ਨਵਕਿਰਨ ਸਿੰਘ
ਮਹਿਲ ਕਲਾਂ, 13 ਅਕਤੂਬਰ
ਹਾਥਰਸ ਵਿੱਚ ਵਾਪਰੇ ਜਬਰ-ਜਨਾਹ ਤੇ ਕਤਲ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਦੀ ਮੰਗ ਲਈ ਮਗਨਰੇਗਾ ਮਜ਼ਦੂਰ ਯੂਨੀਅਨ ਅਤੇ ਲਾਲ ਝੰਡਾ ਪੰਜਾਬ ਭੱਠਾ ਮਜ਼ਦੂਰ ਯੂਨੀਅਨ (ਸੀਟੂ) ਵੱਲੋਂ ਪਿੰਡ ਸਹਿਜੜਾ ਨੇੜੇ ਮੁੱਖ ਮਾਰਗ ’ਤੇ ਕੇਂਦਰ ਸਰਕਾਰ ਦੀ ਅਰਥੀ ਫੂਕੀ ਗਈ। ਇਸ ਮੌਕੇ ਸੀਟੂ ਆਗੂ ਪ੍ਰੀਤਮ ਸਿੰਘ ਸਹਿਜੜਾ ਅਤੇ ਲਾਲ ਝੰਡਾ ਭੱਠਾ ਮਜ਼ਦੂਰ ਯੂਨੀਅਨ ਦੇ ਆਗੂ ਮਾਨ ਸਿੰਘ ਗੁਰਮ ਨੇ ਕਿਹਾ ਕਿ ਜਦ ਤੋਂ ਵਿੱਚ ਮੋਦੀ ਸਰਕਾਰ ਸੱਤਾ ’ਚ ਆਈ ਹੈ ਉਸ ਸਮੇਂ ਤੋਂ ਹੀ ਧਾਰਮਿਕ ਘੱਟ ਗਿਣਤੀ ਭਾਈਚਾਰੇ, ਦਲਿਤਾਂ, ਔਰਤਾਂ ਖਿਲਾਫ ਤਸ਼ੱਦਦ ਵਧ ਗਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਇੱਕ ਪਾਸੇ ਤਾਂ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਦਾ ਨਾਅਰਾ ਲਗਾ ਕੇ ਧੀਆਂ ਨੂੰ ਸਤਿਕਾਰ ਦੇਣ ਦੇ ਵੱਡੇ-ਵੱਡੇ ਦਾਅਵੇ ਕਰਦੀ ਨਹੀਂ ਥੱਕਦੀ ਪਰ ਦੂਜੇ ਪਾਸੇ ਯੂਪੀ ਵਿੱਚ ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਲਗਾਤਾਰ ਅਪਰਾਧਕ ਵਾਰਦਾਤਾਂ ਵਧਣ ਕਾਰਨ ਲੋਕਾਂ ਵਿੱਚ ਸਹਿਮ ਦਾ ਮਾਹੌਲ ਬਣਿਆ ਹੈ। ਇਸ ਮੌਕੇ ਮਜ਼ਦੂਰ ਆਗੂ ਲਾਭ ਸਿੰਘ ਵਜੀਦਕੇ ਕਲਾਂ, ਪ੍ਰੀਤਮ ਸਿੰਘ ਮਹਿਲ ਕਲਾਂ, ਬੂਟਾ ਸਿੰਘ ,ਜਗਰਾਜ ਸਿੰਘ ਬਲੌਰ ਸਿੰਘ, ਗੁਰਮੀਤ ਸਿੰਘ ਚੁਹਾਣਕੇ, ਮਹਿੰਦਰ ਸਿੰਘ ਮਹਿਲ ਕਲਾਂ, ਰਾਜੇਸ਼ ਕੁਮਾਰ, ਚੇਤ ਸਿੰਘ ਆਦਿ ਹਾਜ਼ਰ ਸਨ।