ਨਿੱਜੀ ਪੱਤਰ ਪ੍ਰੇਰਕ
ਫ਼ਿਰੋਜ਼ਪੁਰ, 10 ਜੁਲਾਈ
ਪੰਜਾਬ ਸਰਕਾਰ ਦੀ ਕੈਬਨਿਟ ਵਿਚ ਸ਼ਾਮਲ ਕੀਤੇ ਹਲਕਾ ਗੁਰੂਹਰਸਹਾਏ ਤੋਂ ਵਿਧਾਇਕ ਫੌਜਾ ਸਿੰਘ ਸਰਾਰੀ ਦਾ ਅੱਜ ਫ਼ਿਰੋਜ਼ਪੁਰ ਪੁੱਜਣ ’ਤੇ ਭਰਵਾਂ ਸਵਾਗਤ ਕੀਤਾ ਗਿਆ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਪੁਲੀਸ ਦੀ ਇੱਕ ਟੁਕੜੀ ਵੱਲੋਂ ਉਨ੍ਹਾਂ ਨੂੰ ਗਾਰਡ ਆਫ਼ ਆਨਰ ਵੀ ਦਿੱਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਸਰਾਰੀ ਨੇ ਕਿਹਾ ਕਿ ਪੰਜਾਬ ਸਰਕਾਰ ਹਰੇਕ ਵਰਗ ਦੀ ਭਲਾਈ ਲਈ ਕੰਮ ਕਰ ਰਹੀ ਹੈ ਤੇ ਸੂਬੇ ਦੇ ਲੋਕਾਂ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦਾ ਪਹਿਲਾ ਮਕਸਦ ਸੂਬੇ ਨੂੰ ਭ੍ਰਿਸ਼ਟਾਚਾਰ ਮੁਕਤ ਕਰਨਾ, ਨਸ਼ਿਆਂ ਦਾ ਖਾਤਮਾ ਕਰਨਾ, ਸਿਹਤ ਤੇ ਸਿੱਖਿਆ ਸਹੂਲਤਾਂ ਦਾ ਵਿਸਥਾਰ ਕਰਨਾ ਹੈ ਤਾਂ ਜੋ ਹਰ ਨਾਗਰਿਕ ਨੂੰ ਵਧੀਆ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ। ਉਨ੍ਹਾਂ ਇਹ ਵੀ ਕਿਹਾ ਕਿ ਸਰਹੱਦੀ ਇਲਾਕਿਆਂ ਵਿਚ ਉਚੇਰੀ ਸਿੱਖਿਆ ਅਤੇ ਵਧੀਆ ਸਿਹਤ ਸਹੂਲਤਾਂ ਯਕੀਨੀ ਬਣਾਉਣ ਲਈ ਪੂਰੇ ਯਤਨ ਕੀਤੇ ਜਾਣਗੇ। ਇਸ ਮੌਕੇ ਉਨ੍ਹਾਂ ਦੇ ਨਾਲ ਫ਼ਿਰੋਜ਼ਪੁਰ ਦਿਹਾਤੀ ਤੋਂ ਹਲਕਾ ਵਿਧਾਇਕ ਰਜਨੀਸ਼ ਦਹੀਯਾ, ਜ਼ੀਰਾ ਤੋਂ ਵਿਧਾਇਕ ਨਰੇਸ਼ ਕਟਾਰੀਆ, ਸ਼ਹਿਰੀ ਹਲਕੇ ਤੋਂ ਵਿਧਾਇਕ ਕੁਲਦੀਪ ਭੁੱਲਰ ਵੀ ਹਾਜ਼ਰ ਸਨ।