ਪੱਤਰ ਪ੍ਰੇਰਕ
ਮਾਨਸਾ, 23 ਜੁਲਾਈ
ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਬਲਜੀਤ ਕੌਰ ਨੇ ਅੱਜ ਇਥੇ ਬੱਚਤ ਭਵਨ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਜਿੱਥੇ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਪ੍ਰਸ਼ਾਸਨਿਕ ਸੇਵਾਵਾਂ ਦਾ ਜਾਇਜ਼ਾ ਲਿਆ, ਉਥੇ ਹਰੇਕ ਨਾਗਰਿਕ ਨੂੰ ਰਾਜ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਸਮਾਂਬੱਧ ਢੰਗ ਨਾਲ ਸਰਕਾਰੀ ਸੇਵਾਵਾਂ ਦਾ ਲਾਭ ਮੁਹੱਈਆ ਕਰਵਾਉਣ ਦੇ ਆਦੇਸ਼ ਜਾਰੀ ਕੀਤੇ। ਕੈਬਨਿਟ ਮੰਤਰੀ ਬਲਜੀਤ ਕੌਰ ਵੱਲੋਂ ਜ਼ਿਲ੍ਹਾ ਮਾਨਸਾ ਦੇ ਪ੍ਰਸ਼ਾਨਿਕ ਅਧਿਕਾਰੀਆਂ ਨਾਲ ਹੋਈ ਪਲੇਠੀ ਮੀਟਿੰਗ ਦੌਰਾਨ ਹਲਕਾ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ ਅਤੇ ਹਲਕਾ ਵਿਧਾਇਕ ਸਰਦੂਲਗੜ੍ਹ ਗੁਰਪ੍ਰੀਤ ਸਿੰਘ ਬਣਾਂਵਾਲੀ ਹਾਜ਼ਰ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਲੋਕ ਹਿਤੈਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਪਾਰਦਰਸ਼ੀ ਪ੍ਰਸ਼ਾਸਨਿਕ ਸੇਵਾਵਾਂ ਦੇਣ ਲਈ ਵਚਨਬੱਧ ਹੈ। ਉਨ੍ਹਾਂ ਸਮੂਹ ਵਿਭਾਗੀ ਅਧਿਕਾਰੀਆਂ ਤੋਂ ਵੱਖ-ਵੱਖ ਵਿਭਾਗਾਂ ਦੀ ਕਾਰਗੁਜ਼ਾਰੀ ਅਤੇ ਜ਼ਿਲ੍ਹੇ ਅੰਦਰ ਚਲ ਰਹੇ ਵਿਕਾਸ ਕੰਮਾਂ ਦੀ ਪ੍ਰਗਤੀ ਬਾਰੇ ਜਾਣਕਾਰੀ ਲਈ। ਇਸ ਮੌਕੇ ਡੀਸੀ ਬਲਦੀਪ ਕੌਰ,ਐਸਐਸਪੀ ਸ੍ਰੀ ਗੌਰਵ ਤੂਰਾ,ਏਡੀਸੀ (ਜ) ਉਪਕਾਰ ਸਿੰਘ ਮੌਜੂਦ ਸਨ।