ਹਰਿਆਣਾ ਵਿੱਚ ਗੈਂਗਸਟਰਾਂ ਦਾ ਰਾਜ: ਅਭੈ ਸਿੰਘ ਚੌਟਾਲਾ
ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਦੇ ਰਾਸ਼ਟਰੀ ਪ੍ਰਧਾਨ ਅਭੈ ਸਿੰਘ ਚੌਟਾਲਾ ਨੇ ਕਿਹਾ ਕਿ ਅੱਜ ਹਰਿਆਣਾ ਵਿੱਚ ਹਾਲਾਤ ਬਹੁਤ ਮਾੜੇ ਹੋ ਗਏ ਹਨ। ਸੂਬੇ ਵਿੱਚ ਗੈਂਗਸਟਰਾਂ ਦਾ ਰਾਜ ਹੈ ਜੋ ਫਿਰੌਤੀ ਨਾ ਦੇਣ ’ਤੇ ਲੋਕਾਂ ਨੂੰ ਖੁੱਲ੍ਹੇਆਮ ਗੋਲੀ ਮਾਰ ਦਿੰਦੇ ਹਨ। ਪੂਰੇ ਸੂਬੇੇੇੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਜਿਸ ਕਾਰਨ ਆਮ ਲੋਕ ਡਰੇ ਹੋਏ ਹਨ। ਉਹ ਡੱਬਵਾਲੀ ਰੋਡ ’ਤੇ ਸਥਿਤ ਇਕ ਪੈਲੇਸ ’ਚ ਪਾਰਟੀ ਵਰਕਰਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨੇ ਸਾਰੇ ਪਾਰਟੀ ਵਰਕਰਾਂ ਨੂੰ 25 ਸਤੰਬਰ ਨੂੰ ਰੋਹਤਕ ਵਿੱਚ ਹੋਣ ਵਾਲੀ ਤਾਊ ਦੇਵੀ ਜਯੰਤੀ ਪ੍ਰੋਗਰਾਮ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ।
ਅਭੈ ਸਿੰਘ ਚੌਟਾਲਾ ਨੇ ਕਿਹਾ ਕਿ ਹਰਿਆਣਾ ਵਿੱਚ ਭਾਜਪਾ ਸਰਕਾਰ ਹਰ ਮੋਰਚੇ ’ਤੇ ਫੇਲ੍ਹ ਸਾਬਤ ਹੋਈ ਹੈ। ਇਨੈਲੋ ਆਗੂ ਨੇ ਕਿਹਾ ਕਿ ਸਾਲ 2019 ਵਿੱਚ ਹੀ ਸੂਬੇ ਦੇ ਲੋਕਾਂ ਨੇ ਭਾਜਪਾ ਨੂੰ ਬਾਹਰ ਦਾ ਰਸਤਾ ਦਿਖਾ ਦਿੱਤਾ ਸੀ, ਪਰ ਜਿਨ੍ਹਾਂ ਲੋਕਾਂ ਨੇ ਸੂਬੇ ਦੇ ਲੋਕਾਂ ਸਾਹਮਣੇ ਚੌਧਰੀ ਦੇਵੀ ਲਾਲ ਦੀਆਂ ਨੀਤੀਆਂ ’ਤੇ ਚੱਲਣ ਦਾ ਵਾਅਦਾ ਕੀਤਾ ਸੀ, ਉਨ੍ਹਾਂ ਨੇ ਹਰਿਆਣਾ ਦੇ ਲੋਕਾਂ ਨਾਲ ਧੋਖਾ ਕੀਤਾ ਅਤੇ ਭਾਜਪਾ ਦੀ ਗੋਦ ਵਿੱਚ ਬੈਠ ਗਏ। ਅਭੈ ਸਿੰਘ ਚੌਟਾਲਾ ਨੇ ਕਿਹਾ ਕਿ ਸਾਲ 2029 ਵਿੱਚ ਇਨੈਲੋ ਸੱਤਾ ਵਿੱਚ ਆਵੇਗੀ ਅਤੇ ਵਿਕਾਸ ਦੀ ਇੱਕ ਨਵੀਂ ਦਿਸ਼ਾ ਤੈਅ ਕੀਤੀ ਜਾਵੇਗੀ।