ਖੇਤਰੀ ਪ੍ਰਤੀਨਿਧ
ਬਰਨਾਲਾ, 24 ਸਤੰਬਰ
‘ਪੰਜਾਬ ਸਰਕਾਰ ਖੇਡਾਂ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਵਚਨਬੱਧ ਹੈ, ਇਸੇ ਉਦੇਸ਼ ਤਹਿਤ ‘ਖੇਡਾਂ ਵਤਨ ਪੰਜਾਬ ਦੀਆਂ’ ਕਰਵਾਈਆਂ ਜਾ ਰਹੀਆਂ ਹਨ। ਸਰਕਾਰ ਦਾ ਉਦੇਸ਼ ਹੈ ਕਿ ਸੂਬੇ ਦੀ ਜਵਾਨੀ ਨੂੰ ਮੁੜ ਤੋਂ ਖੇਡਾਂ ਨਾਲ ਜੋੜ ਕੇ ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਾਇਆ ਜਾਵੇ।’ ਇਹ ਪ੍ਰਗਟਾਵਾ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਤੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਅਮਨ ਅਰੋੜਾ ਨੇ ਇੱਥੇ ਬਰਨਾਲਾ ਡਿਸਟ੍ਰਿਕਟ ਟੇਬਲ ਟੈਨਿਸ ਐਸੋਸੀਏਸ਼ਨ ਵੱਲੋਂ ਲਾਲ ਬਹਾਦੁਰ ਸ਼ਾਸਤਰੀ ਆਰੀਆ ਮਹਿਲਾ ਕਾਲਜ ਵਿੱਚ ਕਰਵਾਏ ਜਾ ਰਹੇ ਤੀਜੇ ਪੰਜਾਬ ਸਟੇਟ ਰੈਂਕਿੰਗ ਟੇਬਲ ਟੈਨਿਸ ਟੂਰਨਾਮੈਂਟ ਦੇ ਉਦਘਾਟਨ ਮੌਕੇ ਕੀਤਾ। ਐਸੋਸੀਏਸ਼ਨ ਦੇ ਜਨਰਲ ਸਕੱਤਰ ਰੰਜੀਵ ਗੋਇਲ ਨੇ ਦੱਸਿਆ ਕਿ ਟੂਰਨਾਮੈਂਟ ਵਿੱਚ ਪੰਜਾਬ ਦੇ ਪਟਿਆਲਾ, ਜਲੰਧਰ, ਫਤਹਿਗੜ੍ਹ ਸਾਹਿਬ, ਲੁਧਿਆਣਾ, ਅੰਮ੍ਰਿਤਸਰ, ਬਠਿੰਡਾ ਸਣੇ ਕਈ ਜ਼ਿਲ੍ਹਿਆਂ ਤੋਂ ਸੈਂਕੜੇ ਖਿਡਾਰੀ ਹਿੱਸਾ ਲੈ ਰਹੇ ਹਨ। ਇਹ ਟੂਰਨਾਮੈਂਟ 26 ਸਤੰਬਰ ਤੱਕ ਚੱਲੇਗਾ। ਇਸ ਮੌਕੇ ਐੱਸਡੀਐੱਮ ਬਰਨਾਲਾ ਗੋਪਾਲ ਸਿੰਘ, ‘ਆਪ’ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਬਾਠ, ਐਸੋਸੀਏਸ਼ਨ ਦੇ ਜਨਰਲ ਸਕੱਤਰ ਪੰਕਜ ਸ਼ਰਮਾ ਹਾਜ਼ਰ ਸਨ।