ਰਾਜਿੰਦਰ ਵਰਮਾ
ਭਦੌੜ, 25 ਦਸੰਬਰ
ਆਲ ਇੰਡੀਆ ਕਾਂਗਰਸ ਦੇ ਸਕੱਤਰ ਤੇ ਪੰਜਾਬ ਦੇ ਸਹਿ ਇੰਚਾਰਜ ਹਰਸ਼ਵਰਧਨ ਨੇ ਪਾਰਟੀ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਕਾਂਗਰਸ ਨੂੰ ਦੁਬਾਰਾ ਸੱਤਾ ’ਚ ਆਉਣ ਤੋਂ ਰੋਕਣ ਲਈ ਆਪਣੀਆਂ ਵੱਖ-ਵੱਖ ਟੀਮਾਂ ਤਿਆਰ ਕਰ ਰਹੀ ਹੈ, ਜਿਸ ’ਚ ਉਹ ਕਾਮਯਾਬ ਨਹੀਂ ਹੋਵੇਗੀ। ਹਰਸ਼ਵਰਧਨ ਨੇ ਕਾਂਗਰਸੀ ਵਰਕਰਾਂ ਨੂੰ ਹੱਲਾਸ਼ੇਰੀ ਦਿੰਦਿਆਂ ਕਿਹਾ ਕਿ ਬੂਥ ਪੱਧਰ ’ਤੇ ਤਿਆਰੀਆਂ ਵਿੱਚ ਜੁਟਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਚੰਨੀ ਸਰਕਾਰ ਤੋਂਂ ਪੂਰੀ ਤਰ੍ਹਾਂ ਖੁਸ਼ ਹਨ ਤੇ ਦੁਬਾਰਾ ਕਾਂਗਰਸ ਦੀ ਸਰਕਾਰ ਬਣਾਉਣ ਦਾ ਮਨ ਬਣਾਈ ਬੈਠੇ ਹਨ। ਇਸ ਮੌਕੇ ਕਾਂਗਰਸ ਦੀ ਇੱਕ ਮਹਿਲਾ ਆਗੂ ਜਦੋਂ ਸੰਬੋਧਨ ਕਰਨ ਲੱਗੀ ਤਾਂ ਹਲਕਾ ਭਦੌੜ ਦੇ ਸਰਪੰਚਾਂ ਨੇ ਪ੍ਰੋਗਰਾਮ ਦਾ ਬਾਈਕਾਟ ਕਰ ਕੇ ਬਾਹਰ ਧਰਨਾ ਲਾ ਦਿੱਤਾ। ਸਰਪੰਚ ਯੂਨੀਅਨ ਦੇ ਪ੍ਰਧਾਨ ਸੁਖਵਿੰਦਰ ਸਿੰਘ ਕਲਕੱਤਾ ਨੇ ਕਿਹਾ ਕਿ ਉਨ੍ਹਾਂ ਨੂੰ ਘੱਟ ਗ੍ਰਾਂਤ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇ ਉਨ੍ਹਾਂ ਨੂੰ ਬਣਦੀ ਗਰਾਂਟ ਨਾ ਦਿੱਤੀ ਗਈ ਤਾਂ ਉਹ ਚੋਣਾਂ ਵਿਚ ਬੂਥ ਨਹੀਂ ਲਗਾਉਣਗੇ। ਸੀਤਾ ਰਾਮ ਲਾਂਬਾ ਤੇ ਵਿਧਾਇਕ ਪਿਰਮਲ ਸਿੰਘ ਨੇ ਸਰਪੰਚਾਂ ਨੂੰ ਉਨ੍ਹਾਂ ਦਾ ਮਸਲਾ ਹੱਲ ਕਰਨ ਦਾ ਭਰੋਸਾ ਦਿੱਤਾ।