ਗੁਰੂ ਗ੍ਰੰਥ ਸਾਹਿਬ ਦਾ ਸੰਪੂਰਨਤਾ ਦਿਵਸ ਸ਼ਰਧਾ ਨਾਲ ਮਨਾਇਆ
ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ 319ਵਾਂ ਸੰਪੂਰਨਤਾ ਦਿਵਸ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿੱਚ ਪੂਰਨ ਸ਼ਰਧਾ ਨਾਲ ਵੱਡੇ ਪੱਧਰ ’ਤੇ ਮਨਾਇਆ ਗਿਆ। ਸੰਪੂਰਨਤਾ ਦਿਵਸ ਸਮਾਗਮਾਂ ਵਿੱਚ ਤਖ਼ਤ ਦਮਦਮਾ ਸਾਹਿਬ ਦੇ ਸਿੰਘ ਸਾਹਿਬ ਬਾਬਾ ਟੇਕ ਸਿੰਘ ਧਨੌਲਾ ਅਤੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।
ਅੱਜ ਪਹਿਲਾਂ ਤਖ਼ਤ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਸੰਪੂਰਨਤਾ ਦਿਵਸ ਨੂੰ ਸਮਰਪਿਤ ਪਿਛਲੇ ਦੋ ਦਿਨ ਤੋਂ ਪ੍ਰਕਾਸ਼ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਅਰਦਾਸ ਤਖ਼ਤ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਭਾਈ ਗੁਰਜੰਟ ਸਿੰਘ ਨੇ ਕੀਤੀ। ਉਪਰੰਤ ਗੁਰਮਤਿ ਸਮਾਗਮ ਸਜਾਏ ਗਏ। ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਕਥਾ ਵਿਚਾਰਾਂ ਰਾਹੀਂ ਸੰਗਤ ਨਾਲ ਸਾਂਝ ਪਾਈ। ਉਨ੍ਹਾਂ ਸਿੱਖ ਨੌਜਵਾਨਾਂ ਵਿੱਚ ਪਤਿੱਤਪੁਣੇ ਦੇ ਰੁਝਾਨ ’ਤੇ ਚਿੰਤਾ ਪ੍ਰਗਟ ਕਰਦਿਆਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਛੋਟੇ ਬੱਚਿਆਂ ਨੂੰ ਗੁਰਬਾਣੀ ਨਾਲ ਜੋੜਨ। ਉਨ੍ਹਾਂ ਸਿੱਖ ਜਗਤ ਨੂੰ ਅਪੀਲ ਕੀਤੀ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਦਿਵਸ ਸਮਾਗਮ ਵੱਡੇ ਪੱਧਰ ’ਤੇ ਮਨਾਏ ਜਾਣ।
ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਿੰਘ ਸਾਹਿਬ ਬਾਬਾ ਟੇਕ ਸਿੰਘ ਧਨੌਲਾ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪੂਰਨਤਾ ਦੇ ਇਤਿਹਾਸ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਅਜਿਹੇ ਪਾਵਨ ਦਿਹਾੜਿਆਂ ਤੋਂ ਸਾਨੂੰ ਸੇਧ ਲੈ ਕੇ ਅੱਗੇ ਚੱਲਣ ਦੀ ਲੋੜ ਹੈ। ਉਨ੍ਹਾਂ ਆਪਣੇ ਸੰਦੇਸ਼ ਵਿੱਚ ਕਿਹਾ ਕਿ ਹਰ ਪ੍ਰਾਣੀ ਨੂੰ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਲੜ ਲੱਗਣਾ ਚਾਹੀਦਾ ਹੈ।