ਦਰਜਾ ਚਾਰ ਮੁਲਾਜ਼ਮਾਂ ਨੇ ਧਰਨਾ ਦਿੱਤਾ
ਨਗਰ ਕੌਂਸਲ ਦੇ ਦਰਜਾ ਚਾਰ ਮੁਲਾਜ਼ਮਾਂ ਨੇ ਅੱਜ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਨੂੰ ਪਿਛਲੇ ਚਾਰ ਮਹੀਨਿਆਂ ਤੋਂ ਤਨਖਾਹਾਂ ਨਾ ਦਿੱਤੇ ਜਾਣ ਦੇ ਵਿਰੋਧ ਵਿੱਚ ਨਗਰ ਕੌਂਸਲ ਦੇ ਦਫਤਰ ਅੱਗੇ ਧਰਨਾ ਦਿੱਤਾ ਅਤੇ ਅਧਿਕਾਰੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਸਫ਼ਾਈ ਸੇਵਕ ਯੂਨੀਅਨ ਦੇ ਪ੍ਰਧਾਨ ਪੱਪੂ ਰਾਮ, ਆਗੂ ਦਿਲਬਾਗ ਰਾਏ, ਰਮੇਸ਼ ਕੁਮਾਰ, ਹਰਦੇਵ ਸਿੰਘ, ਬਜਿੰਦਰ ਸਿੰਘ ਅਤੇ ਸੰਜੀਵ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਜੁਲਾਈ ਤੋਂ ਅਕਤੂਬਰ ਤੱਕ ਦੀ ਤਨਖਾਹ ਨਹੀਂ ਦਿੱਤੀ ਗਈ ਅਤੇ ਨਾ ਹੀ ਪਿਛਲੇ ਚਾਰ ਸਾਲਾਂ ਦਾ ਪੀਐੱਫ ਜਮ੍ਹਾਂ ਕਰਵਾਇਆ ਗਿਆ ਹੈ। ਇਸ ਸਬੰਧੀ ਪਹਿਲਾਂ ਵੀ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਨੂੰ ਮੰਗ ਪੱਤਰ ਸੌਂਪੇ ਜਾ ਚੁੱਕੇ ਹਨ ਪਰ ਹਾਲੇ ਤੱਕ ਕੋਈ ਸੁਣਵਾਈ ਨਹੀਂ ਹੋਈ।
ਉਨ੍ਹਾਂ ਮੰਗ ਕੀਤੀ ਕਿ ਪਿਛਲੇ ਚਾਰ ਮਹੀਨਿਆਂ ਦੀ ਤਨਖਾਹ ਦਿੱਤੀ ਜਾਵੇ ਅਤੇ ਚਾਰ ਸਾਲਾਂ ਦਾ ਬਣਦਾ ਪੀਐੱਫ ਜਮ੍ਹਾਂ ਕਰਵਾਇਆ ਜਾਵੇ, ਗਰਮੀ ਅਤੇ ਸਰਦੀ ਦੀ ਵਰਦੀ ਦਿੱਤੀ ਜਾਵੇ, ਪੱਕੇ ਸਫ਼ਾਈ ਕਰਮਚਾਰੀਆਂ ਅਤੇ ਸੀਵਰਮੈਨਾਂ ਦਾ ਪੰਜ ਸਾਲਾਂ ਤੋਂ ਛੇਵੇਂ ਪੇਅ ਕਮਿਸ਼ਨ ਦਾ ਬਕਾਇਆ ਡੀ ਏ ਦਿੱਤਾ ਜਾਵੇ, ਸੀਨੀਅਰ ਮੁਲਾਜ਼ਮਾਂ ਨੂੰ ਬਣਦੀ ਤਰੱਕੀ ਦਿੱਤੀ ਜਾਵੇ, ਸਫਾਈ ਸੇਵਕ ਹਰਦੇਵ ਸਿੰਘ ਦੇ ਮੈਡੀਕਲ ਇਲਾਜ ਦਾ ਬਿੱਲ ਅਦਾ ਕੀਤਾ ਜਾਵੇ, ਹਰ ਤਨਖਾਹ ਸਮੇਂ ਸਿਰ ਦਿੱਤੀ ਜਾਵੇ ਤੇ ਟਰੈਕਟਰ ਡਰਾਈਵਰਾਂ ਨੂੰ ਡੀ ਸੀ ਰੇਟਾਂ ਅਨੁਸਾਰ ਤਨਖਾਹ ਦਿੱਤੀ ਜਾਵੇ। ਇਸ ਦੌਰਾਨ ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਜਲਦੀ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਦਰਜਾ ਚਾਰ ਮੁਲਾਜ਼ਮ ਅਣਮਿੱਥੇ ਸਮੇਂ ਲਈ ਧਰਨੇ ’ਤੇ ਬੈਠ ਜਾਣਗੇ।
