ਸਾਰਿਆਂ ਨੂੰ ਬਰਾਬਰੀ ਦਾ ਦਰਜਾ ਦੇਣਾ ਸਾਡਾ ਅਸਲ ਧਰਮ: ਗੜ੍ਹੀ
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਭੁੱਚੋ ਮੰਡੀ ਵਿੱਚ ਭਾਰਤ ਡਾ. ਭੀਮ ਰਾਓ ਅੰਬੇਡਕਰ ਦੇ 134ਵੇਂ ਜਨਮ ਦਿਵਸ ਨੂੰ ਸਮਰਪਿਤ ਵਿਸ਼ਾਲ ਚੇਤਨਾ ਸਮਾਗਮ ਵਿੱਚ ਕਿਹਾ ਕਿ ਜਾਤ ਆਧਾਰਿਤ ਵਿਤਕਰੇ ਨੂੰ ਖ਼ਤਮ ਕਰਕੇ ਸਾਰਿਆਂ ਨੂੰ ਬਰਾਬਰਤਾ ਦਾ ਦਰਜਾ ਦੇਣਾ ਹੀ ਸਾਡਾ ਅਸਲ ਧਰਮ ਹੈ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਦੀ ਵਿਚਾਰਧਾਰਾ ਨੂੰ ਅੱਖੋਂ ਪਰੋਖੇ ਨਹੀਂ ਕੀਤਾ ਜਾ ਸਕਦਾ। ਅਜੋਕੇ ਸਮੇਂ ਵਿੱਚ ਸਮਾਜ ਨੂੰ ਭਾਈਚਾਰਕ ਸਾਂਝ ਨਾਲ ਚੱਲਣ ਦੀ ਬੇਹੱਦ ਲੋੜ ਹੈ। ਉਨ੍ਹਾਂ ਕਿਹਾ ਕਿ ਅਨੂਸੂਚਿਤ ਜਾਤੀਆਂ ਕਮਿਸ਼ਨ ਪੰਜਾਬ ਹਰ ਸਮੇਂ ਤੁਹਾਡੇ ਨਾਲ ਖੜ੍ਹਾ ਹੈ। ਚੇਅਰਮੈਨ ਗੜ੍ਹੀ ਨੇ ਐੱਸਸੀ ਭਾਈਚਾਰੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਉਨ੍ਹਾਂ ਨੂੰ ਜਲਦ ਹੱਲ ਕਰਨ ਦਾ ਭਰੋਸਾ ਦਿਵਾਇਆ। ਸ੍ਰੀ ਗੜ੍ਹੀ ਚੇਤਨਾ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਭੁੱਚੋ ਮੰਡੀ ਵਿੱਚ ਐਡਵੋਕੇਟ ਜਸਪਾਲ ਸਿੰਘ ਸਿੱਧੂ ਦੇ ਘਰ ਪਹੁੰਚੇ। ਉਨ੍ਹਾਂ ਅਨੁਸੂਚਿਤ ਜਾਤੀ ਨਾਲ ਸਬੰਧਤ ਅਲੱਗ ਅਲੱਗ ਅੰਕੜਿਆਂ ਬਾਰੇ ਜਾਣਕਾਰੀ ਦਿੱਤੀ। ਉਹ ਜਸਪਾਲ ਸਿੰਘ ਸਿੱਧੂ ਦੇ ਘਰ ਕਰੀਬ ਪੌਣਾ ਘੰਟਾ ਠਹਿਰੇ ਅਤੇ ਚਾਹ ਪਾਣੀ ਪੀਣ ਤੋਂ ਬਾਅਦ ਚੇਤਨਾ ਸਮਾਗਮ ਵਿੱਚ ਸ਼ਾਮਲ ਹੋਣ ਲਈ ਚਲੇ ਗਏ। ਇਸ ਮੌਕੇ ਐਸਸੀ ਵਿੰਗ ਪੰਜਾਬ ਦੇ ਸੂਬਾਈ ਆਗੂ, ਰਪਿੰਦਰ ਸਿੰਘ ਬਿੱਟਾ, ਗੁਰਪ੍ਰੀਤ ਸਿੰਘ ਸਿੱਧੂ, ਸਰਪੰਚ ਯੂਨੀਅਨ ਦੇ ਪ੍ਰਧਾਨ ਗੁਰਲਾਭ ਸਿੰਘ ਅਤੇ ਗੁਰਦਰਸ਼ਨ ਆਦਿ ਹਾਜ਼ਰ ਸਨ। ਇਸ ਮੌਕੇ ਦਲਿਤ ਸੈਨਾ ਦੇ ਸੂਬਾ ਪ੍ਰਧਾਨ ਗੁਰਤੇਜ ਸਿੰਘ ਜੋਧਪੁਰੀ, ਐੱਸਸੀਬੀਸੀ ਭਲਾਈ ਮੰਚ ਦੇ ਪ੍ਰਧਾਨ ਤਾਰਾ ਚੰਦ ਤੇ ਗੁਰਜੰਟ ਸਿੰਘ ਸਿਵੀਆਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਬਰਿੰਦਰ ਸਿੰਘ, ਪ੍ਰਧਾਨ ਰੁਪਿੰਦਰ ਸਿੰਘ, ਹਰਬੰਸ ਸਿੰਘ ਬਠਿੰਡਾ, ਡਾ. ਭਾਵਨਾ ਸਾਹਨੀ, ਮਾਰਕੀਟ ਕਮੇਟੀ ਭੁੱਚੋ ਦੇ ਚੇਅਰਮੈਨ ਸੁਰਿੰਦ ਬਿੱਟੂ ਤੇ ਹੋਰ ਹਾਜ਼ਰ ਸਨ।