ਪਰਮਜੀਤ ਸਿੰਘ
ਫਾਜ਼ਿਲਕਾ, 16 ਸਤੰਬਰ
ਪੰਜਾਬ ਰੋਡਵੇਜ਼ ਪਨਬੱਸ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਪੰਜਾਬ ਦੇ 27 ਡਿੱਪੂਆਂ ਅੱਗੇ ਗੇਟ ਰੈਲੀਆਂ ਕੀਤੀਆਂ ਗਈਆਂ। ਫਾਜ਼ਿਲਕਾ ਵਿਚ ਕਰਮਚਾਰੀਆਂ ਵੱਲੋਂ ਗੇਟ ਰੈਲੀ ਕਰ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਰੇਸਮ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਵੱਲੋਂ ਬਦਲਾਅ ਦੇ ਰੂਪ ’ਚ ਸੱਤਾ ’ਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਪਹਿਲੀਆਂ ਸਰਕਾਰਾਂ ਦੇ ਰਾਹ ’ਤੇ ਚਲਦੀ ਨਜ਼ਰ ਆ ਰਹੀ ਹੈ। ਪੰਜਾਬ ਦੇ ਨੌਜਵਾਨਾਂ ਨੂੰ ਫਿਰ ਤੋਂ ਠੇਕੇ ਤੇ ਆਊਟਸੋਰਸਿੰਗ ਰਾਹੀਂ ਭਰਤੀ ਕਰ ਕੇ ਉਨ੍ਹਾਂ ਦਾ ਭਵਿੱਖ ਧੁੰਦਲਾ ਕਰਨ ਜਾ ਰਹੀ ਹੈ। ਟ੍ਰਾਂਸਪੋਰਟ ਵਿਭਾਗ ’ਚ ਪਿਛਲੇ ਲੰਬੇ ਸਮੇਂ ਤੋਂ ਕੰਮ ਕਰਦੇ ਕੱਚੇ ਵਰਕਰਾਂ ਨੂੰ ਪੱਕਾ ਕਰਨ ਦੀ ਬਜਾਇ ਸਰਕਾਰ ਉਨ੍ਹਾਂ ਨੂੰ ਨਿਗੂਣੀਆਂ ਤਨਖ਼ਾਹਾਂ ਵੀ ਸਮੇਂ ਸਿਰ ਨਹੀਂ ਦੇ ਰਹੀ। ਟਰਾਂਸਪੋਰਟ ਵਿਭਾਗ ਦੇ ਵਰਕਰਾਂ ਵੱਲੋਂ ਨਵੀਂ ਸਰਕਾਰ ਬਣਾਉਣ ’ਚ ਯੋਗਦਾਨ ਪਾਇਆ ਗਿਆ ਸੀ ਤਾਂ ਜੋ ਉਨ੍ਹਾਂ ਦੇ ਵਿਭਾਗਾਂ ਦਾ ਨਿੱਜੀਕਰਨ ਰੁਕੇ ਤੇ ਮੁਲਾਜ਼ਮਾਂ ਪੱਕੇ ਹੋਣ ਨਾਲ ਨੌਜਵਾਨਾਂ ਨੂੰ ਪੱਕਾ ਰੁਜ਼ਗਾਰ ਮਿਲੇ।
ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੋਟਾਂ ਸਮੇਂ ਵੱਡੇ ਵੱਡੇ ਦਾਅਵੇ ਕੀਤੇ ਜਾਂਦੇ ਸਨ। ਪਰ ਸੱਤਾ ਦੇ ਨਸ਼ੇ ’ਚ ਚੂਰ ਮਾਨ ਸਰਕਾਰ ਵੀ ਹੁਣ ਟਰਾਂਸਪੋਰਟ ਵਿਭਾਗ ’ਚ ਆਊਟਸੋਰਸਿੰਗ ’ਤੇ ਭਰਤੀ ਕਰ ਰਹੀ ਹੈ। ਇੰਨਾ ਹੀ ਨਹੀਂ ਕਿਲੋਮੀਟਰ ਸਕੀਮ ਤਹਿਤ ਵੱਡੇ ਕਾਰਪੋਰੇਟ ਘਰਾਣਿਆਂ ਦੀਆਂ ਬੱਸਾਂ ਪਾ ਕੇ ਵਿਭਾਗ ਦਾ ਨਿੱਜੀਕਰਨ ਕਰਨ ਲਈ ਪੱਬਾਂ ਭਾਰ ਹੈ। ਇਸ ਮੌਕੇ ਜਥੇਬੰਦੀ ਦੇ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਪੰਜਾਬ ਦੇ ਸਮੂਹ ਕੱਚੇ ਵਰਕਰ ਵੱਡੇ ਪੱਧਰ ’ਤੇ 20 ਸਤੰਬਰ ਨੂੰ ਟਰਾਂਸਪੋਰਟ ਮੰਤਰੀ ਪੰਜਾਬ ਦੇ ਹਲਕੇ ਪੱਟੀ ’ਚ ਪ੍ਰਦਰਸਨ ਕਰਨਗੇ।