ਹਰਮੇਸ਼ਪਾਲ ਨੀਲੇਵਾਲਾ
ਜ਼ੀਰਾ, 20 ਅਗਸਤ
ਜ਼ੀਰਾ ਦੇ ਪਿੰਡ ਮਨਸੂਰਵਾਲ ਕਲਾਂ ਵਿੱਚ ਸਥਿਤ ਮਾਲਬਰੋਜ਼ ਸ਼ਰਾਬ ਫੈਕਟਰੀ ਨੂੰ ਬੰਦ ਕਰਵਾਉਣ ਲਈ ਵੱਖ- ਵੱਖ ਜਥੇਬੰਦੀਆਂ ਵੱਲੋਂ ਜ਼ੀਰਾ ਬੰਦ ਦੇ ਦਿੱਤੇ ਗਏ ਸੱਦੇ ਨੂੰ ਭਰਵਾਂ ਹੁੰਗਾਰਾ ਮਿਲਿਆ। ਇਸ ਸੱਦੇ ਤਹਿਤ ਅੱਜ ਜ਼ੀਰਾ ਦੇ ਸਾਰੇ ਬਾਜ਼ਾਰ ਪੂਰੀ ਤਰ੍ਹਾਂ ਬੰਦ ਰਹੇ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਦੋਸ਼ ਲਗਾਇਆ ਕਿ ਜ਼ੀਰਾ ਦੇ ਪਿੰਡ ਮਨਸੂਰਵਾਲ ਕਲਾਂ ਵਿੱਚ ਲੱਗੀ ਮਾਲਬਰੋਜ਼ ਸ਼ਰਾਬ ਫੈਕਟਰੀ ਦੇ ਮਾਲਕਾਂ ਵੱਲੋਂ ਗੰਦਾ ਪਾਣੀ ਧਰਤੀ ਹੇਠਲੇ ਪਾਣੀ ਵਿੱਚ ਮਿਲਾਇਆ ਜਾ ਰਿਹਾ ਹੈ, ਜਿਸ ਕਾਰਨ ਆਸ-ਪਾਸ ਦੇ ਪਿੰਡਾਂ ਦਾ ਪਾਣੀ ਜ਼ਹਿਰੀਲਾ ਹੁੰਦਾ ਜਾ ਰਿਹਾ ਹੈ। ਇਸ ਸ਼ਰਾਬ ਫੈਕਟਰੀ ਨੂੰ ਬੰਦ ਕਰਵਾਉਣ ਲਈ ਜਿੱਥੇ ਕਰੀਬ ਇੱਕ ਮਹੀਨੇ ਤੋਂ ਸ਼ਰਾਬ ਫੈਕਟਰੀ ਦੇ ਗੇਟ ਅੱਗੇ ਵੱਖ-ਵੱਖ ਕਿਸਾਨ ਜੱਥੇਬੰਦੀਆਂ ਅਤੇ ਪਿੰਡਾਂ ਦੇ ਲੋਕਾਂ ਨੇ ਮੋਰਚਾ ਲਗਾਇਆ ਹੋਇਆ ਹੈ, ਉੱਥੇ ਹੀ ਇਸ ਫੈਕਟਰੀ ਦੇ ਵਿਰੋਧ ਵਿੱਚ ਅੱਜ ਜ਼ੀਰਾ ਬੰਦ ਦਾ ਸੱਦਾ ਦਿੱਤਾ ਗਿਆ ਸੀ, ਜਿਸ ਨੂੰ ਜ਼ੀਰਾ ਸ਼ਹਿਰ ਦੇ ਦੁਕਾਨਦਾਰਾਂ ਤੇ ਕਾਰੋਬਾਰੀਆਂ ਨੇ ਆਪੋ-ਆਪਣੇ ਕਾਰੋਬਾਰ ਬੰਦ ਰੱਖ ਕੇ ਭਰਵਾਂ ਹੁੰਗਾਰਾ ਦਿੱਤਾ ਹੈ। ਇਸ ਤੋਂ ਲੱਗਦਾ ਹੈ ਕਿ ਇਸ ਸ਼ਰਾਬ ਫੈਕਟਰੀ ਨੂੰ ਬੰਦ ਕਰਵਾਉਣ ਲਈ ਇਲਾਕੇ ਦੇ ਲੋਕ ਇਕਜੁੱਟ ਹੋ ਗਏ ਹਨ। ਜ਼ਿਕਰਯੋਗ ਹੈ ਕਿ ਬੀਤੇ ਦਿਨ ਕੌਮੀ ਗਰੀਨ ਟ੍ਰਿਬਿਊਨਲ ਦੀ ਇਕ ਟੀਮ ਵੀ ਸ਼ਰਾਬ ਫੈਕਟਰੀ ਵਿੱਚ ਪਹੁੰਚੀ ਸੀ, ਜਿਸ ਵੱਲੋਂ ਸ਼ਰਾਬ ਫੈਕਟਰੀ ਦੇ ਬੋਰਵੈੱਲ ਦੇ ਪਾਣੀ ਅਤੇ ਮਿੱਟੀ ਦੇ ਸੈਂਪਲ ਲਏ ਗਏ ਸਨ।
ਇਸ ਤੋਂ ਪਹਿਲਾਂ ਪਿੰਡ ਮਹੀਆਂ ਵਾਲਾ ਕਲਾਂ ਦੇ ਗੁਰਦੁਆਰੇ ਦੇ ਲੰਗਰ ਹਾਲ ਵਿੱਚ ਬੋਰ ਕੀਤਾ ਗਿਆ ਸੀ। ਪਿੰਡ ਵਾਸੀਆਂ ਨੇ ਦੋਸ਼ ਲਗਾਇਆ ਸੀ ਕਿ ਇਸ ਬੋਰ ਵਿੱਚੋਂ ਸ਼ਰਾਬ ਫੈਕਟਰੀ ਦਾ ਲਾਹਣ ਨਿਕਲਣ ਦੇ ਦੋਸ਼ ਲਗਾਏ ਸਨ। ਇਸ ਕਰ ਕੇ ਬੀਤੇ ਦਿਨ ਆਈ ਕੌਮੀ ਗਰੀਨ ਟ੍ਰਿਬਿਊਨ ਦੀ ਟੀਮ ਵੱਲੋਂ ਇਸ ਬੋਰ ਦੇ ਪਾਣੀ ਦੇ ਸੈਂਪਲ ਵੀ ਲਏ ਗਏ ਸਨ।