਾਂ ਤੋਂ ਇਲਾਵਾ ਸੰਯੁਕਤ ਸਮਾਜ ਮੋਰਚੇ ਨੇ ਬਾਬਾ ਚਮਕੌਰ ਸਿੰਘ ਵਾਸੀ ਭਾਈਰੂਪਾ ਨੂੰ ਟਿਕਟ ਦਿੱਤੀ ਹੈ।