ਫਿਰੋਜ਼ਪੁਰ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਟਿੰਡੀ ਵਾਲਾ ਵਿੱਚ ਅੱਜ ਸਿਵਲ ਪ੍ਰਸ਼ਾਸਨ ਅਤੇ ਪੁਲੀਸ ਨੇ ਸਾਂਝੀ ਕਾਰਵਾਈ ਤਹਿਤ ਨਸ਼ਾ ਤਸਕਰੀ ਦੀ ਕਮਾਈ ਨਾਲ ਬਣਾਏ ਨਾਜਾਇਜ਼ ਮਕਾਨ ਨੂੰ ਢਾਹ ਦਿੱਤਾ। ਇਹ ਕਾਰਵਾਈ 7 ਕਿਲੋ ਹੈਰੋਇਨ ਦੀ ਬਰਾਮਦਗੀ ਦੇ ਮਾਮਲੇ ਵਿੱਚ ਲੰਮੇ ਸਮੇਂ ਤੋਂ ਭਗੌੜਾ ਚੱਲ ਰਹੇ ਨਸ਼ਾ ਤਸਕਰ ਦੇ ਮਕਾਨ ’ਤੇ ਕੀਤੀ ਗਈ। ਡੀ ਐੱਸ ਪੀ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਭਾਰੀ ਪੁਲੀਸ ਫੋਰਸ ਪਿੰਡ ਟਿੰਡੀ ਵਾਲਾ ਪਹੁੰਚੀ। ਇਸ ਮੌਕੇ ਸਿਵਲ ਪ੍ਰਸ਼ਾਸਨ ਵੱਲੋਂ ਐਗਜ਼ੀਕਿਊਟਿਵ ਮੈਜਿਸਟਰੇਟ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਪ੍ਰਸ਼ਾਸਨਿਕ ਅਧਿਕਾਰੀਆਂ ਦੀ ਨਿਗਰਾਨੀ ਹੇਠ ਜੇ ਸੀ ਬੀ ਦੀ ਮਦਦ ਨਾਲ ਮਕਾਨ ਢਾਹੁਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ। ਕਾਰਵਾਈ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਪਿੰਡ ਨੂੰ ਚਾਰੇ ਪਾਸਿਓਂ ਘੇਰ ਲਿਆ ਗਿਆ ਸੀ।
ਮਾਲ ਵਿਭਾਗ ਦੇ ਰਿਕਾਰਡ ਦੀ ਪੜਤਾਲ ਤੋਂ ਬਾਅਦ ਨਸ਼ਾ ਤਸਕਰ ਦੀ ਇਸ ਉਸਾਰੀ ਨੂੰ ਗ਼ੈਰ-ਕਾਨੂੰਨੀ ਪਾਇਆ ਗਿਆ ਸੀ। ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਦੱਸਿਆ ਕਿ ਕਾਰਵਾਈ ਸ਼ੁਰੂ ਕਰਨ ਤੋਂ ਪਹਿਲਾਂ ਮਕਾਨ ਅੰਦਰ ਪਿਆ ਸਾਰਾ ਸਾਮਾਨ ਸੁਰੱਖਿਅਤ ਕੱਢ ਕੇ ਰੱਖ ਦਿੱਤਾ ਗਿਆ। ਇਸ ਤੋਂ ਬਾਅਦ ਮੈਜਿਸਟਰੇਟ ਦੇ ਹੁਕਮਾਂ ’ਤੇ ਬੁਲਡੋਜ਼ਰ ਰਾਹੀਂ ਨਾਜਾਇਜ਼ ਉਸਾਰੀ ਨੂੰ ਜ਼ਮੀਨਦੋਜ਼ ਕਰ ਦਿੱਤਾ ਗਿਆ।
ਪੁਲੀਸ ਅਧਿਕਾਰੀਆਂ ਨੇ ਕਿਹਾ ਕਿ ਨਸ਼ਾ ਵੇਚ ਕੇ ਨੌਜਵਾਨਾਂ ਦੀਆਂ ਜ਼ਿੰਦਗੀਆਂ ਨਾਲ ਖੇਡਣ ਵਾਲੇ ਕਿਸੇ ਵੀ ਮਾੜੇ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਕਈ ਨਸ਼ਾ ਤਸਕਰਾਂ ਦੀਆਂ ਅਜਿਹੀਆਂ ਜਾਇਦਾਦਾਂ ਦੀ ਨਿਸ਼ਾਨਦੇਹੀ ਕੀਤੀ ਜਾ ਰਹੀ ਹੈ, ਜਿਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

