ਮੋਗਾ (ਮਹਿੰਦਰ ਸਿੰਘ ਰੱਤੀਆਂ): ਪਿਛਲੇ 15 ਦਿਨ ਤੋਂ ਹੜਤਾਲ ’ਤੇ ਚੱਲ ਰਹੇ ਸਿਹਤ ਵਿਭਾਗ ਦੇ ਰੈਗੂਲਰ ਅਤੇ ਐੱਨਐੱਚਐੱਮ ਮੁਲਾਜ਼ਮਾਂ ਨੇ ਸਿਵਲ ਹਸਪਤਾਲ ਮੋਗਾ ਦੇ ਗੇਟ ਅੱਗੇ ਰੈਲੀ ਕੀਤੀ ਗਈ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਜ਼ਿਕਰਯੋਗ ਹੈ ਕਿ ਜੁਆਇੰਟ ਐਕਸ਼ਨ ਕਮੇਟੀ ਸਿਹਤ ਵਿਭਾਗ ਪੰਜਾਬ ਦੀ ਅਗਵਾਈ ਵਿੱਚ ਬੀਤੇ ਕੱਲ੍ਹ ਪੰਜਾਬ ਭਰ ਦੇ ਪੈਰਾ ਮੈਡੀਕਲ ਕਾਮਿਆਂ ਵੱਲੋਂ ਖਰੜ ਵਿੱਚ ਵਰ੍ਹਦੇ ਮੀਂਹ ਵਿੱਚ ਰੋਸ ਰੈਲੀ ਕਰਕੇ ਜੀਟੀ ਰੋਡ ਜਾਮ ਕਰ ਦਿੱਤਾ ਗਿਆ ਸੀ, ਜਿਸ ਮਗਰੋਂ ਸਰਕਾਰ ਨੂੰ 7 ਜਨਵਰੀ ਸ਼ਾਮ 3 ਵਜੇ ਜੁਆਇੰਟ ਐਕਸ਼ਨ ਕਮੇਟੀ ਨੂੰ ਮੀਟਿੰਗ ਦਾ ਸਮਾਂ ਦੇਣ ਲਈ ਮਜਬੂਰ ਹੋਣਾ ਪਿਆ ਸੀ। ਇਸ ਮਗਰੋਂ ਜਥੇਬੰਦੀ ਨੇ ਮੀਟਿੰਗ ਹੋਣ ਤੱਕ ਆਪਣੀ ਹੜਤਾਲ ਜਾਰੀ ਰੱਖਣ ਅਤੇ 6 ਤੇ 7 ਜਨਵਰੀ ਨੂੰ ਹਰ ਬਲਾਕ ਅਤੇ ਜ਼ਿਲ੍ਹਾ ਪੱਧਰ ’ਤੇ ਗੇਟ ਰੈਲੀਆਂ ਕਰਨ ਦਾ ਫੈਸਲਾ ਕੀਤਾ ਸੀ, ਜਿਸ ਤਹਿਤ ਅੱਜ ਦੀ ਗੇਟ ਰੈਲੀ ਕੀਤੀ ਗਈ। ਰੈਲੀ ਨੂੰ ਸੰਬੋਧਨ ਕਰਦਿਆਂ ਜੁਆਇੰਟ ਐਕਸ਼ਨ ਕਮੇਟੀ ਮੋਗਾ ਦੇ ਆਗੂਆਂ ਮਹਿੰਦਰ ਪਾਲ ਲੂੰਬਾ, ਪਰਮਿੰਦਰ ਸਿੰਘ, ਡਾ. ਸਿਮਰਪਾਲ ਸਿੰਘ, ਹਰਪ੍ਰੀਤ ਕੌਰ ਅਤੇ ਸੁਖਦੀਪ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਜਾਣ-ਬੁੱਝ ਕੇ ਆਪਣੇ ਮੁਲਾਜ਼ਮਾਂ ਨੂੰ ਸੰਘਰਸ਼ ਲਈ ਮਜਬੂਰ ਕਰ ਰਹੀ ਹੈ। ਉਨ੍ਹਾਂ ਕਿਹਾ,‘ਜੇਕਰ 7 ਜਨਵਰੀ ਦੀ ਮੀਟਿੰਗ ਵੀ ਬੇਸਿੱਟਾ ਨਿਕਲਦੀ ਹੈ ਤਾਂ ਅਸੀਂ ਭਾਵੇਂ ਕੰਮ ਤੇ ਵਾਪਸ ਆ ਜਾਵਾਂਗੇ ਪਰ ਸਰਕਾਰ ਵੱਲੋਂ ਕੀਤੇ ਆਪਣੇ ਅਪਮਾਨ ਨੂੰ ਕਦੇ ਨਹੀਂ ਭੁੱਲਾਂਗੇ ਤੇ ਸਰਕਾਰ ਤੋਂ ਇਸ ਦਾ ਬਦਲਾ ਲੈਣ ਲਈ ਚੋਣਾਂ ਦੇ ਮੈਦਾਨ ਵਿੱਚ ਨਿੱਤਰ ਕੇ ਕਾਂਗਰਸ ਦੇ ਉਮੀਦਵਾਰਾਂ ਦਾ ਘਿਰਾਓ ਕਰਾਂਗੇ।’ ਉਨ੍ਹਾਂ ਦੱਸਿਆ ਕਿ ਕੱਟੇ ਹੋਏ ਭੱਤਿਆਂ ਨੂੰ ਲਾਗੂ ਕਰਵਾਉਣ, ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਵਾਉਣ ਅਤੇ ਪੁਰਾਣੀ ਪੈਨਸ਼ਨ ਸਕੀਮ ਨੂੰ ਬਹਾਲ ਕਰਵਾਉਣ ਆਦਿ ਮੰਗਾਂ ਨੂੰ ਲੈ ਕੇ ਸੰਘਰਸ਼ ਜਾਰੀ ਹੈ ਤੇ ਅੱਗੇ ਵੀ ਰਹੇਗਾ। ਉਨ੍ਹਾਂ ਜ਼ਿਲ੍ਹੇ ਭਰ ਦੇ ਪੈਰਾ ਮੈਡੀਕਲ ਅਤੇ ਐੱਨਐੱਚਐੱਮ ਕਾਮਿਆਂ ਨੂੰ ਸ਼ੁੱਕਰਵਾਰ ਨੂੰ ਸਵੇਰੇ 11 ਵਜੇ ਸਿਵਲ ਸਰਜਨ ਦਫਤਰ ਮੋਗਾ ਪਹੁੰਚਣ ਦੀ ਅਪੀਲ ਕਰਦਿਆਂ ਕਿਹਾ ਕਿ ਕੱਲ੍ਹ ਨੂੰ ਮੋਗਾ ਸ਼ਹਿਰ ਵਿੱਚ ਪੈਦਲ ਮਾਰਚ ਕਰਕੇ ਲੋਕਾਂ ਨੂੰ ਸਿਹਤ ਮੁਲਾਜ਼ਮਾਂ ਨਾਲ ਹੋ ਰਹੀਆਂ ਵਧੀਕੀਆਂ ਬਾਰੇ ਜਾਣੂ ਕਰਵਾਇਆ ਜਾਵੇਗਾ ਅਤੇ ਸਰਕਾਰ ਨੂੰ ਕੱਲ੍ਹ ਦੀ ਮੀਟਿੰਗ ਵਿੱਚ ਜਥੇਬੰਦੀ ਦੀਆਂ ਸਾਰੀਆਂ ਮੰਗਾਂ ਮੰਨਣ ਲਈ ਦਬਾਅ ਬਣਾਇਆ ਜਾਵੇਗਾ।