ਗੁਰੂ ਤੇਗ ਬਹਾਦਰ ਦਾ ਸ਼ਹੀਦੀ ਦਿਹਾੜਾ: ਸੌਂਦ ਵੱਲੋਂ ਸਮਾਗਮਾਂ ਦੀਆਂ ਤਿਆਰੀਆਂ ਦਾ ਜਾਇਜ਼ਾ
ਗੁਰੂ ਤੇਗ ਬਹਾਦਰ ਦਾ 350ਵਾਂ ਸ਼ਹੀਦੀ ਦਿਹਾੜਾ ਮਨਾਉਣ ਲਈ ਪੰਜਾਬ ਸਰਕਾਰ ਵੱਲੋਂ ਵਿਆਪਕ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਸਬੰਧ ’ਚ ਅੱਜ ਇੱਥੇ ਪੁੱਜੇ ਪੰਜਾਬ ਦੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਰਾਜ ਪੱਧਰੀ ਸਮਾਗਮ ਦੇ ਅਗਾਊਂ ਪ੍ਰਬੰਧਾਂ ਬਾਰੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਦੱਸਿਆ ਕਿ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ 19 ਤੋਂ 25 ਨਵੰਬਰ ਤੱਕ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਦੀ ਰਸਮੀ ਸ਼ੁਰੂਆਤ 25 ਅਕਤੂਬਰ ਨੂੰ ਦਿੱਲੀ ਦੇ ਚਾਂਦਨੀ ਚੌਕ ਤੋਂ ਅਰਦਾਸ ਨਾਲ ਕੀਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਸਾਰੇ ਪ੍ਰਬੰਧ ਵਕਤ ਸਿਰ ਮੁਕੰਮਲ ਕਰਨ ਅਤੇ ਮਰਿਆਦਾ ਵਿੱਚ ਰਹਿ ਕੇ ਸਮਾਗਮਾਂ ਦੌਰਾਨ ਸੇਵਾ ਨਿਭਾਉਣ ਦੇ ਆਦੇਸ਼ ਦਿੱਤੇ। ਸ੍ਰੀ ਸੌਂਦ ਨੇ ਦੱਸਿਆ ਕਿ ਧਾਰਮਿਕ ਸਮਾਗਮ 23, 24 ਅਤੇ 25 ਨਵੰਬਰ ਨੂੰ ਵੱਡੀ ਪੱਧਰ ’ਤੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਕਰਵਾਏ ਜਾਣਗੇ। ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦੀ ਦਿਹਾੜੇ ਮੌਕੇ ਚਾਰ ਨਗਰ ਕੀਰਤਨ ਸਜਾਏ ਜਾਣਗੇ। ਇਕ ਸ੍ਰੀਨਗਰ ਤੋਂ, ਇੱਕ ਮਾਝੇ-ਦੋਆਬੇ ਅਤੇ ਦੋ ਮਾਲਵੇ ਵਿੱਚੋਂ ਸਜਾਏ ਜਾਣਗੇ, ਜੋ ਕਿ ਪੰਜਾਬ ਦੇ ਵੱਖ-ਵੱਖ ਖੇਤਰਾਂ ’ਚੋਂ ਹੁੰਦੇ ਹੋਏ ਸ੍ਰੀ ਆਨੰਦਪੁਰ ਸਾਹਿਬ ਪਹੁੰਚ ਕੇ ਸਮਾਪਤ ਹੋਣਗੇ। ਉਨ੍ਹਾਂ ਕਿਹਾ ਕਿ ਸਾਰੇ ਜ਼ਿਲ੍ਹਿਆਂ ਅੰਦਰ 1 ਨਵੰਬਰ ਤੋਂ 15 ਨਵੰਬਰ ਤੱਕ ਲਾਈਟ ਐਂਡ ਸਾਊਂਡ ਸ਼ੋਅ ਵੀ ਦਿਖਾਏ ਜਾਣਗੇ।
ਮੀਟਿੰਗ ਵਿੱਚ ਕਲਚਰਲ ਤੇ ਟੂਰਿਜ਼ਮ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ, ਵਿਧਾਇਕ ਬਠਿੰਡਾ (ਸ਼ਹਿਰੀ) ਜਗਰੂਪ ਸਿੰਘ ਗਿੱਲ, ਵਿਧਾਇਕ ਮੌੜ ਸੁਖਬੀਰ ਸਿੰਘ ਮਾਈਸਰਖਾਨਾ, ਡਿਪਟੀ ਕਮਿਸ਼ਨਰ ਬਠਿੰਡਾ ਰਾਜੇਸ਼ ਧੀਮਾਨ, ਐੱਸ ਐੱਸ ਪੀ ਬਠਿੰਡਾ ਅਮਨੀਤ ਕੌਂਡਲ, ਨਗਰ ਸੁਧਾਰ ਟਰੱਸਟ ਬਠਿੰਡਾ ਦੇ ਚੇਅਰਮੈਨ ਜਤਿੰਦਰ ਸਿੰਘ ਭੱਲਾ, ਸ਼ੂਗਰਫ਼ੈੱਡ ਪੰਜਾਬ ਦੇ ਚੇਅਰਮੈਨ ਐਡਵੋਕੇਟ ਨਵਦੀਪ ਸਿੰਘ ਜੀਦਾ, ਮੇਅਰ ਬਠਿੰਡਾ ਪਦਮਜੀਤ ਮਹਿਤਾ, ਚੇਅਰਮੈਨ ਨੀਲ ਗਰਗ, ਐਡਮਿਨਸਟਰੇਟਿਵ ਸੈਕਟਰੀ ਟੂਰਿਜ਼ਮ ਤੇ ਕਲਚਰਲ ਅਫ਼ੇਅਰ ਅਭਿਨਵ ਤ੍ਰਿਖਾ ਅਤੇ ਏ ਡੀ ਸੀ (ਵਿਕਾਸ) ਕੰਚਨ ਆਦਿ ਹਾਜ਼ਰ ਸਨ।