ਹਰਸਿਮਰਤ ਵੱਲੋਂ ਵਰਕਰਾਂ ਨੂੰ ਆਗਾਮੀ ਚੋਣਾਂ ਲਈ ਤਿਆਰ ਰਹਿਣ ਦਾ ਸੱਦਾ
ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਸ਼ਹਿਰੀ ਵਿਧਾਨ ਸਭਾ ਹਲਕੇ ਦਾ ਦੌਰਾ ਕਰਦਿਆਂ ਅਕਾਲੀ ਵਰਕਰਾਂ ਨੂੰ ਆਉਣ ਵਾਲੀਆਂ ਨਗਰ ਨਿਗਮ ਅਤੇ ਵਿਧਾਨ ਸਭਾ ਚੋਣਾਂ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ ਹੈ। ਉਪਰੰਤ ਉਨ੍ਹਾਂ ਆਪਣੇ ਦਫ਼ਤਰ ਵਿੱਚ ਹਲਕੇ ਦੀ ਲੀਡਰਸ਼ਿਪ ਅਤੇ ਵਰਕਰਾਂ ਨਾਲ ਮੀਟਿੰਗ ਕਰ ਕੇ ਨਗਰ ਨਿਗਮ, ਬਲਾਕ ਸਮਿਤੀ ਅਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਸਬੰਧੀ ਚਰਚਾ ਕੀਤੀ। ਬਠਿੰਡਾ ਸੰਸਦ ਨੇ ਬਠਿੰਡਾ ਲੋਕ ਸਭਾ ਹਲਕੇ ਵਿੱਚ ਟਕਸਾਲੀ ਪਰਿਵਾਰਾਂ ਅਤੇ ਅਕਾਲੀ ਵਰਕਰਾਂ ਨਾਲ ਸੰਪਰਕ ਮਹਿੰਮ ਸ਼ੁਰੂ ਕਰ ਦਿਤੀ ਹੈ। ਉਨ੍ਹਾਂ ਬਠਿੰਡਾ ਵਿਚ ਜਿਥੇ ਟਕਸਾਲੀ ਪਰਿਵਾਰਾਂ ਨਾਲ ਮੁਲਾਕਾਤ ਕੀਤੀ। ਉਥੇ ਉਨ੍ਹਾਂ ਵਰਕਰਾਂ ਨੂੰ ਪਾਰਟੀ ਨੂੰ ਬੂਥ ਪੱਧਰ ’ਤੇ ਮਜ਼ਬੂਤ ਬਣਾਉਣਾ ਸਮੇਂ ਦੀ ਲੋੜ ਹੈ, ਤਾਂ ਜੋ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਿਆ ਜਾ ਸਕੇ।
ਇਸ ਦੌਰੇ ਦੌਰਾਨ ਹਰਸਿਮਰਤ ਕੌਰ ਬਾਦਲ ਨੇ ਗੁਰਵਿੰਦਰ ਸਿੰਘ (ਕਿਸ਼ੋਰੀ ਰਾਮ ਹਸਪਤਾਲ ਨੇੜੇ), ਭਗਵਾਨ ਦਾਸ (ਮਨੋਚਾ ਕਲੋਨੀ), ਮਹਿਣਾ ਚੌਕ, ਮਾਡਲ ਟਾਊਨ ਫੇਜ਼-3, ਅਮਰਪੂਰਾ ਬਸਤੀ ਅਤੇ ਚੁੱਘੇ ਖੁਰਦ ਸਮੇਤ ਕਈ ਪਰਿਵਾਰਾਂ ਨਾਲ ਮੁਲਾਕਾਤ ਕੀਤੀ।
ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਲੋਕਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਚਲਾਈਆਂ ਲੋਕ ਹਿੱਤ ਸਕੀਮਾਂ ਨੂੰ ਉਭਾਰਿਆ ਜਾਵੇ ਅਤੇ ਮੌਜੂਦਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦਾ ਵਿਰੋਧ ਕੀਤਾ ਜਾਵੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਸੁਸ਼ੀਲ ਕੁਮਾਰ ਗੋਲਡੀ, ਹਲਕਾ ਇੰਚਾਰਜ ਇਕਬਾਲ ਸਿੰਘ ਢਿੱਲੋਂ, ਰਾਜਵਿੰਦਰ ਸਿੰਘ, ਵਿਨੋਦ ਕੁਮਾਰ ਗਰਜ, ਗੁਰਪ੍ਰੀਤ ਸਿੰਘ ਸੰਧੂ, ਚਰਨਜੀਤ ਕੌਰ ਸਮੇਤ ਵੱਡੀ ਗਿਣਤੀ ਵਿੱਚ ਅਕਾਲੀ ਵਰਕਰ ਤੇ ਆਗੂ ਹਾਜ਼ਰ ਸਨ।