DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪੰਜਾਬ ਦੀ ਜਵਾਨੀ, ਕਿਸਾਨੀ ਤੇ ਪਾਣੀ ਦੀ ਰਾਖੀ ਕਰੇਗੀ ਸਰਕਾਰ: ਖੁੱਡੀਆਂ

ਬਠਿੰਡਾ ’ਚ ਨਸ਼ਿਆਂ ਖ਼ਿਲਾਫ਼ ਸਹੁੰ ਚੁੱਕ ਸਮਾਗਮ; ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੀਤੀ ਸ਼ਿਰਕਤ
  • fb
  • twitter
  • whatsapp
  • whatsapp
featured-img featured-img
ਬਠਿੰਡਾ ਵਿੱਚ ਸਮਾਗਮ ਦੌਰਾਨ ਸੰਬੋਧਨ ਕਰਦੇ ਹੋਏ ਗੁਰਮੀਤ ਸਿੰਘ ਖੁੱਡੀਆਂ। -ਫੋਟੋ: ਪਵਨ ਸ਼ਰਮਾ
Advertisement

ਸ਼ਗਨ ਕਟਾਰੀਆ

ਬਠਿੰਡਾ, 4 ਮਈ

Advertisement

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੱਜ ਇੱਥੇ ਕੁਈਨਜ਼ ਲੈਂਡ ਪੈਲੇਸ ਵਿੱਚ ‘ਪਿੰਡਾਂ ਦੇ ਪਹਿਰੇਦਾਰ’ ਸਮਾਗਮ ਹੋਇਆ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪ੍ਰੋਗਰਾਮ ’ਚ ਹਾਜ਼ਰ ਸਰਪੰਚਾਂ ਅਤੇ 3556 ਦਿਹਾਤੀ ਨੁਮਾਇੰਦਿਆਂ ਸਮੇਤ 2232 ਵਿਲੇਜ ਡਿਫੈਂਸ ਕਮੇਟੀ ਦੇ ਮੈਂਬਰਾਂ ਨੂੰ ਨਸ਼ਿਆਂ ਖ਼ਿਲਾਫ਼ ਮੁਹਿੰਮ ਜਾਰੀ ਰੱਖਣ ਦੀ ਸਹੁੰ ਵੀ ਚੁਕਾਈ। ਸ੍ਰੀ ਅਰੋੜਾ ਨੇ ਕਿਹਾ ਕਿ ਗੁਰੂਆਂ, ਪੀਰਾਂ, ਪੈਗੰਬਰਾਂ ਦੀ ਧਰਤੀ ਪੰਜਾਬ ਨੂੰ ਨਸ਼ਾ ਮੁਕਤ ਕਰਨਾ ਮੁੱਖ ਮੰਤਰੀ ਭਗਵੰਤ ਮਾਨ ਦੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਜੁਝਾਰੂ ਲੋਕਾਂ ਦੀ ਧਰਤੀ ਹੈ ਅਤੇ ਸਾਡੇ ਲੋਕ ਨਸ਼ੇ ਖ਼ਿਲਾਫ਼ ਸ਼ੁਰੂ ਕੀਤੀ ਜੰਗ ਵਿਚ ਵੀ ਡਟ ਕੇ ਰੰਗਲਾ ਪੰਜਾਬ ਬਣਾਉਣ ਲਈ ਸਹਿਯੋਗ ਕਰ ਰਹੇ ਹਨ। ਉਨ੍ਹਾਂ ਲੋਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਾਰਾ ਸਿਹਰਾ ਉਨ੍ਹਾਂ ਲੋਕਾਂ ਨੂੰ ਜਾਂਦਾ ਹੈ, ਜਿਨ੍ਹਾਂ ਨੇ ਹਰ ਪਿੰਡ, ਹਰ ਘਰ ਅਤੇ ਮੁਹੱਲੇ ’ਚੋਂ ਸਰਕਾਰ ਦੀ ਇਸ ਮੁਹਿੰਮ ਵਿੱਚ ਯੋਗਦਾਨ ਪਾਇਆ ਹੈ।

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਸੂਬਾ ਸਰਕਾਰ ਪੰਜਾਬ ਦੀ ਜਵਾਨੀ, ਕਿਸਾਨੀ ਅਤੇ ਪਾਣੀਆਂ ਦੀ ਰਾਖੀ ਲਈ ਡਟ ਕੇ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਨਹਿਰੀ ਪਾਣੀ ਹਰ ਖੇਤ ਤੱਕ ਪਹੁੰਚਾਉਣ ਲਈ 3500 ਕਰੋੜ ਰੁਪਏ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ’ਚੋਂ ਨਸ਼ਾ ਮੁਕਤ ਕਰਨ ਲਈ ਹਰ ਪਿੰਡ ਵਿਚ ਵਿਲੇਜ ਡਿਫੈਂਸ ਕਮੇਟੀ ਬਣਾਈ ਗਈ ਹੈ ਅਤੇ ਭਵਿੱਖ ਵਿੱਚ ਪਿੰਡਾਂ ਅੰਦਰ ਨਸ਼ਾ ਮੁਕਤੀ ਯਾਤਰਾਵਾਂ ਅਤੇ ਸਭਾਵਾਂ ਕੀਤੀਆਂ ਜਾਣਗੀਆਂ। ਇਸ ਤੋਂ ਪਹਿਲਾਂ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢਣ ਅਤੇ ਨਸ਼ੇ ਦੇ ਸੌਦਾਗਰਾਂ ਨੂੰ ਫੜ੍ਹ ਕੇ ਜੇਲ੍ਹਾਂ ਵਿੱਚ ਸੁੱਟਣ ਲਈ ਸਰਕਾਰ ਵੱਲੋਂ ਕੰਮ ਕੀਤਾ ਜਾ ਰਿਹਾ ਹੈ, ਜਿਸ ਦੇ ਸਾਰਥਿਕ ਨਤੀਜੇ ਵੀ ਆ ਰਹੇ ਹਨ। ਇਸ ਮੌਕੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਅਤੇ ਐੱਸਐੱਸਪੀ ਅਮਨੀਤ ਕੌਂਡਲ ਨੇ ਸਿਵਲ ਅਤੇ ਪੁਲੀਸ ਪ੍ਰਸ਼ਾਸਨ ਵੱਲੋਂ ਸਾਂਝੇ ਤੌਰ ’ਤੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਕਾਰਗੁਜ਼ਾਰੀ ਨੂੰ ਲੋਕਾਂ ਨਾਲ ਸਾਂਝਾ ਕੀਤਾ।

ਇਸ ਮੌਕੇ ਵਿਧਾਇਕ ਜਗਰੂਪ ਸਿੰਘ ਗਿੱਲ, ਵਿਧਾਇਕ ਮਾਸਟਰ ਜਗਸੀਰ ਸਿੰਘ, ਵਿਧਾਇਕ ਬਲਕਾਰ ਸਿੰਘ ਸਿੱਧੂ, ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ, ਨਸ਼ਾ ਮੁਕਤੀ ਮੋਰਚਾ ਬਠਿੰਡਾ ਜ਼ਿਲ੍ਹੇ ਦੇ ਕੋਆਰਡੀਨੇਟਰ ਚੇਅਰਮੈਨ ਜਤਿੰਦਰ ਭੱਲਾ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮ੍ਰਿਤ ਲਾਲ ਅਗਰਵਾਲ ਸਮੇਤ ਬਹੁਤ ਸਾਰੀਆਂ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।

Advertisement
×