ਜੋਗਿੰਦਰ ਸਿੰਘ ਮਾਨ
ਮਾਨਸਾ, 21 ਮਈ
ਨਹਿਰੂ ਯੁਵਾ ਕੇਂਦਰ ਮਾਨਸਾ ਨੇ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਸਬੰਧੀ ਇੱਕ ਕਿਤਾਬਚਾ ਬਣਾਇਆ ਹੈ, ਜਿਸ ਨੂੰ ਜਾਰੀ ਕਰਨ ਦੀ ਰਸਮ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾ. ਵਿਜੈ ਸਿੰਗਲਾਂ ਨੇ ਅਦਾ ਕੀਤੀ। ਉਨ੍ਹਾਂ ਕਿਹਾ ਕਿ ਇਸ ਨਾਲ ਮਾਨਸਾ ਜ਼ਿਲ੍ਹੇ ਦੇ ਲੋਕਾਂ ਨੂੰ ਸਮੂਹ ਸਕੀਮਾਂ ਬਾਰੇ ਜਾਣਕਾਰੀ ਮਿਲੇਗੀ ਅਤੇ ਉਹ ਇਨ੍ਹਾਂ ਦਾ ਫਾਇਦਾ ਉਠਾ ਸਕਦੇ ਹਨ। ਸ੍ਰੀ ਸਿੰਗਲਾ ਨੇ ਕਿਹਾ ਕਿ ਨਹਿਰੂ ਯੁਵਾ ਕੇਂਦਰ ਮਾਨਸਾ ਦਾ ਇਹ ਯਤਨ ਸ਼ਲਾਘਾਯੋਗ ਕਦਮ ਹੈ ਜਿਸ ਲਈ ਨਹਿਰੂ ਯੁਵਾ ਕੇਂਦਰ ਵਧਾਈ ਦਾ ਪਾਤਰ ਹੈ। ਕਿਤਾਬਚਾ ਜਾਰੀ ਕਰਨ ਸਮੇਂ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਅਤੇ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਪਿੰਡਾਂ ਵਿੱਚ ਖੇਡਾਂ, ਸਭਿਆਚਾਰਕ ਅਤੇ ਸਮਾਜਿਕ ਗਤੀਵਿਧੀਆਂ ਲਈ ਨਹਿਰੂ ਯੁਵਾ ਕੇਂਦਰ ਮਾਨਸਾ ਵੱਲੋਂ ਗਠਿਤ ਕੀਤੇ ਕਲੱਬ ਸ਼ਲਾਘਾਯੋਗ ਕੰਮ ਕਰ ਰਹੇ ਹਨ। ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਆਜ਼ਾਦੀ ਦੇ 75ਵੇਂ ਅੰਮ੍ਰਿਤ ਮਹਾਂਉਤਸਵ ਦੇ ਸਬੰਧ ਵਿੱਚ ਵੱਖ-ਵੱਖ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਨਹਿਰੂ ਯੂਵਾ ਕੇਂਦਰ ਵੱਲੋਂ ਤਿਆਰ ਇਹ ਕਿਤਾਬਚਾ ਵੀ ਇਸੇ ਦਾ ਹਿੱਸਾ ਹੈ।