ਜਸਵੰਤ ਜੱਸ
ਫ਼ਰੀਦਕੋਟ, 6 ਮਾਰਚ
ਹਾੜ੍ਹੀ ਦੇ ਸੀਜ਼ਨ ਵਿੱਚ ਚੰਗੀ ਕਮਾਈ ਦੀ ਆਸ ਨਾਲ ਪੰਜਾਬ ਦੇ ਹਜ਼ਾਰਾਂ ਕਿਸਾਨ ਆਪਣੀਆਂ ਕੰਬਾਈਨਾਂ, ਟਰੈਕਟਰ-ਟਰਾਲੀਆਂ ਅਤੇ ਰੀਪਰਾਂ ਸਮੇਤ ਹੋਰਨਾਂ ਰਾਜਾਂ ਵਿੱਚ ਕੰਮ ਕਰਨ ਲਈ ਜਾ ਰਹੇ ਹਨ। ਕਿਸਾਨ ਆਪਣੇ ਦੋ ਮਹੀਨਿਆਂ ਤੋਂ ਵੱਧ ਦੇ ਪਰਵਾਸ ਦੌਰਾਨ ਰਾਜਸਥਾਨ, ਗੁਜਰਾਤ, ਮੱਧ ਪ੍ਰਦੇਸ਼, ਮਹਾਰਾਸ਼ਟਰ ਆਦਿ ਸੂਬਿਆਂ ਵਿੱਚ ਉੱਥੋਂ ਦੇ ਕਿਸਾਨਾਂ ਨੂੰ ਕੰਬਾਈਨਾਂ, ਰੀਪਰ ਆਦਿ ਦੀਆਂ ਸੇਵਾਵਾਂ ਮੁਹੱਈਆ ਕਰਵਾਉਣਗੇ। ਕਿਸਾਨ ਕੁਲਦੀਪ ਸਿੰਘ, ਸੁਰਜੀਤ ਸਿੰਘ ਅਤੇ ਕੁਲਵੰਤ ਸਿੰਘ ਨੇ ਦੱਸਿਆ ਕਿ ਉਹ ਪਿਛਲੇ ਦਸ ਸਾਲ ਤੋਂ ਹੋਰਨਾਂ ਸੂਬਿਆਂ ਵਿਚ ਹਾੜ੍ਹੀ ਦੇ ਸੀਜ਼ਨ ਦੌਰਾਨ ਕਣਕ, ਸਰ੍ਹੋਂ, ਜੌਂ ਅਤੇ ਤੋਰੀਆ ਆਦਿ ਵੱਢਣ ਲਈ ਜਾਂਦੇ ਹਨ ਅਤੇ ਦੋ ਮਹੀਨਿਆਂ ਦੇ ਸੀਜ਼ਨ ਦੌਰਾਨ ਉਨ੍ਹਾਂ ਨੂੰ ਇੱਕ ਲੱਖ ਰੁਪਏ ਦੀ ਆਮਦਨ ਹੋ ਜਾਂਦੀ ਹੈ ਪਰ ਕਰੋਨਾ ਮਹਾਮਾਰੀ ਕਾਰਨ ਪਿਛਲੇ ਦੋ ਸਾਲਾਂ ਦੌਰਾਨ ਪੰਜਾਬ ਦੇ ਕਿਸਾਨ ਖੁੱਲ੍ਹ ਕੇ ਹੋਰਨਾਂ ਸੂਬਿਆਂ ਵਿੱਚ ਹਾੜ੍ਹੀ ਦੇ ਸੀਜ਼ਨ ਦੌਰਾਨ ਕੰਮ ਲਈ ਨਹੀਂ ਜਾ ਸਕੇ। ਮੱਧ ਪ੍ਰਦੇਸ਼ ਸਰਕਾਰ ਨੇ ਪੰਜਾਬ ਦੇ ਉਨ੍ਹਾਂ ਕਿਸਾਨਾਂ ਦੇ ਟੌਲ ਪਲਾਜ਼ੇ ਮੁਆਫ਼ ਕਰਨ ਦਾ ਐਲਾਨ ਕੀਤਾ ਹੈ ਜੋ ਕੰਬਾਈਨਾਂ, ਟਰੈਕਟਰ ਅਤੇ ਰੀਪਰ ਲੈ ਕੇ ਹਾੜ੍ਹੀ ਦੇ ਸੀਜ਼ਨ ਵਿੱਚ ਮੱਧ ਪ੍ਰਦੇਸ਼ ਜਾ ਰਹੇ ਹਨ। ਜਦਕਿ ਰਾਜਸਥਾਨ, ਗੁਜਰਾਤ ਅਤੇ ਮਹਾਰਾਸ਼ਟਰ ਵਿੱਚ ਜਾਣ ਵਾਲੇ ਕਿਸਾਨਾਂ ਨੂੰ ਕੌਮੀ ਮਾਰਗਾਂ ਉੱਪਰ ਟੌਲ ਪਲਾਜ਼ਾ ਦੇਣਾ ਪਵੇਗਾ। ਗੁਜਰਾਤ ਅਤੇ ਰਾਜਸਥਾਨ ਵਿੱਚ ਆਪਣੀ ਕੰਬਾਈਨ ਲਿਜਾ ਕੇ ਸੀਜ਼ਨ ਦੌਰਾਨ ਵਾਢੀ ਕਰਨ ਵਾਲੇ ਕਿਸਾਨ ਰਾਜਪਾਲ ਸਿੰਘ ਵਾਸੀ ਅਰਾਈਆਂਵਾਲਾ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੀ ਮਸ਼ੀਨਰੀ ਕਾਰਨ ਹੋਰਨਾਂ ਸੂਬਿਆਂ ਨੂੰ ਖੇਤੀ ਕਰਨ ਵਿੱਚ ਕਾਫੀ ਮੱਦਦ ਮਿਲੀ ਹੈ ਕਿਉਂਕਿ ਉਥੋਂ ਦਾ ਕਿਸਾਨ ਗ਼ਰੀਬ ਹੈ ਅਤੇ ਉਸ ਕੋਲ ਮਸ਼ੀਨਰੀ ਦੀ ਵੱਡੀ ਘਾਟ ਹੈ, ਜਿਸ ਨੂੰ ਪੰਜਾਬ ਦੇ ਕਿਸਾਨ ਪੂਰਾ ਕਰਦੇ ਹਨ। ਕੁਲਵਿੰਦਰ ਸਿੰਘ ਸੰਧੂ ਨੇ ਕਿਹਾ ਕਿ ਡੀਜ਼ਲ ਦੇ ਲਗਾਤਾਰ ਮਹਿੰਗੇ ਹੋਣ ਕਾਰਨ ਹੋਰਨਾਂ ਸੂਬਿਆਂ ਵਿੱਚ ਜਾਣ ਵਾਲੇ ਕਿਸਾਨਾਂ ਦੀ ਆਮਦਨ ਵਿੱਚ ਵੱਡਾ ਘਾਟਾ ਪਿਆ ਹੈ ਅਤੇ ਜੇਕਰ ਡੀਜ਼ਲ ਅਤੇ ਮਸ਼ੀਨਰੀ ਦੇ ਰੇਟ ਇਸੇ ਤਰ੍ਹਾਂ ਵਧਦੇ ਰਹੇ ਤਾਂ ਪੰਜਾਬ ਦੇ ਕਿਸਾਨ ਆਉਣ ਵਾਲੇ ਸਮੇਂ ਵਿੱਚ ਹੋਰਨਾਂ ਸੂਬਿਆਂ ਵਿੱਚ ਹਾੜ੍ਹੀ ਅਤੇ ਸਾਉਣੀ ਵੱਢਣ ਲਈ ਨਹੀਂ ਜਾ ਸਕਣਗੇ। ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਨੇ ਕਿਹਾ ਕਿ ਹੋਰਨਾਂ ਸੂਬਿਆਂ ਵਿੱਚ ਜਾਣ ਵਾਲੇ ਕਿਸਾਨਾਂ ਨੂੰ ਪੁਲੀਸ ਵੱਲੋਂ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਹੈ ਅਤੇ ਨਾਕਿਆਂ ਉੱਪਰ ਕਿਸਾਨਾਂ ਦੇ ਵਾਹਨਾਂ ਦੇ ਕਾਗਜ਼ਾਤ ਆਦਿ ਚੈੱਕ ਕਰਨ ਦੇ ਨਾਂ ’ਤੇ ਉਨ੍ਹਾਂ ਤੋਂ ਪੈਸੇ ਬਟੋਰੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਹ ਮਾਮਲਾ ਭਾਰਤ ਦੇ ਕੇਂਦਰੀ ਖੇਤੀਬਾੜੀ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਪ੍ਰੰਤੂ ਫਿਰ ਵੀ ਕਿਸਾਨਾਂ ਦੀਆਂ ਸਮੱਸਿਆਵਾਂ ਜਿਉਂ ਦੀਆਂ ਤਿਉਂ ਹਨ। ਕਿਸਾਨ ਆਗੂ ਲਾਲ ਸਿੰਘ ਗੋਲੇਵਾਲਾ, ਚਰਨਜੀਤ ਸਿੰਘ ਸੁੱਖਣਵਾਲਾ ਅਤੇ ਮਾਸਟਰ ਸੂਰਜ ਭਾਨ ਨੇ ਕਿਹਾ ਕਿ ਪੰਜਾਬ ਦਾ ਕਿਸਾਨ ਮਹਿੰਗੇ ਮੁੱਲ ਦੀ ਮਸ਼ੀਨਰੀ ਨਾਲ ਦੂਸਰੇ ਸੂਬੇ ਦੇ ਕਿਸਾਨਾਂ ਦੀ ਖੇਤੀ ਵਿੱਚ ਮੱਦਦ ਕਰਕੇ ਦੇਸ਼ ਦੇ ਲੋਕਾਂ ਨੂੰ ਸਸਤਾ ਅਨਾਜ ਮੁਹੱਈਆ ਕਰਵਾ ਰਿਹਾ ਹੈ ਇਸ ਲਈ ਕਿਸਾਨਾਂ ਨੂੰ ਖੇਤੀਬਾੜੀ ਲਈ ਵਰਤੀ ਜਾਂਦੀ ਮਸ਼ੀਨਰੀ ਉੱਪਰ ਲੱਗਣ ਬਾਰੇ ਸਾਰੇ ਟੈਕਸ ਮੁਆਫ਼ ਹੋਣੇ ਚਾਹੀਦੇ ਹਨ ਅਤੇ ਇਸ ਤੋਂ ਇਲਾਵਾ ਖੇਤੀ ਲਈ ਵਰਤੇ ਜਾਣ ਵਾਲੇ ਡੀਜ਼ਲ ਉੱਪਰ ਵਿਸ਼ੇਸ਼ ਸਬਸਿਡੀ ਦਿੱਤੀ ਜਾਣੀ ਚਾਹੀਦੀ ਹੈ।