ਜਸਵੰਤ ਜੱਸ
ਫ਼ਰੀਦਕੋਟ, 4 ਅਗਸਤ
ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਫ਼ਰੀਦਕੋਟ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਕੰਮਕਾਜ ਦੀ ਸਮੀਖਿਆ ਲਈ ਵਿਸ਼ੇਸ਼ ਮੀਟਿੰਗ ਕੀਤੀ। ਇਸ ਵਿੱਚ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਅਤੇ ਜ਼ਿਲ੍ਹਾ ਪੁਲੀਸ ਮੁਖੀ ਰਾਜਪਾਲ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਕੈਬਨਿਟ ਮੰਤਰੀ ਨੂੰ ਪਹਿਲੀ ਵਾਰ ਫ਼ਰੀਦਕੋਟ ਆਉਣ ’ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਪੁਲੀਸ ਦੀ ਟੁਕੜੀ ਵੱਲੋਂ ਗਾਰਡ ਆਫ ਆਨਰ ਦਿੱਤਾ ਗਿਆ।
ਮੰਤਰੀ ਸਰਾਰੀ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਅਤੇ ਉਨ੍ਹਾਂ ਦੀਆਂ ਉਮੀਦਾਂ ’ਤੇ ਖਰੀ ਉਤਰੇਗੀ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਨ੍ਹਾਂ ਦਾ ਮਕਸਦ ਹੀ ਸਰਕਾਰੀ ਵਿਭਾਗਾਂ ਵਿੱਚ ਰਿਸ਼ਵਤਖੋਰੀ ਨੂੰ ਖ਼ਤਮ ਕਰ ਕੇ ਰਾਜ ਦੇ ਵਸਨੀਕਾਂ ਨੂੰ ਉਨ੍ਹਾਂ ਦੇ ਦਰ ਤੱਕ ਸੇਵਾਵਾਂ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਜਿਲੇ ਦਾ ਕੋਈ ਵੀ ਨਾਗਰਿਕ ਸਰਕਾਰੀ ਸੇਵਾਵਾਂ ਤੇ ਯੋਜਨਾਵਾਂ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ। ਕੈਬਨਿਟ ਮੰਤਰੀ ਨੇ ਕਿਹਾ ਕਿ ਰਾਜ ਸਰਕਾਰ ਵੱਲੋਂ ਰਾਜ ਦੇ ਵਸਨੀਕਾਂ ਨੂੰ 600 ਯੂਨਿਟ ਮੁਫ਼ਤ ਬਿਜਲੀ, ਮੂੰਗੀ ’ਤੇ ਐਮਐਸਪੀ, ਖ਼ਰਾਬੇ ਦਾ ਮੁਆਵਜ਼ਾ ਅਤੇ ਹੋਰ ਯੋਜਨਾਵਾਂ ਤਹਿਤ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਆਉਣ ਵਾਲੇ ਸਮੇਂ ਵਿੱਚ ਇਨ੍ਹਾਂ ਵਿੱਚ ਵਾਧਾ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਕੈਬਨਿਟ ਮੰਤਰੀ ਨੂੰ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਅਤੇ ਯੋਜਨਾਵਾਂ ਤੋਂ ਜਾਣੂ ਕਰਵਾਇਆ। ਜ਼ਿਲ੍ਹਾ ਪੁਲੀਸ ਮੁਖੀ ਰਾਜਪਾਲ ਸਿੰਘ ਨੇ ਕੈਬਨਿਟ ਮੰਤਰੀ ਨੂੰ ਯਕੀਨ ਦਿਵਾਇਆ ਕਿ ਜ਼ਿਲ੍ਹੇ ਵਿੱਚ ਅਮਨ ਕਾਨੂੰਨ ਨੂੰ ਕਾਇਮ ਰੱਖਣ ਅਤੇ ਨਸ਼ਿਆ ਦੇ ਖ਼ਾਤਮੇ ਲਈ ਪੁਲੀਸ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ। ਉਨ੍ਹਾਂ ਕਿਹਾ ਕਿ ਥਾਣਿਆਂ ਵਿੱਚ ਪੁਲੀਸ ਦੀ ਨਫ਼ਰੀ ਨੂੰ ਪੂਰਾ ਕੀਤਾ ਜਾਵੇਗਾ।