ਸਰਕਾਰਾਂ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਉਣ: ਮਨਪ੍ਰੀਤ ਬਾਦਲ
ਪੰਜਾਬ ਦੇ ਸਾਬਕਾ ਖਜ਼ਾਨਾ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਸ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਹਲਕਾ ਗਿੱਦੜਬਾਹਾ ਦੇ ਪਿੰਡਾਂ ਭਾਰੂ ਅਤੇ ਸੁਖਨਾ ਅਬਲੂ ਵਿੱਚ ਜਿੱਥੇ ਪਾਰਟੀ ਆਗੂਆਂ ਦਾ ਹਾਲ ਚਾਲ ਜਾਣਿਆ, ਉੱਥੇ ਹੀ ਬੀਤੇ ਦਿਨੀਂ ਹੋਈਆਂ ਬੇਵਕਤੀ ਮੌਤਾਂ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਪਿੰਡ ਭਾਰੂ ਵਿਚ ਉਨ੍ਹਾਂ ਕਰਨੈਲ ਪੁਰੀ ਅਤੇ ਲਛਮਣ ਦਾਸ ਸ਼ਰਮਾ ਦਾ ਹਾਲ-ਚਾਲ ਪੁੱਛਿਆ ਅਤੇ ਉਨ੍ਹਾਂ ਦੇ ਜਲਦ ਸਿਹਤਮੰਦ ਹੋਣ ਦੀ ਕਾਮਨਾ ਕੀਤੀ। ਉਪਰੰਤ ਸੁਖਨਾ ਅਬਲੂ ਵਿੱਚ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਦੇ ਕਰੀਬ 1300 ਪਿੰਡ ਹੜ੍ਹਾਂ ਦੀ ਮਾਰ ਹੇਠ ਆਏ ਹਨ ਅਤੇ ਲੱਖਾਂ ਏਕੜ ਖੜ੍ਹੀ ਫ਼ਸਲ ਪੂਰੀ ਤਰ੍ਹਾਂ ਬਰਬਾਦ ਹੋ ਗਈ ਹੈ। ਉਨ੍ਹਾ ਕਿਹਾ ਕਿ ਅੱਜ ਸਮਾਂ ਹੈ ਕਿ ਸਭ ਨੂੰ ਹੜ੍ਹ ਪੀੜਤਾਂ ਦੀ ਮਦਦ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਦਾ ਫਰਜ਼ ਹੈ ਕਿ ਉਹ ਔਖੇ ਸਮੇਂ ਆਪਣੇ ਸੂਬੇ ਦੇ ਲੋਕਾਂ ਨਾਲ ਖੜ੍ਹੇ ਅਤੇ ਹੜ੍ਹਾਂ ਦੀ ਮਾਰ ਹੇਠ ਆਏ ਲੋਕਾਂ ਦੀ ਮਦਦ ਕਰੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵੱਡੇ ਪੱਧਰ ’ਤੇ ਆਏ ਇਨ੍ਹਾਂ ਹੜ੍ਹਾਂ ਨੇ ਜ਼ਿੰਦਗੀ ਨੂੰ ਪੂਰੀ ਤਰ੍ਹਾਂ ਲੀਹ ਤੋਂ ਉਤਾਰ ਦਿੱਤਾ ਹੈ ਅਤੇ ਸਾਨੂੰ ਫ਼ਿਰ ਤੋਂ ਆਪਣੇ ਪੈਰਾਂ ’ਤੇ ਖੜ੍ਹੇ ਹੋਣ ਲਈ ਦਿਨ ਰਾਤ ਮਿਹਨਤ ਕਰਨੀ ਪਵੇਗੀ ਅਤੇ ਇਸ ਲਈ ਸਰਕਾਰ ਨੂੰ ਕਿਸਾਨਾਂ ਅਤੇ ਹੜ੍ਹ ਦੀ ਲਪੇਟ ਵਿਚ ਆਏ ਲੋਕਾਂ ਲਈ ਮੁਆਵਜ਼ੇ ਦਾ ਪ੍ਰਬੰਧ ਕਰ ਕੇ ਉਨ੍ਹਾਂ ਦੀ ਬਾਂਹ ਫੜਨੀ ਚਾਹੀਦੀ ਹੈ। ਇਸ ਮੌਕੇ ਹਰਬੰਸ ਸਿੰਘ ਸੱਗੂ, ਰਣਜੀਤ ਸਿੰਘ ਗੁਰੂਸਰ, ਹਰਜੀਤ ਸਿੰਘ ਨੀਲਾ ਮਾਨ, ਬਾਬੂ ਸਿੰਘ ਸਾਬਕਾ ਸਰਪੰਚ, ਪੱਪੀ ਚਹਿਲ, ਸਰਫ਼ਰਾਜ਼ ਸਿੰਘ ਗਿੱਲ, ਰੁਪਿੰਦਰ ਸਮਾਘ, ਓਮ ਪ੍ਰਕਾਸ਼ ਬਾਂਕਾ ਆਦਿ ਹਾਜ਼ਰ ਸਨ।