ਸਰਕਾਰ ’ਤੇ ਅੰਗਹੀਣਾਂ ਨੂੰ ਅਣਗੌਲਿਆਂ ਕਰਨ ਦੇ ਦੋਸ਼
ਐਸੋਸੀਏਸ਼ਨ ਨੇ ਮੰਗਾਂ ਪੂਰੀਆਂ ਨਾ ਹੋਣ ’ਤੇ ਸੰਘਰਸ਼ ਦੀ ਚਿਤਾਵਨੀ ਦਿੱਤੀ
ਫਿਜ਼ੀਕਲੀ ਹੈਂਡੀਕੈਪਡ ਐਸੋਸੀਏਸ਼ਨ ਮਾਨਸਾ ਇਕਾਈ ਦੇ ਆਗੂਆਂ ਨੇ ਪੰਜਾਬ ਸਰਕਾਰ ’ਤੇ ਅੰਗਹੀਣਾਂ ਨੂੰ ਅਣਗੌਲਿਆਂ ਕਰਨ ਦੇ ਦੋਸ਼ ਲਾਏ ਹਨ। ਐਸੋਸੀਏਸ਼ਨ ਦੇ ਆਗੂਆਂ ਨੇ ਕਿਹਾ ਕਿ ਉਨ੍ਹਾਂ ਨੂੰ ਪਿਛਲੇ ਲੰਬੇ ਸਮੇਂ ਤੋਂ ਸਿਵਾਏ ਲਾਰਿਆਂ ਤੋਂ ਪੰਜਾਬ ਸਰਕਾਰ ਨੇ ਕੁੱਝ ਵੀ ਨਹੀਂ ਦਿੱਤਾ ਹੈ।
ਐਸੋਸੀਏਸ਼ਨ ਦੇ ਸੀਨੀਅਰ ਆਗੂ ਅਸੀਮ ਗੋਇਲ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਲੀਡਰਾਂ ਨੇ ਪੰਜਾਬ ’ਚ ਪਾਰਟੀ ਦੀ ਸਰਕਾਰ ਬਨਣ ’ਤੇ ਅੰਗਹੀਣਾਂ ਦਾ ਜੀਵਨ ਪੱਧਰ ਉਚਾ ਚੁੱਕਣ ਲਈ ਪੜ੍ਹੇ-ਲਿਖੇ ਅੰਗਹੀਣਾਂ ਨੂੰ ਸਰਕਾਰੀ ਨੌਕਰੀਆਂ, ਪੈਨਸ਼ਨ ਰਾਸ਼ੀ ਦੇ ਵਾਧੇ ਸਮੇਤ ਉਨ੍ਹਾਂ ਦੇ ਜੀਵਨ ਲਈ ਲੋੜੀਦੀਆਂ ਬੁਨਿਆਦੀ ਸਹੂਲਤਾਂ ਪਹਿਲ ਦੇ ਅਧਾਰ ਤੇ ਹੱਲ ਕਰਨ ਦਾ ਵਾਅਦਾ ਕੀਤਾ ਸੀ, ਜੋ ਚਾਰ ਸਾਲ ਬੀਤਣ ਮਗਰੋਂ ਵੀ ਪੂਰੇ ਨਹੀਂ ਕੀਤੇ ਗਏ। ਉਨ੍ਹਾਂ ਕਿਹਾ ਕਿ ਸੂਬੇ ਦੇ ਅੰਗਹੀਣਾਂ ’ਚ ਭਾਰੀ ਨਿਰਾਸ਼ਾ ਹੈ। ਉਨ੍ਹਾਂ ਕਿਹਾ ਕਿ ਉਹ ਅੰਗਹੀਣ ਵਰਗ ਦੇ ਹਿੱਤਾਂ ਲਈ ਲੰਬੇ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਹਨ, ਪਰ ਸਮੇਂ ਦੀਆਂ ਸਰਕਾਰਾਂ ਵੱਲੋਂ ਹਮੇਸ਼ਾ ਹੀ ਉਨ੍ਹਾਂ ਨੂੰ ਅਣਗੌਲਿਆਂ ਕੀਤਾ ਜਾ ਰਿਹਾ ਹੈ ਅਤੇ ਆਪ ਸਰਕਾਰ ਵੱਲੋਂ ਵੀ ਪਿਛਲੀਆਂ ਸਰਕਾਰਾਂ ਵਾਂਗ ਹੀ ਉਨ੍ਹਾਂ ਦੀਆਂ ਰਾਖਵੀਆਂ ਅਸਾਮੀਆਂ ਨੂੰ ਜਾਣ-ਬੁੱਝਕੇ ਲਮਕਾਇਆ ਜਾ ਰਿਹਾ ਹੈ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਤਾਂ ਉਹ ਤਿੱਖੇ ਸੰਘਰਸ਼ ਲਈ ਮਜਬੂਰ ਹੋਣਗੇ।

