ਹਰਿਆਣਾ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ’ਚ ਫੇਲ੍ਹ: ਸ਼ੈਲਜਾ
ਬੇਰੁਜ਼ਗਾਰੀ ਕਾਰਨ ਨੌਜਵਾਨ ਵਿਦੇਸ਼ਾਂ ਦਾ ਰੁਖ਼ ਕਰਨ ਨੂੰ ਮਜਬੂਰ
ਸਿਰਸਾ ਦੀ ਸੰਸਦ ਮੈਂਬਰ ਕੁਮਾਰੀ ਸ਼ੈਲਜਾ ਨੇ ਕਿਹਾ ਹੈ ਕਿ ਸੂਬਾ ਸਰਕਾਰ ਨੌਜਵਾਨ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ’ਚ ਫੇਲ੍ਹ ਸਾਬਤ ਹੋ ਰਹੀ ਹੈ। ਬੇਰੁਜ਼ਗਾਰੀ ਕਾਰਨ ਨੌਜਵਾਨ ਵਿਦੇਸ਼ਾਂ ਵੱਲ ਪਰਵਾਸ ਕਰ ਰਹੇ ਹਨ ਜੋ ਡੂੰਘੀ ਚਿੰਤਾ ਦਾ ਵਿਸ਼ਾ ਹੈ। ਅਮਰੀਕਾ ਤੋਂ ਵਾਪਸ ਆਉਣ ਵਾਲੇ ਨੌਜਵਾਨਾਂ ਨੂੰ ਬੇਇੱਜ਼ਤ ਕੀਤਾ ਜਾ ਰਿਹਾ ਹੈ। ਸਰਕਾਰੀ ਵਿਭਾਗਾਂ ਵਿੱਚ ਹਜ਼ਾਰਾਂ ਅਸਾਮੀਆਂ ਸਾਲਾਂ ਤੋਂ ਖਾਲੀ ਪਈਆਂ ਹਨ ਪਰ ਭਰਤੀ ਪ੍ਰਕਿਰਿਆਵਾਂ ਜਾਂ ਤਾਂ ਅਧੂਰੀਆਂ ਹਨ ਜਾਂ ਜਾਣਬੁੱਝ ਕੇ ਦੇਰੀ ਕੀਤੀ ਜਾ ਰਹੀ ਹੈ। ਸ਼ੈਲਜਾ ਨੇ ਕਿਹਾ ਕਿ ਸੂਬੇ ਦੇ ਲੱਖਾਂ ਪੜ੍ਹੇ-ਲਿਖੇ ਨੌਜਵਾਨ ਰੁਜ਼ਗਾਰ ਦੀ ਘਾਟ ਕਾਰਨ ਵਿਦੇਸ਼ ਜਾਣ ਲਈ ਮਜਬੂਰ ਹਨ। ਇਸ ਦੌਰਾਨ ਡੰਕੀ ਰੂਟ ਰਾਹੀਂ ਵਿਦੇਸ਼ ਗਏ ਨੌਜਵਾਨਾਂ, ਖਾਸ ਕਰਕੇ ਅਮਰੀਕਾ ਗਏ ਨੌਜਵਾਨਾਂ ਨਾਲ ਅਣਮਨੁੱਖੀ ਸਲੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਨੂੰ ਹਿਰਾਸਤ ਵਿੱਚ ਲਿਆ ਜਾ ਰਿਹਾ ਹੈ ਅਤੇ ਜ਼ੰਜੀਰਾਂ ਨਾਲ ਬੰਨ੍ਹ ਕੇ ਅਤੇ ਜ਼ਲੀਲ ਕਰਕੇ ਵਾਪਸ ਭੇਜਿਆ ਜਾ ਰਿਹਾ ਹੈ। ਇਹ ਨਾ ਸਿਰਫ਼ ਹਰਿਆਣਾ ਸਰਕਾਰ ਲਈ ਸ਼ਰਮ ਦੀ ਗੱਲ ਹੈ, ਸਗੋਂ ਨੌਜਵਾਨਾਂ ਦੇ ਸੁਪਨਿਆਂ ਅਤੇ ਮਿਹਨਤ ਦਾ ਵੀ ਅਪਮਾਨ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਨੇ 2024 ਵਿੱਚ ਲਾਗੂ ਕੀਤੇ ਗਏ ਟਰੈਵਲ ਏਜੰਟ ਰਜਿਸਟਰੇਸ਼ਨ ਐਕਟ ਨੂੰ ਹਾਲੇ ਤੱਕ ਲਾਗੂ ਨਹੀਂ ਕੀਤਾ ਹੈ, ਜਿਸ ਕਾਰਨ ਨਕਲੀ ਏਜੰਟਾਂ ਦਾ ਬੋਲਬਾਲਾ ਹੈ। ਏਜੰਟਾਂ ਵੱਲੋਂ ਨੌਜਵਾਨ ਦੀ ਲੁੱਟ ਕੀਤੀ ਜਾ ਰਹੀ ਹੈ। ਕੁਮਾਰੀ ਸ਼ੈਲਜਾ ਨੇ ਕਿਹਾ ਕਿ ਸੂਬਾ ਸਰਕਾਰ ਸਰਕਾਰੀ ਭਰਤੀ ਪ੍ਰਕਿਰਿਆਵਾਂ ਨੂੰ ਪਾਰਦਰਸ਼ੀ ਬਣਾਉਣਾ ਤੇ ਨੌਜਵਾਨਾਂ ਲਈ ਸਥਾਨਕ ਰੁਜ਼ਗਾਰ ਪੈਦਾ ਕਰਨ ਤੇ ਹੁਨਰ ਸਿਖਲਾਈ ਦੇ ਮੌਕੇ ਵਧਾਉਣੇ ਚਾਹੀਦੇ ਹਨ। ਨਕਲੀ ਏਜੰਟਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਕੇ ਗੈਰ-ਕਾਨੂੰਨੀ ਰੈਕੇਟਾਂ ਨੂੰ ਖਤਮ ਕੀਤਾ ਜਾਣਾ ਚਾਹੀਦਾ ਹੈ। ਸੰਸਦ ਮੈਂਬਰ ਕੁਮਾਰੀ ਸ਼ੈਲਜਾ ਨੇ ਮੁੱਖ ਮੰਤਰੀ ਤੋਂ ਮੰਗ ਕੀਤੀ ਕਿ ਸੂਬੇ ਦੇ ਨੌਜਵਾਨਾਂ ਦੀ ਊਰਜਾ ਨੂੰ ਵਿਦੇਸ਼ਾਂ ਵਿੱਚ ਨਹੀਂ, ਸਗੋਂ ਹਰਿਆਣਾ ਦੇ ਵਿਕਾਸ ਵਿੱਚ ਲਾਇਆ ਜਾਵੇ।

