Gurmeet Singh Khudian Bathinda meeting: ਨਸ਼ਾ ਖ਼ਾਤਮੇ ਲਈ ਇੱਕਜੁੱਟ ਹੋ ਕੇ ਹੰਭਲਾ ਮਾਰਨਾ ਪਵੇਗਾ: ਖੁੱਡੀਆਂ
ਨਸ਼ਾ ਤਸਕਰਾਂ ’ਤੇ ਸਖ਼ਤੀ ਕਰਨ ਦੇ ਹੁਕਮ; ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ
ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੱਜ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਡੀ ਸੀ ਦਫ਼ਤਰ ਵਿੱਚ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ ਦੀ ਅਗਵਾਈ ਕੀਤੀ। ਮੀਟਿੰਗ ਵਿੱਚ ਪੁਲੀਸ ਤੇ ਸਿਵਲ ਪ੍ਰਸ਼ਾਸਨ ਤੋਂ ਇਲਾਵਾ ਜ਼ਿਲ੍ਹੇ ਦੇ ਛੇ ਵਿਧਾਨ ਸਭਾ ਹਲਕਿਆਂ ਦੇ ਨਸ਼ਾ ਮੁਕਤੀ ਮੋਰਚੇ ਦੇ ਅਹੁਦੇਦਾਰਾਂ ਨੇ ਸ਼ਮੂਲੀਅਤ ਕੀਤੀ।
ਸ੍ਰੀ ਖੁੱਡੀਆਂ ਨੇ ਦੱਸਿਆ ਕਿ ਬਠਿੰਡਾ ਜ਼ਿਲ੍ਹੇ ਵਿੱਚ ਹੁਣ ਤੱਕ 3248 ਕੇਸ ਦਰਜ ਕਰ ਕੇ 4593 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਵਿਲੇਜ ਡਿਫੈਂਸ ਕਮੇਟੀਆਂ ਅਤੇ ‘ਸੇਫ ਪੰਜਾਬ’ ਹੈਲਪਲਾਈਨ ਰਾਹੀਂ ਮਿਲਦੀਆਂ ਸੂਚਨਾਵਾਂ ਦੇ ਆਧਾਰ ’ਤੇ ਵੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ‘ਰੰਗਲਾ ਪੰਜਾਬ’ ਅਤੇ ਨਸ਼ਾ ਮੁਕਤ ਪੰਜਾਬ ਦਾ ਸੁਫਨਾ ਲੋਕਾਂ ਦੀ ਸਾਂਝੀ ਸ਼ਮੂਲੀਅਤ ਤੋਂ ਬਿਨਾਂ ਸਾਕਾਰ ਨਹੀਂ ਹੋ ਸਕਦਾ। ਨਸ਼ਿਆਂ ਦੀ ਅੱਗ ਨੂੰ ਘਰਾਂ ਤੱਕ ਪਹੁੰਚਣ ਤੋਂ ਰੋਕਣ ਲਈ ਸਮਾਜ ਨੂੰ ਇਕਜੁੱਟ ਹੋ ਕੇ ਹੰਭਲਾ ਮਾਰਨਾ ਪਵੇਗਾ। ਸਰਕਾਰ ਵੱਲੋਂ ਨਸ਼ਾ ਤਸਕਰੀ ਨੂੰ ਠੱਲ੍ਹ ਪਾਉਣ ਦੇ ਨਾਲ-ਨਾਲ ਨਸ਼ਾ ਪੀੜਤਾਂ ਦੇ ਇਲਾਜ ਅਤੇ ਮੁੜ ਵਸੇਬੇ ਵੱਲ ਵੀ ਧਿਆਨ ਦਿੱਤਾ ਜਾ ਰਿਹਾ ਹੈ।
ਮੁਹਿੰਮ ਦੇ ਮਾਲਵਾ ਜ਼ੋਨ ਕੋਆਰਡੀਨੇਟਰ ਚੁਸ਼ਪਿੰਦਰ ਸਿੰਘ ਚਾਹਲ ਨੇ ਸਾਂਝਾ ਹੰਭਲਾ ਮਾਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਪਿਛਲੇ ਡੇਢ ਸਾਲ ਤੋਂ ਜ਼ਿਲ੍ਹੇ ਦੇ ਹਰ ਹਿੱਸੇ ਵਿੱਚ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ, ਜਿਸ ਦੇ ਹਾਂ-ਪੱਖੀ ਨਤੀਜੇ ਸਾਹਮਣੇ ਆਏ ਹਨ।
ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਤਾਰ ਜਾਗਰੂਕਤਾ ਗਤੀਵਿਧੀਆਂ ਅਤੇ ਸੈਮੀਨਾਰ ਕਰਵਾਏ ਜਾ ਰਹੇ ਹਨ। ਐੱਸਐੱਸਪੀ ਸੁਹੇਲ ਕਾਸਿਮ ਮੀਰ ਨੇ ਮੁਹਿੰਮ ਨੂੰ ਹੋਰ ਤੇਜ਼ ਕਰਨ ਦਾ ਭਰੋਸਾ ਦਿੱਤਾ।
ਇਸ ਮੌਕੇ ਵਿਧਾਇਕ ਮੌੜ ਸੁਖਵੀਰ ਸਿੰਘ ਮਾਈਸਰਖਾਨਾ, ਬਠਿੰਡਾ (ਦਿਹਾਤੀ) ਹਲਕਾ ਇੰਚਾਰਜ ਗੋਪਾਲ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਕੰਚਨ, ਨਸ਼ਾ ਮੁਕਤੀ ਮੁਹਿੰਮ ਦੇ ਜ਼ਿਲ੍ਹਾ ਕੋਆਰਡੀਨੇਟਰ ਗੁਰਸੇਵਕ ਸਿੰਘ ਬਾਂਡੀ, ਉਪ ਮੰਡਲ ਮੈਜਿਸਟਰੇਟ ਬਠਿੰਡਾ ਅਮਨਦੀਪ ਸਿੰਘ ਮਾਵੀ ਆਦਿ ਹਾਜ਼ਰ ਸਨ।
ਪੁਲੀਸ ਨਸ਼ਾ ਤਸਕਰਾਂ ਉੱਪਰ ਸਖ਼ਤੀ ਕਰੇ: ਮੀਤ ਹੇਅਰ
ਬਰਨਾਲਾ (ਪਰਸ਼ੋਤਮ ਬੱਲੀ): ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਵਾਈ ਐੱਸ ਕਾਲਜ ਦੇ ਆਡੀਟੋਰੀਅਮ ਵਿੱਚ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ ਦੀ ਅਗਵਾਈ ਕੀਤੀ। ਉਨ੍ਹਾਂ ਆਖਿਆ ਕਿ ਨਸ਼ੇ ਰੋਕਣ ਲਈ ਸਮੁੱਚੇ ਸਮਾਜ ਨੂੰ ਇੱਕਜੁੱਟ ਹੋ ਕੇ ਨਿਰਣਾਇਕ ਹੰਭਲਾ ਮਾਰਨਾ ਹੋਵੇਗਾ। ਸਰਕਾਰ ਜਿੱਥੇ ਨਸ਼ਾ ਤਸਕਰੀ ’ਤੇ ਸਖ਼ਤੀ ਕਰ ਰਹੀ ਹੈ, ਉੱਥੇ ਹੀ ਨਸ਼ਾ ਪੀੜਤਾਂ ਦੇ ਇਲਾਜ ਲਈ ਵੀ ਵਚਨਬੱਧ ਹੈ। ਉਨ੍ਹਾਂ ਪੁਲੀਸ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤੇ ਕਿ ਨਸ਼ਾ ਤਸਕਰਾਂ ਉੱਪਰ ਸਖ਼ਤੀ ਕੀਤੀ ਜਾਵੇ। ਨੌਜਵਾਨਾਂ ਨੂੰ ਸਮਾਜਿਕ ਬੁਰਾਈਆਂ ਤੋਂ ਮੋੜਨ ਲਈ ਸਰਕਾਰੀ ਯੋਜਨਾਵਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਦੱਸਿਆ ਕਿ ਸੂਬੇ ਭਰ ਵਿੱਚ ਵੱਡੇ ਪੱਧਰ ’ਤੇ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ। ਪਿੰਡਾਂ ਵਿੱਚ ਵਿਲੇਜ ਡਿਫੈਂਸ ਕਮੇਟੀਆਂ ਸਰਗਰਮੀ ਨਾਲ ਨਿਗਰਾਨੀ ਕਰ ਰਹੀਆਂ ਹਨ। ਮੁਹਿੰਮ ਦੇ ਮਾਲਵਾ ਜ਼ੋਨ ਦੇ ਵਾਈਸ ਕੋਆਰਡੀਨੇਟਰ ਐਡਵੋਕੇਟ ਗੁਰਪ੍ਰੀਤ ਸਿੰਘ ਚੈਰੀ ਨੇ ਸਾਂਝਾ ਹੰਭਲਾ ਮਾਰਨ ਦਾ ਸੱਦਾ ਦਿੱਤਾ। ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਉਪਰਾਲੇ ਲਗਾਤਾਰ ਜਾਰੀ ਹਨ। ਐੱਸ ਐੱਸ ਪੀ ਮੁਹੰਮਦ ਸਰਫਰਾਜ਼ ਆਲਮ ਤੇ ਨਸ਼ਾ ਮੁਕਤੀ ਮੋਰਚੇ ਦੇ ਜ਼ਿਲ੍ਹਾ ਕੋਆਰਡੀਨੇਟਰ ਕੁਲਦੀਪ ਸਿੰਘ ਫਰਵਾਹੀ ਨੇ ਵੀ ਵਿਚਾਰ ਰੱਖੇ। ਇਸ ਮੌਕੇ ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ ਵਿਵੇਕ ਮੋਦੀ, ਐੱਸਪੀ ਸੰਜੀਵ ਗੋਇਲ, ਐੱਸ ਡੀ ਐੱਮ ਬਰਨਾਲਾ ਅਜੀਤਪਾਲ ਸਿੰਘ ਚਹਿਲ ਆਦਿ ਮੌਜੂਦ ਸਨ।

