ਖੇਤਰੀ ਪ੍ਰਤੀਨਿਧ
ਬਰਨਾਲਾ, 8 ਨਵੰਬਰ
ਕੇਂਦਰੀ ਖੇਤੀ ਕਾਨੂੰਨ ਰੱਦ ਕਰਵਾਉਣ ਦੀ ਮੰਗ ਸਬੰਧੀ ਸਥਾਨਕ ਰੇਲਵੇ ਸਟੇਸ਼ਨ ’ਤੇ ਲੱਗੇ ਸਾਂਝੇ ਧਰਨੇ ਦੌਰਾਨ ਅੱਜ ਪੁੱਜੇ ਇਨਕਲਾਬੀ ਮਜ਼ਦੂਰ ਕੇਂਦਰ ਦੇ ਕੌਮੀ ਆਗੂ ਰੋਹਿਤ ਰੁਹੇਲਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਖੇਤੀ ਨੂੰ ਕਾਰਪੋਰੇਟਾਂ ਹਵਾਲੇ ਕਰਨਾ ਚਾਹੁੰਦੀ ਹੈ। ਕਿਸਾਨ ਸਰਕਾਰ ਦੀ ਇਸ ਸਾਜ਼ਿਸ਼ ਨੂੰ ਸਮਝ ਗਏ ਹਨ ਅਤੇ ਇਤਿਹਾਸਕ ਕਿਸਾਨ ਅੰਦੋਲਨ ਖੜ੍ਹਾ ਕਰ ਦਿੱਤਾ ਹੈ। ਆਖਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨੇ ਹੀ ਪੈਣਗੇ। ਬੁਲਾਰਿਆਂ ਨੇ ਝੋਨਾ ਖਰੀਦ ਮੰਡੀਆਂ ਬੰਦ ਕੀਤੇ ਜਾਣ ਦੀਆਂ ਕਨਸੋਆਂ ਦਾ ਗੰਭੀਰ ਨੋਟਿਸ ਲਿਆ। ਇਸ ਦੌਰਾਨ ਸੰਯੁਕਤ ਕਿਸਾਨ ਮੋਰਚਾ ਬਰਨਾਲਾ ਦਾ ਵਫਦ ਮਾਰਕਫੈੱਡ ਦੇ ਜ਼ਿਲ੍ਹਾ ਅਧਿਕਾਰੀਆਂ ਨੂੰ ਮਿਲਿਆ ਅਤੇ ਆਪਣੇ ਵਾਅਦੇ ਅਨੁਸਾਰ ਡੀਏਪੀ ਖਾਦ ਦਾ ਰੈਕ ਜਲਦੀ ਤੋਂ ਜਲਦੀ ਮੰਗਵਾਉਣ ਲਈ ਕਿਹਾ। ਆਗੂਆਂ ਨੇ ਕੇਂਦਰੀ ਸਰਕਾਰੀ ਏਜੰਸੀ ਨੈਸ਼ਨਲ ਕਰਾਈਮ ਰਿਕਾਰਡ ਬਿਉਰੋ (ਐੱਨਸੀਆਰਬੀ) ਵੱਲੋਂ ਕਿਸਾਨ ਖੁਦਕੁਸ਼ੀਆਂ ਬਾਰੇ ਜਾਰੀ ਕੀਤੇ ਗਲਤ ਅੰਕੜਿਆਂ ਦਾ ਵੀ ਗੰਭੀਰ ਨੋਟਿਸ ਲਿਆ।
ਮਹਿਲ ਕਲਾਂ ਵਿੱਚ ਧਰਨਾ ਜਾਰੀ
ਮਹਿਲ ਕਲਾਂ (ਪੱਤਰ ਪ੍ਰੇਰਕ): ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਮਹਿਲ ਕਲਾਂ ਵਿੱਚ ਕਿਸਾਨਾਂ ਦਾ ਪੱਕਾ ਮੋਰਚਾ ਜਾਰੀ ਹੈ। ਇਸ ਦੌਰਾਨ ਜੱਗਾ ਸਿੰਘ ਛਾਪਾ, ਸ਼ਮਸ਼ੇਰ ਸਿੰਘ, ਜਗਰਾਜ ਸਿੰਘ ਹਰਦਾਸਪੁਰਾ ਸਮੇਤ ਹੋਰ ਕਿਸਾਨਾਂ ਨੇ ਖੇਤੀ ਕਾਨੂੰਨ ਵਾਪਸ ਲੈਣ ਦੀ ਮੰਗ ਕੀਤੀ। ਇਸੇ ਤਰ੍ਹਾਂ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੀ ਅਗਵਾਈ ਹੇਠ ਬਰਨਾਲਾ ਲੁਧਿਆਣਾ ਮੁੱਖ ਮਾਰਗ ’ਤੇ ਰਿਲਾਇੰਸ ਪੈਟਰੋਲ ਪੰਪ ਅੱਗੇ ਵੀ ਕਿਸਾਨਾਂ ਦਾ ਪੱਕਾ ਧਰਨਾ ਜਾਰੀ ਹੈ।