ਸਰਕਾਰ ਵਿਕਾਸ ਕਾਰਜਾਂ ਲਈ ਸੰਜੀਦਾ: ਮੀਤ ਹੇਅਰ
ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਸੰਘੇੜਾ ਵਿੱਚ 40 ਲੱਖ ਰੁਪਏ ਦੇ ਵਿਕਾਸ ਕੰਮਾਂ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਬਰਨਾਲਾ ਜ਼ਿਲ੍ਹੇ ਵਿੱਚ ਲਗਾਤਾਰ ਵਿਕਾਸ ਦੇ ਕੰਮ ਤੇਜ਼ੀ ਨਾਲ ਚੱਲ ਰਹੇ ਹਨ ਅਤੇ ਹਰ ਹਫ਼ਤੇ ਸ਼ਹਿਰ ਅਤੇ ਪਿੰਡਾਂ ਵਿੱਚ ਕਰੋੜਾਂ ਰੁਪਏ ਦੇ ਪ੍ਰਾਜੈਕਟ ਸ਼ੁਰੂ ਕਰਵਾਏ ਜਾ ਰਹੇ ਹਨ। ਉਨ੍ਹਾਂ ਅੱਜ ਸੂਏ ਦੇ ਆਸ-ਪਾਸ ਜਾਲੀ ਲਾਉਣ, ਇੰਟਰਲਾਕ ਟਾਈਲਾਂ ਵਿਛਾਉਣ ਤੇ ਸੰਘੇੜਾ ਵਿੱਚ ਦੋ ਬੱਸ ਅੱਡਿਆਂ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਿਆ। ਇਸ ਦੌਰਾਨ ਛੱਪੜ ਦਾ ਨਵੀਨੀਕਰਨ ਕੀਤਾ ਜਾਵੇਗਾ ਤਾਂ ਜੋ ਲੋਕਾਂ ਨੂੰ ਗੰਦੇ ਪਾਣੀ ਦੀ ਸਮੱਸਿਆ ਤੋਂ ਰਾਹਤ ਮਿਲ ਸਕੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੰਘੇੜਾ ਦੇ ਵਿਕਾਸ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ। ਸਰਕਾਰ ਵੱਲੋਂ ਪਹਿਲਾਂ ਹੀ ਸੰਘੇੜਾ ਨੂੰ ਤਕਰੀਬਨ 13 ਤੋਂ 14 ਕਰੋੜ ਰੁਪਏ ਦੇ ਵਿਕਾਸੀ ਕੰਮਾਂ ਦੀ ਮਨਜ਼ੂਰੀ ਮਿਲੀ ਹੈ। ਇਸ ਤੋਂ ਇਲਾਵਾ ਅੱਜ ਕੁੱਲ 40 ਲੱਖ ਰੁਪਏ ਦੇ ਵੱਖ-ਵੱਖ ਕੰਮਾਂ ਦੀ ਸ਼ੁਰੂਆਤ ਕੀਤੀ ਗਈ ਹੈ।
ਇਨ੍ਹਾਂ ਪ੍ਰਾਜੈਕਟਾਂ ਵਿੱਚ 10 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਸੂਏ ਦੇ ਆਲੇ-ਦੁਆਲੇ ਜਾਲੀ ਲਾਉਣ ਦਾ ਕੰਮ ਸ਼ਾਮਲ ਹੈ, ਜੋ ਪਿਛਲੇ 50 ਸਾਲਾਂ ਵਿੱਚ ਪਹਿਲੀ ਵਾਰ ਕੀਤਾ ਜਾ ਰਿਹਾ ਹੈ। ਮੀਤ ਹੇਅਰ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਰਨਾਲੇ ਲਈ ਵਿਸ਼ੇਸ਼ ਗ੍ਰਾਂਟਾਂ ਜਾਰੀ ਕੀਤੀਆਂ ਗਈਆਂ ਨੇ ਜੋ ਇਲਾਕੇ ਦੇ ਵਿਕਾਸ ਨੂੰ ਨਵੀਂ ਦਿਸ਼ਾ ਦੇਣਗੀਆਂ। ਉਨ੍ਹਾਂ ਨੇ ਸੰਘੇੜਾ ਵਾਸੀਆਂ ਨੂੰ ਵੀ ਇਨ੍ਹਾਂ ਵਿਕਾਸੀ ਯਤਨਾਂ ਲਈ ਵਧਾਈ ਦਿੱਤੀ।
