ਸ਼ੰਭੂ, ਖਨੌਰੀ ਮੋਰਚਿਆਂ ਦੇ ਨੁਕਸਾਨ ਦੀ ਭਰਪਾਈ ਕਰੇ ਸਰਕਾਰ: ਸੁਰਜੀਤ ਫੂਲ
ਕਿਸਾਨ ਮਜ਼ਦੂਰ ਮੋਰਚਾ (ਕੇ ਐੱਮ ਐੱਮ) ਪੰਜਾਬ ਦੇ ਸੱਦੇ ’ਤੇ ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਵੱਲੋਂ ਅੱਜ ਇੱਥੇ ਡੀ ਸੀ ਦਫ਼ਤਰ ਨੇੜੇ ਪ੍ਰਦਰਸ਼ਨ ਕੀਤਾ ਗਿਆ। ਸੂਬਾ ਜਨਰਲ ਸਕੱਤਰ ਸੁਖਵਿੰਦਰ ਕੌਰ ਰਾਮਪੁਰਾ ਦੀ ਅਗਵਾਈ ਹੇਠ ਹੋਏ ਇਸ ਧਰਨੇ ਵਿੱਚ ਕਿਸਾਨਾਂ ਤੇ ਮਜ਼ਦੂਰਾਂ...
ਕਿਸਾਨ ਮਜ਼ਦੂਰ ਮੋਰਚਾ (ਕੇ ਐੱਮ ਐੱਮ) ਪੰਜਾਬ ਦੇ ਸੱਦੇ ’ਤੇ ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਵੱਲੋਂ ਅੱਜ ਇੱਥੇ ਡੀ ਸੀ ਦਫ਼ਤਰ ਨੇੜੇ ਪ੍ਰਦਰਸ਼ਨ ਕੀਤਾ ਗਿਆ। ਸੂਬਾ ਜਨਰਲ ਸਕੱਤਰ ਸੁਖਵਿੰਦਰ ਕੌਰ ਰਾਮਪੁਰਾ ਦੀ ਅਗਵਾਈ ਹੇਠ ਹੋਏ ਇਸ ਧਰਨੇ ਵਿੱਚ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਸਬੰਧੀ ਸਰਕਾਰ ਖ਼ਿਲਾਫ਼ ਰੋਸ ਜ਼ਾਹਰ ਕੀਤਾ ਗਿਆ।
ਸੂਬਾ ਚੇਅਰਮੈਨ ਸੁਰਜੀਤ ਸਿੰਘ ਫੂਲ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਕਿਸਾਨਾਂ-ਮਜ਼ਦੂਰਾਂ ਦੀਆਂ ਹੱਕੀ ਮੰਗਾਂ ਨੂੰ ਲਗਾਤਾਰ ਲਮਕਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ-2 ਦੌਰਾਨ ਉੱਠੀਆਂ ਐੱਮ ਐੱਸ ਪੀ ਦੀ ਕਾਨੂੰਨੀ ਗਾਰੰਟੀ, ਬਿਜਲੀ ਸੋਧ ਬਿੱਲ ਅਤੇ ਪਰਾਲੀ ਐਕਟ ਸਮੇਤ ਹੋਰਨਾਂ ਮੰਗਾਂ ’ਤੇ ਸਰਕਾਰ ਚੁੱਪ ਹੈ। ਸ਼ੰਭੂ, ਖਨੌਰੀ ਤੇ ਰਤਨਪੁਰਾ ਬਾਰਡਰਾਂ ’ਤੇ ਮੋਰਚਿਆਂ ਦੌਰਾਨ ਹੋਏ ਨੁਕਸਾਨ ਦੀ ਭਰਪਾਈ ਕਰਨ ਤੋਂ ਵੀ ਪੰਜਾਬ ਸਰਕਾਰ ਟਾਲਾ ਵੱਟ ਰਹੀ ਹੈ। ਸੁਖਵਿੰਦਰ ਕੌਰ ਨੇ ਕਿਹਾ ਕਿ ਸਹਿਕਾਰੀ ਸਭਾਵਾਂ ਕਿਸਾਨਾਂ ਦੀ ਖੇਤੀਬਾੜੀ ਦੀ ਰੀੜ੍ਹ ਦੀ ਹੱਡੀ ਹਨ। ਸਰਕਾਰ ਵੱਲੋਂ ਤੈਅ ਹੱਦ ਕਰਜ਼ੇ ਤੁਰੰਤ ਜਾਰੀ ਕੀਤੇ ਜਾਣ ਅਤੇ ਸਭਾਵਾਂ ਵਿੱਚ ਖੇਤੀ ਲਾਗਤ ਵਸਤਾਂ ਦੀ ਮਾਤਰਾ ਵਧਾਈ ਜਾਵੇ। ਉਨ੍ਹਾਂ ਕਿਹਾ ਕਿ ਕੇ ਐੱਮ ਐੱਮ ਵੱਲੋਂ ਕਰੀਬ 23 ਮੰਗਾਂ ਸਬੰਧੀ ਮੰਗ ਪੱਤਰ ਡੀ ਸੀ ਰਾਹੀਂ ਮੁੱਖ ਮੰਤਰੀ ਨੂੰ ਭੇਜਿਆ ਗਿਆ। ਇਨ੍ਹਾਂ ਵਿੱਚ ਪਾਣੀਆਂ ਸਬੰਧੀ ਰਿਪੇਰੀਅਨ ਕਾਨੂੰਨ ਲਾਗੂ ਕਰਨ, ਗੰਨਾ ਕਿਸਾਨਾਂ ਦੀਆਂ ਬਕਾਇਆ ਅਦਾਇਗੀਆਂ ਵਿਆਜ ਸਮੇਤ ਕਰਨ ਅਤੇ ਜਨਤਕ ਅਦਾਰਿਆਂ ਦਾ ਨਿੱਜੀਕਰਨ ਰੋਕਣ ਦੀਆਂ ਮੰਗਾਂ ਸ਼ਾਮਿਲ ਹਨ। ਇਸ ਮੌਕੇ ਚਾਰ ਲੇਬਰ ਕੋਡ ਰੱਦ ਕਰਨ ਸਬੰਧੀ ਮਤੇ ਵੀ ਪਾਸ ਕੀਤੇ ਗਏ।

