ਕਿਸਾਨ ਪਰਿਵਾਰ ਨੂੰ ਮੁਆਵਜ਼ਾ ਦੇਵੇ ਸਰਕਾਰ: ਉਗਰਾਹਾਂ
ਸਾਥੀ ਨੂੰ ਅੰਤਿਮ ਵਿਦਾਈ ਦਿੱਤੀ; ਹਡ਼੍ਹ ਪੀਡ਼ਤਾਂ ਨੂੰ ਬੀਜ ਵੰਡ ਕੇ ਪਰਤਦਿਆਂ ਵਾਪਰਿਆ ਸੀ ਹਾਦਸਾ
ਫਾਜ਼ਿਲਕਾ ਦੇ ਹੜ੍ਹ ਪੀੜਤ ਕਿਸਾਨਾਂ ਨੂੰ ਕਣਕ ਦਾ ਬੀਜ ਵੰਡ ਕੇ ਪਰਤ ਰਹੇ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਇਕਾਈ ਪ੍ਰਧਾਨ ਹਰਜੀਤ ਸਿੰਘ ਹਰਜੀ ਦੀ ਹਾਦਸੇ ਵਿੱਚ ਹੋਈ ਮੌਤ ਉਪਰੰਤ ਅੱਜ ਉਸ ਦਾ ਨਾਅਰਿਆਂ ਦੀ ਗੂੰਜ ਵਿੱਚ ਸਸਕਾਰ ਕੀਤਾ ਗਿਆ। ਉਨ੍ਹਾਂ ਨੂੰ ਅੰਤਿਮ ਵਿਦਾਈ ਦੇਣ ਲਈ ਯੂਨੀਅਨ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਇਥੇ ਪਹੁੰਚੇ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਲੋਕ ਭਲਾਈ ਲਈ ਕੰਮ ਕਰਦੇ ਵਿਛੜੇ ਕਿਸਾਨ ਆਗੂ ਦੇ ਪਰਿਵਾਰ ਨੂੰ 10 ਲੱਖ ਰੁਪਏ ਦਾ ਤਰੁੰਤ ਮੁਆਵਜ਼ਾ ਦਿੱਤਾ ਜਾਵੇ ਅਤੇ ਪਰਿਵਾਰ ਦੇ ਇੱਕ ਜੀਅ ਨੂੰ ਨੌਕਰੀ ਦੇਣ ਦੇ ਨਾਲ ਨਾਲ ਇਸਦਾ ਕਰਜ਼ਾ ਵੀ ਮੁਆਫ ਕੀਤਾ ਜਾਵੇ। ਯੂਨੀਅਨ ਪ੍ਰਧਾਨ ਨੇ ਵਿਛੜੇ ਆਗੂ ਦੀ ਦੇਹ ’ਤੇ ਕਿਸਾਨੀ ਝੰਡਾ ਪਾਇਆ ਅਤੇ ਕਿਸਾਨ ਸੰਘਰਸ਼ ਪ੍ਰਤੀ ਕੀਤੀ ਉਸਦੀ ਘਾਲਣਾ ਨੂੰ ਸਲਾਮ ਕੀਤਾ। ਉਨ੍ਹਾਂ ਕਿਹਾ ਕਿ ਹਰਜੀਤ ਸਿੰਘ ਹਰਜੀ ਨੇ ਪੀੜਤ ਕਿਸਾਨਾਂ ਦੀ ਮਦਦ ਕਰਦਿਆਂ ਜਥੇਬੰਦੀ ਅਤੇ ਲੋਕ ਹਿਤਾਂ ਲਈ ਆਪਾ ਕੁਰਬਾਨ ਕੀਤਾ ਹੈ। ਇਸ ਮੌਕੇ ਕਿਸਾਨ ਆਗੂ ਦੀ ਅੰਤਿਮ ਵਿਦਾਇਗੀ ਦੇ ਕਾਫਲੇ ਵਿੱਚ ਸਥਾਨਕ ਲੋਕਾਂ ਤੋਂ ਇਲਾਵਾ ਉਗਰਾਹਾਂ ਜਥੇਬੰਦੀ ਦੇ ਆਗੂ ਅਤੇ ਵਰਕਰ ਕਿਸਾਨੀ ਝੰਡੇ ਲੈ ਕੇ ਸ਼ਾਮਲ ਹੋਏ। ਇਸ ਮੌਕੇ ਸ਼ਿੰਗਾਰਾ ਸਿੰਘ ਮਾਨ, ਰੂਪ ਸਿੰਘ ਛੰਨਾ, ਬਰਨਾਲਾ ਜ਼ਿਲ੍ਹੇ ਦੇ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ, ਫਾਜ਼ਿਲਕਾ ਦੇ ਪ੍ਰਧਾਨ ਗੁਰਭੇਜ ਸਿੰਘ ਰੋਹੀਵਾਲਾ, ਮੁਕਤਸਰ ਦੇ ਪ੍ਰਧਾਨ ਹਰਬੰਸ ਸਿੰਘ ਕੋਟਲੀ ਅਤੇ ਫਰੀਦਕੋਟ ਜ਼ਿਲ੍ਹੇ ਦੇ ਪ੍ਰਧਾਨ ਜਸਪਾਲ ਸਿੰਘ ਨੰਗਲ ਨੇ ਵੀ ਵਿਛੜੇ ਆਗੂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਸਾਬਕਾ ਅਕਾਲੀ ਵਿਧਾਇਕ ਮਨਤਾਰ ਸਿੰਘ ਬਰਾੜ ਵੀ ਮੌਜੂਦ ਸਨ।

