ਕੱਚੇ ਬੱਸ ਕਾਮਿਆਂ ਵੱਲੋਂ ਹੱਕੀ ਮੰਗਾਂ ਲਈ ਗੇਟ ਰੈਲੀਆਂ
ਜ਼ਸ਼ਗਨ ਕਟਾਰੀਆ
ਬਠਿੰਡਾ, 24 ਜੂਨ
ਪੰਜਾਬ ਰੋਡਵੇਜ਼/ਪਨਬੱਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਨੇ ਆਪਣੀਆਂ ਮੰਗਾਂ ਸਬੰਧੀ ਅੱਜ ਇੱਥੇ ਪੀਆਰਟੀਸੀ ਡਿੱਪੂ ਅੱਗੇ ਗੇਟ ਰੈਲੀ ਕੀਤੀ। ਬਠਿੰਡਾ ਡਿੱਪੂ ਦੇ ਪ੍ਰਧਾਨ ਰਵਿੰਦਰ ਬਰਾੜ ਨੇ ਸਰਕਾਰ ’ਤੇ ਬੱਸ ਕਾਮਿਆਂ ਦੀਆਂ ਮੰਗਾਂ ਨੂੰ ਨਜ਼ਰਅੰਦਾਜ਼ ਕਰਨ ਦਾ ਦੋਸ਼ ਲਾਇਆ। ਉਨ੍ਹਾਂ ਆਖਿਆ ਕਿ ਜੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਉਹ ਆਗਾਮੀ 9, 10 ਤੇ 11 ਜੁਲਾਈ ਨੂੰ ਚੱਕਾ ਜਾਮ ਕ ਰਕੇ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਪੱਕਾ ਧਰਨਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਟਰਾਂਸਪੋਰਟ ਮੰਤਰੀ ਵੱਲੋਂ 9 ਫਰਵਰੀ ਨੂੰ 2024 ਨੂੰ ਕਮੇਟੀ ਗਠਿਤ ਕਰਕੇ ਮੰਗਾਂ ਦੇ ਹੱਲ ਦਾ ਭਰੋਸਾ ਦਿੱਤਾ ਗਿਆ ਸੀ ਜੋ ਪੂਰਾ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਵੀ ਆਊਟਸੋਰਸ ਵਾਲੇ ਮੁਲਾਜ਼ਮਾਂ ਦੀ ਭਰਤੀ ਬੰਦ ਕਰਕੇ ਸਿੱਧਾ ਠੇਕੇ ’ਤੇ ਭਰਤੀ ਦੀ ਗੱਲ ਕਰ ਚੁੱਕੇ ਹਨ ਪਰ ਉਨ੍ਹਾਂ ਦੀ ਸੁਣਵਾਈ ਨਹੀਂ ਹੋ ਰਹੀ। ਉਨ੍ਹਾਂ ਆਖਿਆ ਕਿ ਯੂਨੀਅਨ ਵੱਲੋਂ ਹਰ ਮੀਟਿੰਗ ਵਿੱਚ ਸਰਕਾਰ ਨੂੰ ਦੱਸਿਆ ਜਾਂਦਾ ਹੈ ਕਿ ਕਿਵੇਂ ਠੇਕੇਦਾਰੀ ਸਿਸਟਮ ਤਹਿਤ ਮੁਲਾਜ਼ਮਾਂ ਦਾ ਸ਼ੋਸ਼ਣ ਕੀਤਾ ਜਾਂਦਾ ਹੈ? ਪ੍ਰੰਤੂ ਹਰ ਵਾਰ ਲਾਰੇ ਲਾ ਕੇ ਸਮਾਂ ਲੰਘਾਇਆ ਜਾ ਰਿਹਾ ਹੈ।
ਸੂਬਾ ਸੀਨੀਅਰ ਮੀਤ ਪ੍ਰਧਾਨ ਕੁਲਵੰਤ ਮਨੇਸ ਨੇ ਕਿਹਾ ਕਿ ਟਰਾਂਸਪੋਰਟ ਵਿਭਾਗ ਵਿੱਚ ਗੈਰ-ਕਾਨੂੰਨੀ ਤਰੀਕੇ ਨਾਲ ਆਊਟਸੋਰਸ (ਠੇਕੇਦਾਰੀ ਸਿਸਟਮ) ਤਹਿਤ ਭਰਤੀ ਕਰਨ ਵਿੱਚ ਹੁੰਦੀ ਕੁਰੱਪਸ਼ਨ ਬਾਰੇ ਸ਼ਿਕਾਇਤ ਪ੍ਰਮੁੱਖ ਸਕੱਤਰ ਪੰਜਾਬ ਨੂੰ 19 ਦਸੰਬਰ 2022 ਨੂੰ ਕੀਤੀ ਸੀ ਪਰ ਸਰਕਾਰ ਭ੍ਰਿਸ਼ਟ ਅਧਿਕਾਰੀਆਂ ’ਤੇ ਕਾਰਵਾਈ ਕਰਨ ਦੀ ਬਜਾਏ ਮਾਮਲੇ ਨੂੰ ਲਮਕਾ ਰਹੀ ਹੈ। ਸਕੱਤਰ ਅੰਗਰੇਜ਼ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਪਿਛਲੇ ਤਿੰਨ ਸਾਲਾਂ ’ਚ ਕੋਈ ਵੀ ਨਵੀਂ ਬੱਸ ਫਲੀਟ ’ਚ ਸ਼ਾਮਲ ਨਹੀਂ ਕੀਤੀ ਗਈ ਅਤੇ ਪੰਜਾਬ ਦੀ ਆਬਾਦੀ ਦੇ ਮੁਤਾਬਿਕ ਬੱਸਾਂ ਦੀ ਬੜੀ ਵੱਡੀ ਘਾਟ ਹੈ। ਉਨ੍ਹਾਂ ਕਿਹਾ ਕਿ ਕਿਲੋਮੀਟਰ ਸਕੀਮ ਤਹਿਤ ਪ੍ਰਾਈਵੇਟ ਬੱਸਾਂ ਨੂੰ ਲੁੱਟ ਕਰਨ ਦੀ ਖੁੱਲ੍ਹ ਦਿੱਤੀ ਜਾਂ ਰਹੀ ਹੈ ਅਤੇ ਕਿਲੋਮੀਟਰ ਸਕੀਮ ਵਾਲੀਆਂ ਬੱਸਾਂ ਤੋਂ ਵੱਧ ਕਿਲੋਮੀਟਰ ਕਰਵਾ ਕੇ ਵਿਭਾਗੀ ਲੁੱਟ ਕਰਵਾਈ ਜਾ ਰਹੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਪ੍ਰਵਾਨ ਨਾ ਕੀਤੀਆਂ ਤਾਂ 30 ਜੂਨ ਨੂੰ ਡਾਇਰੈਕਟਰ ਸਟੇਟ ਟਰਾਂਸਪੋਰਟ ਪੰਜਾਬ ਦੇ ਮੁੱਖ ਦਫ਼ਤਰ ਅੱਗੇ ਧਰਨਾ ਦਿੱਤਾ ਜਾਵੇਗਾ।
ਗਿੱਦੜਬਾਹਾ (ਦਵਿੰਦਰ ਮੋਹਨ ਬੇਦੀ): ਇਸੇ ਦੌਰਾਨ ਕੱਚੇ ਬੱਸ ਕਾਮਿਆਂ ਵੱਲੋਂ ਸ੍ਰੀ ਮੁਕਤਸਰ ਸਾਹਿਬ ਡਿੱਪੂ ਦੇ ਗੇਟ ਅੱਗੇ ਰੈਲੀ ਕੀਤੀ ਗਈ। ਉਨ੍ਹਾਂ ਪੰਜਾਬ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਡਿੱਪੂ ਪ੍ਰਧਾਨ ਜਗਸੀਰ ਸਿੰਘ ਨੇ ਦੱਸਿਆ ਕਿ ਪੰਜਾਬ ’ਚ ‘ਆਪ’ ਦੀ ਸਰਕਾਰ ਟਰਾਂਸਪੋਰਟ ਦੇ ਕੱਚੇ ਮੁਲਾਜ਼ਮਾਂ ਦੀਆਂ ਮੰਗਾ ਨੂੰ ਤਿੰਨ ਸਾਲਾਂ ਤੋਂ ਨਜ਼ਰ ਅੰਦਾਜ਼ ਕਰਦੀ ਆ ਰਹੀ ਹੈ ਜਿਸ ਦੇ ਰੋਸ ਵਜੋਂ 30 ਜੂਨ ਨੂੰ ਸਟੇਟ ਟਰਾਂਸਪੋਰਟ ਡਾਇਰੈਕਟਰ ਦਫਤਰ ਦਾ ਘਿਰਾਓ ਕੀਤਾ ਜਾਵੇਗਾ ਤੇ ਆਧਿਕਾਰੀ ਦੀ ਪੋਲ ਖੋਲੀ ਜਾਵੇਗੀ। ਡਿੱਪੂ ਚੇਅਰਮੈਨ ਤਰਸੇਮ ਸਿੰਘ ਨੇ ਦੱਸਿਆ ਕਿ ਪੰਜਾਬ ਦੇ ਟਰਾਂਸਪੋਰਟ ਵਿਭਾਗ ’ਚ ਗੈਰਕਾਨੂੰਨੀ ਤਰੀਕੇ ਨਾਲ ਆਊਟਸੋਰਸ ਭਰਤੀ ਸਮੇਂ ਹੋਏ ਭ੍ਰਿਸ਼ਟਾਚਾਰ ਦੀ ਸ਼ਿਕਾਇਤ ਪਹਿਲਾਂ ਵੀ ਪ੍ਰਮੁੱਖ ਸਕੱਤਰ ਪੰਜਾਬ ਨੂੰ ਯੂਨੀਅਨ ਵੱਲੋਂ ਕੀਤੀ ਜਾ ਚੁੱਕੀ ਹੈ ਪਰ ਕਰਵਾਈ ਕਰਨ ਦੀ ਬਜਾਏ ਹੁਣ ਫੇਰ ਬਿਨਾਂ ਐਗਰੀਮੈਂਟ ਦੇ ਗੈਰਕਾਨੂੰਨੀ ਤਰੀਕੇ ਨਾਲ ਠੇਕੇਦਾਰੀ ਸਿਸਟਮ ਤਹਿਤ ਨਵੀਂ ਭਰਤੀ ਕੀਤੀ ਜਾ ਰਹੀ ਹੈ।