ਪਰਮਜੀਤ ਸਿੰਘ
ਫਾਜ਼ਿਲਕਾ, 15 ਫਰਵਰੀ
ਪਿੰਡ ਹੀਰਾ ਵਾਲੀ ਵਿੱਚ ਕਿਸਾਨ-ਮਜ਼ਦੂਰ ਜਥੇਬੰਦੀਆਂ ਅਤੇ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਪਿੰਡ ਹੀਰਾ ਵਾਲੀ ਵਿੱਚ ਲੱਗਭੱਗ 15 ਏਕੜ ’ਚ ਲੱਗ ਰਹੀ ਸ਼ਰਾਬ ਫੈਕਟਰੀ ਦੇ ਵਿਰੋਧ ’ਚ ਰੋਡ ਜਾਮ ਕਰ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਸੀ ਕਿ ਸ਼ਰਾਬ ਫੈਕਟਰੀ ਲੱਗਣ ਨਾਲ ਵਾਤਾਵਰਨ ਪ੍ਰਦੂਸ਼ਿਤ ਹੋ ਜਾਵੇਗਾ। ਪ੍ਰਦਰਸ਼ਨਕਾਰੀਆਂ ਨੇ ਪ੍ਰਸ਼ਾਸਨ ਅਤੇ ਫੈਕਟਰੀ ਮਾਲਕ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਧਰਨੇ ਦਾ ਪਤਾ ਜਦ ਹਲਕਾ ਵਿਧਾਇਕ ਫਾਜ਼ਿਲਕਾ ਦਵਿੰਦਰ ਸਿੰਘ ਘੁਬਾਇਆ ਨੂੰ ਲੱਗਿਆ ਤਾਂ ਉਹ ਆਪਣੀ ਟੀਮ ਸਮੇਤ ਮੌਕੇ ’ਤੇ ਪਹੁੰਚੇ। ਸ੍ਰੀ ਘੁਬਾਇਆ ਨੇ ਜ਼ਿਲ੍ਹਾ ਪ੍ਰਸ਼ਾਸਨ, ਐਕਸਾਈਜ਼ ਵਿਭਾਗ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕੋਲੋਂ ਕੋਈ ਫੈਕਟਰੀ ਦੇ ਕੰਮ ਚਾਲੂ ਕਰਨ ਦੇ ਸਬੂਤ ਵਜੋਂ ਕੁਝ ਵੀ ਨਹੀਂ ਮਿਲਿਆ। ਘੁਬਾਇਆ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਜਲਦ ਇਸ ਉਸਾਰੀ ਅਧੀਨ ਫੈਕਟਰੀ ਨੂੰ ਤੁਰੰਤ ਬੰਦ ਕਰਨ ਦੇ ਨਿਰਦੇਸ਼ ਜਾਰੀ ਕਰੇ। ਇਸ ਮਗਰੋਂ ਧਰਨਾ ਚੁੱਕ ਲਿਆ ਗਿਆ।