ਗੁਰੂ ਤੇਗ ਬਹਾਦਰ ਦੀ ਕੁਰਬਾਨੀ ਭੁੱਲਾਈ ਨਹੀਂ ਜਾ ਸਕਦੀ: ਨਾਇਬ ਸੈਣੀ
ਹਰਿਆਣਾ ਦੇ ਮੁੱਖ ਮੰਤਰੀ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਨੇ ਦੇਸ਼ ਤੇ ਧਰਮ ਦੀ ਰੱਖਿਆ ਲਈ ਕੁਰਬਾਨੀ ਦਿੱਤੀ ਜਿਸ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਗੁਰੂ ਤੇਗ ਬਹਾਦਰ ਦਾ ਹਰਿਆਣਾ ਦੀ ਧਰਤੀ ਨਾਲ ਗੂੜ੍ਹਾ ਸਬੰਧ ਹੈ ਇਸ ਲਈ ਹਰਿਆਣਾ ਸਰਕਾਰ ਵੱਲੋਂ ਯਮੁਨਾਨਗਰ ਨਗਰ ਵਿੱਚ ਬਣਨ ਵਾਲੇ ਮੈਡੀਕਲ ਕਾਲਜ ਦਾ ਨਾਮ ਵੀ ਗੁਰੂ ਤੇਗ ਬਹਾਦਰ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ ਪੂਰੇ ਹਰਿਆਣਾ ਵਿੱਚ ਨਗਰ ਕੀਰਤਨ ਦੇ ਰੂਪ ਵਿੱਚ ਚਾਰ ਯਾਤਰਾਵਾਂ ਕਰ ਰਹੀ ਹੈ। ਪਹਿਲੀ ਯਾਤਰਾ ਰੋੜੀ ਤੋਂ ਆਰੰਭ ਹੋਈ ਹੈ, ਦੂਜੀ ਕਾਲਕਾ-ਪਿੰਜੌਰ ਤੋਂ ਆਰੰਭ ਹੋਵੇਗੀ, ਤੀਜੀ ਯਾਤਰਾ ਫਰੀਦਾਬਾਦ ਤੋਂ ਚੱਲੇਗੀ ਅਤੇ ਚੌਥੀ ਸਢੌਰਾ ਕਲੇਸਰ ਤੋਂ ਚੱਲੇਗੀ। ਉਨ੍ਹਾਂ ਕਿਹਾ ਕਿ ਰੋੜੀ ਤੋਂ ਆਰੰਭ ਹੋਇਆ ਨਗਰ ਕੀਰਤਨ 24 ਨਵੰਬਰ ਨੂੰ ਕੁਰੂਕਸ਼ੇਤਰ ਦੇ ਗੁਰਦੁਆਰਾ ਸਾਹਿਬ ਪਾਤਿਸ਼ਾਹੀ ਛੇਵੀਂ ਵਿਖੇ ਪੁੱਜੇਗਾ। ਉਨ੍ਹਾਂ ਹਰਿਆਣਾ ਨਿਵਾਸੀ ਸਿੱਖ ਸੰਗਤ ਨੂੰ ਨਗਰ ਕੀਰਤਨ ਦੇ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਅਪੀਲ ਕੀਤੀ। ਉਹ ਅੱਜ ਚੌਧਰੀ ਦੇਵੀ ਲਾਲ ਯੂਨੀਵਰਸਿਟੀ ’ਚ ਸ਼੍ਰੀ ਤੇਗ ਬਹਾਦਰ ਦੇ ਜੀਵਨ ਅਤੇ ਦਰਸ਼ਨ ਵਿਸ਼ੇ ’ਤੇ ਕਰਵਾਏ ਗਏ ਸੈਮੀਨਾਰ ’ਚ ਹਾਜਰ ਲੋਕਾਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਹਰਿਆਣਾ ਸਾਹਿਤ ਅਤੇ ਸੰਸਕ੍ਰਿਤ ਅਕਾਦਮੀ ਦੇ ਕਾਰਜਕਾਰੀ ਪ੍ਰਧਾਨ ਪ੍ਰੋ. ਕੁਲਦੀਪ ਚੰਦ ਅਤੇ ਸੈਂਟਰਲ ਯੂਨੀਵਰਸਿਟੀ ਪੰਜਾਬ ਦੇ ਵਾਈਸ ਚਾਂਸਲਰ ਪ੍ਰੋ. ਜਗਬੀਰ ਸਿੰਘ ਮੁੱਖ ਬੁਲਾਰੇ ਸਨ। ਇਸ ਦੌਰਾਨ ਗੁਰੂ ਤੇਗ ਬਹਾਦਰ ਦੇ ਜੀਵਨ ਬਾਰੇ ਲਿਖੀਆਂ ਗਈਆਂ ਦੋ ਪੁਸਤਕਾਂ ਵੀ ਰਿਲੀਜ਼ ਕੀਤੀਆਂ ਗਈਆਂ।
ਉਨ੍ਹਾਂ ਕਿਹਾ ਕਿ ਇਸ ਸ਼ਤਾਬਦੀ ਸਾਲ ਦੌਰਾਨ ਹਰਿਆਣਾ ਸਰਕਾਰ ਵੱਲੋਂ ਇਹ ਫੈਸਲਾ ਲਿਆ ਗਿਆ ਹੈ ਕਿ 1984 ਦੌਰਾਨ ਜਿਨ੍ਹਾਂ ਸਿੱਖ ਪਰਿਵਾਰਾਂ ਨੇ ਆਪਣੇ ਪਰਿਵਾਰ ਦੇ ਜੀਅ ਗਵਾਏ ਹਨ, ਉਨ੍ਹਾਂ ਦੇ ਪਰਿਵਾਰ ਦੇ ਇੱਕ ਮੈਂਬਰ ਨੂੰ ਹਰਿਆਣਾ ਸਰਕਾਰ ਵੱਲੋਂ ਨੌਕਰੀ ਦਿੱਤੀ ਜਾਵੇਗੀ। ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸ਼ਲਾਘਾ ਕੀਤੀ ਅਤੇ ਆਖਿਆ ਕਿ ਬਿਹਾਰ ’ਚ ਮੁੜ ਤੋਂ ਐੱਨ ਡੀ ਏ ਦੀ ਸਰਕਾਰ ਬਣੇਗੀ। ਇਸ ਮੌਕੇ ’ਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਸਮੇਤ ਹਰਿਆਣਾ ਕਮੇਟੀ ਦੇ ਮੈਂਬਰ ਅਤੇ ਅਹੁਦੇਦਾਰ ਤੇ ਹੋਰ ਲੋਕ ਵੱਡੀ ਗਿਣਤੀ ’ਚ ਹਾਜਰ ਸਨ।
