ਮੁਲਾਜ਼ਮਾਂ ਦੀ ਹੜਤਾਲ ਕਾਰਨ ਕੂੜੇ ਦੇ ਢੇਰ ਲੱਗੇ
ਨਗਰ ਕੌਂਸਲ ਦੇ ਸਫ਼ਾਈ ਮੁਲਾਜ਼ਮਾਂ ਦੀ ਅਣਮਿੱਥੇ ਸਮੇਂ ਦੀ ਹੜਤਾਲ ਕਾਰਨ ਸ਼ਹਿਰ ਦੀ ਸਫ਼ਾਈ ਵਿਵਸਥਾ ਪੂਰੀ ਤਰ੍ਹਾਂ ਠੱਪ ਹੋ ਗਈ ਹੈ। ਪਿਛਲੇ ਤਿੰਨ-ਚਾਰ ਦਿਨਾਂ ਤੋਂ ਕੂੜਾ ਨਾ ਚੁੱਕਣ ਕਾਰਨ ਮੁੱਖ ਚੌਕਾਂ ’ਤੇ ਕੂੜੇ ਦੇ ਵੱਡੇ ਢੇਰ ਲੱਗ ਗਏ ਹਨ ਅਤੇ...
ਨਗਰ ਕੌਂਸਲ ਦੇ ਸਫ਼ਾਈ ਮੁਲਾਜ਼ਮਾਂ ਦੀ ਅਣਮਿੱਥੇ ਸਮੇਂ ਦੀ ਹੜਤਾਲ ਕਾਰਨ ਸ਼ਹਿਰ ਦੀ ਸਫ਼ਾਈ ਵਿਵਸਥਾ ਪੂਰੀ ਤਰ੍ਹਾਂ ਠੱਪ ਹੋ ਗਈ ਹੈ। ਪਿਛਲੇ ਤਿੰਨ-ਚਾਰ ਦਿਨਾਂ ਤੋਂ ਕੂੜਾ ਨਾ ਚੁੱਕਣ ਕਾਰਨ ਮੁੱਖ ਚੌਕਾਂ ’ਤੇ ਕੂੜੇ ਦੇ ਵੱਡੇ ਢੇਰ ਲੱਗ ਗਏ ਹਨ ਅਤੇ ਲੋਕਾਂ ਨੂੰ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅੱਜ ਮੁਲਾਜ਼ਮਾਂ ਨੇ ਦੇਵੀ ਲਾਲ ਚੌਕ ਵਿੱਚ ਇਕੱਠੇ ਹੋ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦੇ ਹੋਏ ਪ੍ਰਦਰਸ਼ਨ ਕੀਤਾ। ਇਸ ਦੌਰਾਨ ਉਨ੍ਹਾਂ ਮੰਗਾਂ ਨਾ ਮੰਨਣ ’ਤੇ ਸਰਕਾਰ ਪ੍ਰਤੀ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਅਤੇ ਮੰਗਾਂ ਮੰਨਣ ਦੀ ਅਪੀਲ ਕੀਤੀ। ਮੁਲਾਜ਼ਮਾਂ ਨੇ ਕਿਹਾ ਕਿ ਉਹ ਆਪਣੇ ਹੱਕਾਂ ਲਈ ਲਗਾਤਾਰ ਲੜ ਰਹੇ ਹਨ। ਉਨ੍ਹਾਂ ਨੇ 27 ਅਤੇ 28 ਅਪਰੈਲ ਨੂੰ ਭੁੱਖ ਹੜਤਾਲ ਕੀਤੀ ਅਤੇ 1 ਅਤੇ 2 ਮਈ ਨੂੰ ਕੌਮੀ ਹੜਤਾਲ ਵਿੱਚ ਵੀ ਹਿੱਸਾ ਲਿਆ ਪਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ’ਤੇ ਕੋਈ ਠੋਸ ਕਾਰਵਾਈ ਨਹੀਂ ਕੀਤੀ। ਮੁਲਾਜ਼ਮਾਂ ਨੇ ਕਿਹਾ ਕਿ ਸਾਰੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ, ਅਤੇ ਮਾਣ ਭੱਤੇ ਵਿੱਚ ਵਾਧਾ ਕੀਤਾ ਜਾਵੇ। ਮੁਲਾਜ਼ਮਾਂ ਨੇ ਚਿਤਾਵਨੀ ਦਿੱਤੀ ਕਿ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਹੋਣ ਤੱਕ ਹੜਤਾਲ ਜਾਰੀ ਰਹੇਗੀ।
ਕਾਲਾਂਵਾਲੀ (ਭੁਪਿੰਦਰ ਪੰਨੀਵਾਲੀਆ): ਇੱਥੇ ਨਗਰ ਕੌਂਸਲ ਦੇ ਸਫਾਈ ਮੁਲਾਜ਼ਮਾਂ ਹੜਤਾਲ ਕਾਰਨ ਸ਼ਹਿਰ ਵਿੱਚ ਕੂੜੇ ਦੇ ਢੇਰ ਲੱਗ ਗਏ ਹਨ। ਸ਼ਹਿਰ ਵਾਸੀਆਂ ਨੇ ਨਗਰ ਕੌਂਸਲ ਪ੍ਰਸ਼ਾਸਨ ਪ੍ਰਤੀ ਆਪਣੀ ਨਾਰਾਜ਼ਗੀ ਪ੍ਰਗਟ ਕਰਦਿਆਂ ਕਿਹਾ ਕਿ ਜੇਕਰ ਸਫਾਈ ਕਰਮਚਾਰੀਆਂ ਦੀ ਹੜਤਾਲ ਦਾ ਸਮੇਂ ਸਿਰ ਹੱਲ ਨਾ ਕੀਤਾ ਗਿਆ ਤਾਂ ਜਨਤਾ ਨੂੰ ਹੋਰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ।

