ਨਿੱਜੀ ਪੱਤਰ ਪ੍ਰੇਰਕ/ਪੱਤਰ ਪ੍ਰੇਰਕ
ਬਠਿੰਡਾ, 6 ਦਸੰਬਰ
ਸਰਕਾਰੀ ਰਾਜਿੰਦਰਾ ਕਾਲਜ ਦੇ ਗੇਟ ਅੱਗੇ ਪੰਜਾਬ ਸਰਕਾਰ ਖ਼ਿਲਾਫ ਨਾਅਰੇਬਾਜ਼ੀ ਕਰਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸਿੱਖਿਆ ਮੰਤਰੀ ਪਰਗਟ ਸਿੰਘ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਗੈਸਟ ਫੈਕਲਟੀ ਐਸੋਸੀਏਸ਼ਨ ਦੀ ਪ੍ਰਧਾਨ ਰੀਟਾ ਅਗਰਵਾਲ ਨੇ ਕਿਹਾ ਕਿ ਹਾਈ ਕੋਰਟ ਨੇ ਮਿਤੀ 3/12/2021 ਨੂੰ ਪ੍ਰੋਫੈਸਰਾਂ ਦੀ ਭਰਤੀ ਪ੍ਰਕਿਰਿਆ ’ਤੇ ਮੁੰਕਮਲ ਰੋਕ ਲਗਾਈ ਹੈ। ਇਸ ਦੇ ਬਾਵਜੂਦ ਕ੍ਰਿਸ਼ਨ ਕੁਮਾਰ ਭਰਤੀ ਦੀ ਪ੍ਰਕਿਰਿਆ ਵਿਚ ਤੇਜ਼ੀ ਨਾਲ ਲੱਗੇ ਹੋਏ ਹਨ। ਗੈਸਟ ਫੈਕਲਟੀ ਯੂਨੀਅਨ ਵੱਲੋਂ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਕਿ ਜੇਕਰ ਸਰਕਾਰ ਲਿਖਤੀ ਰੂਪ ਵਿਚ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਦੀਆਂ ਨੌਕਰੀਆਂ ਸੁਰੱਖਿਅਤ ਨਹੀਂ ਕਰਦੀ ਤਾਂ ਇਸ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਤੇ ਪ੍ਰੋ ਸਰਬਜੀਤ ਸਿੰਘ, ਕਮਲਜੀਤ ਸਿੰਘ, ਨਿੰਦਿਆ ਸ਼ਰਮਾ, ਰਾਜਵਿੰਦਰ ਕੌਰ ਅਤੇ ਰੀਟਾ ਅੱਗਰਵਾਲ ਸ਼ਾਮਲ ਸਨ।
ਕੋਟਕਪੂਰਾ (ਨਿੱਜੀ ਪੱਤਰ ਪ੍ਰੇਰਕ): ਸਥਾਨਕ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਕੋਟਕਪੂਰਾ ਵਿੱਚ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਦਾ ਧਰਨਾ ਸੂਬਾ ਪ੍ਰਧਾਨ ਹਰਮਿੰਦਰ ਸਿੰਘ ਡਿੰਪਲ ਦੀ ਅਗਵਾਈ ਅਧੀਨ 35ਵੇਂ ਦਿਨ ਵਿਚ ਸ਼ਾਮਲ ਹੋ ਗਿਆ। ਅੱਜ ਸੂਬਾਈ ਜੱਥੇਬੰਦੀ ਦੀ ਕਾਲ ’ਤੇ ਪੰਜਾਬ ਦੇ ਵੱਖ ਵੱਖ ਸਰਕਾਰੀ ਕਾਲਜਾਂ ਦੇ ਪ੍ਰੋਫੈਸਰਾਂ ਨੇ ਮੇਨ ਗੇਟ ’ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸਿੱਖਿਆ ਮੰਤਰੀ ਪਰਗਟ ਸਿੰਘ ਅਤੇ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ, ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੇ ਪੁਤਲੇ ਫੂਕ ਕੇ ਪੰਜਾਬ ਸਰਕਾਰ ਦੀਆਂ ਨੀਤੀਆਂ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰ ਅੰਮ੍ਰਿਤਪਾਲ ਸਿੰਘ, ਪ੍ਰੋ. ਪੂਰਨ ਅਰੋੜਾ, ਪ੍ਰੋ. ਰਣਜੀਤ ਸਿੰਘ, ਪ੍ਰੋ. ਸੁਖਵੀਰ ਕੌਰ ਨੇ ਸੰਬੋਧਨ ਕੀਤਾ।