ਪੱਤਰ ਪ੍ਰੇਰਕ
ਭੁੱਚੋ ਮੰਡੀ, 23 ਅਕਤੂਬਰ
ਗੁਲਾਬੀ ਸੁੰਡੀ ਕਾਰਨ ਨਰਮੇ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਅਤੇ ਬੀਜ ਅਤੇ ਖਾਦਾਂ ਆਦਿ ਵਿੱਚ ਨਿੱਜੀ ਕੰਪਨੀਆਂ ਵੱਲੋਂ ਕੀਤੀ ਜਾਂਦੀ ਕਥਿਤ ਲੁੱਟ ਖ਼ਿਲਾਫ਼ 25 ਅਕਤੂਬਰ ਤੋਂ ਅਣਮਿੱਥੇ ਸਮੇਂ ਲਈ ਮਿਨੀ ਸਕੱਤਰੇਤ ਬਠਿੰਡਾ ਦੇ ਕੀਤੇ ਜਾਣ ਵਾਲੇ ਘਿਰਾਓ ਦੀਆਂ ਤਿਆਰੀਆਂ ਵਿੱਚ ਕਿਸਾਨ ਜੁਟੇ ਹੋਏ ਹਨ। ਇਸ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪਿੰਡ ਲਹਿਰਾ ਬੇਗਾ ਵਿੱਚ ਆਗੂ ਬਚਿੱਤਰ ਸਿੰਘ ਦੀ ਅਗਵਾਈ ਹੇਠ ਕਿਸਾਨਾਂ ਨੂੰ ਲਾਮਬੰਦ ਕੀਤਾ ਗਿਆ।
ਬਲਾਕ ਪ੍ਰੈੱਸ ਸਕੱਤਰ ਅਵਤਾਰ ਸਿੰਘ ਨੇ ਪੰਜਾਬ ਸਰਕਾਰ ’ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਫ਼ਸਲ ਖਰਾਬੇ ਦੀ ਦੁਬਾਰਾ ਗਿਰਦਾਵਰੀ ਕਰਨ ਦੇ ਹੁਕਮ ਦੇ ਦਿੱਤੇ ਹਨ ਤਾਂ ਜੋ ਕਿਸਾਨਾਂ ਨੂੰ ਘੱਟ ਤੋਂ ਘੱਟ ਮੁਆਵਜ਼ਾ ਦਿੱਤਾ ਜਾ ਸਕੇ ਪਰ ਕਿਸਾਨ ਅਜਿਹਾ ਨਹੀਂ ਹੋਣ ਦੇਣਗੇ। ਕਾਂਗਰਸ ਸਰਕਾਰ ਨੇ ਕਿਸਾਨਾਂ ਵੱਲੋਂ ਮੁਆਵਜ਼ੇ ਲਈ ਮਨਪ੍ਰੀਤ ਬਾਦਲ ਦੀ ਕੋਠੀ ਅੱਗੇ 15 ਦਿਨ ਦਿੱਤੇ ਧਰਨੇ ਦੇ ਬਾਵਜੂਦ ਕੋਈ ਸੁਣਵਾਈ ਨਹੀਂ ਕੀਤੀ।
ਉਨ੍ਹਾਂ ਮੰਗ ਕੀਤੀ ਕਿ ਨਰਮੇ ਦੇ ਮੁਆਵਜ਼ੇ ਵਜੋਂ ਕਿਸਾਨਾਂ ਨੂੰ ਸੱਠ ਹਜ਼ਾਰ ਰੁਪਏ ਪ੍ਰਤੀ ਏਕੜ ਅਤੇ ਮਜ਼ਦੂਰਾਂ ਨੂੰ ਤੀਹ ਹਜ਼ਾਰ ਰੁਪਏ ਪ੍ਰਤੀ ਪਰਿਵਾਰ ਦਿੱਤਾ ਜਾਵੇ, ਮਾੜੇ ਬੀਜ ਤੇ ਸਪਰੇਅ ਵੇਚਣ ਵਾਲੀਆਂ ਕੰਪਨੀਆਂ ਅਤੇ ਮਿਲੀਭੁਗਤ ਵਾਲੇ ਖੇਤੀਬਾੜੀ ਅਫ਼ਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੇ ਜਾਵੇ, ਨਰਮਾ ਖਰਾਬੇ ਕਾਰਨ ਖੁਦਕੁਸ਼ੀ ਕਰ ਗਏ ਕਿਸਾਨਾਂ ਤੇ ਮਜ਼ਦੂਰਾਂ ਦੇ ਪੀੜਤ ਪਰਿਵਾਰਾਂ ਨੂੰ ਦਸ ਦਸ ਲੱਖ ਰੁਪਏ ਮੁਆਵਜ਼ਾ, ਇੱਕ ਜੀਅ ਨੂੰ ਸਰਕਾਰੀ ਨੌਕਰੀ ਅਤੇ ਸਾਰਾ ਕਰਜ਼ਾ ਮੁਆਫ਼ ਕੀਤਾ ਜਾਵੇ।
ਫੋਟੋ ਕੈਪਸ਼ਨ : ਪਿੰਡ ਲਹਿਰਾ ਬੇਗਾ ਵਿੱਚ ਮਿਨੀ ਸਕੱਤਰੇਤ ਦੇ ਘਿਰਾਓ ਲਈ ਲਾਮਵੰਦ ਕਰਦਾ ਹੋਇਆ ਇੱਕ ਆਗੂ। ਫੋਟੋ: ਪਵਨ ਗੋਇਲ