ਜਸਵੰਤ ਜੱਸ
ਫ਼ਰੀਦਕੋਟ, 23 ਸਤੰਬਰ
ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਅੱਜ ਇੱਥੋਂ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਦਾ ਦੌਰਾ ਕੀਤਾ। ਉਨ੍ਹਾਂ ਨੇ ਮਰੀਜ਼ਾਂ ਨੂੰ ਆਪਣਾ ਨਿੱਜੀ ਮੋਬਾਈਲ ਨੰਬਰ ਵੀ ਦਿੱਤਾ ਅਤੇ ਕਿਹਾ ਕਿ ਹਸਪਤਾਲ ਦੀ ਲਾਪ੍ਰਵਾਹੀ ਸਿੱਧੀ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੀ ਜਾਵੇ ਤਾਂ ਜੋ ਇਸ ਦਾ ਤੁਰੰਤ ਨਿਪਟਾਰਾ ਹੋ ਸਕੇ। ਇਸ ਅਚਨਚੇਤ ਫੇਰੀ ਦੌਰਾਨ ਉਹ ਹਸਪਤਾਲ ਦੇ ਹਰ ਵਾਰਡ ਵਿੱਚ ਗਏ ਅਤੇ ਆਈਸੀਯੂ ਵਿੱਚ ਮਰੀਜ਼ਾਂ ਨੂੰ ਮਿਲੇ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ।
ਇਸ ਮੌਕੇ ਉਨ੍ਹਾਂ ਨਾਲ ਫ਼ਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਵੀ ਹਾਜ਼ਰ ਸਨ। ਇਸ ਤੋਂ ਪਹਿਲਾਂ ਸਿਹਤ ਮੰਤਰੀ ਜੌੜੇਮਾਜਰਾ ਜੁਲਾਈ ਮਹੀਨੇ ਵਿੱਚ ਇਸ ਹਸਪਤਾਲ ਦੇ ਦੌਰੇ ’ਤੇ ਆਏ ਸਨ ਅਤੇ ਮਰੀਜ਼ਾਂ ਲਈ ਗੰਦੇ ਬੈੱਡ ਦੇਖ ਕੇ ਰੋਹ ਵਿੱਚ ਆ ਗਏ ਸਨ। ਉਨ੍ਹਾਂ ਨੇ ਗੰਦੇ ਬੈੱਡਾਂ ਉੱਪਰ ਵਾਈਸ ਚਾਂਸਲਰ ਡਾ. ਰਾਜ ਬਹਾਦਰ ਨੂੰ ਲੇਟਣ ਲਈ ਕਿਹਾ ਸੀ। ਇਸ ਘਟਨਾ ਤੋਂ ਬਾਅਦ ਵਾਈਸ ਚਾਂਸਲਰ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।
ਮੌਜੂਦਾ ਸਮੇਂ ਸਿਹਤ ਮੰਤਰੀ ਨੇ ਹਸਪਤਾਲ ਵਿੱਚ ਖੁੱਲ੍ਹੀਆਂ ਦਵਾਈਆਂ ਦੀਆਂ ਦੁਕਾਨਾਂ ਦਾ ਰਿਕਾਰਡ ਚੈੱਕ ਕੀਤਾ ਜਿੱਥੋਂ ਮਰੀਜ਼ਾਂ ਨੂੰ ਸਰਕਾਰੀ ਸਹੂਲਤਾਂ ਤਹਿਤ ਸਸਤੀਆਂ ਅਤੇ ਮੁਫ਼ਤ ਦਵਾਈਆਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਸਿਹਤ ਮੰਤਰੀ ਨੇ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਸਿਹਤ ਸਹੂਲਤਾਂ ਉੱਤਮ ਦਰਜੇ ਦੀਆਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਅਜੇ ਵੀ ਮਰੀਜ਼ਾਂ ਨੂੰ ਬਿਹਤਰ ਇਲਾਜ ਨਹੀਂ ਮਿਲ ਰਿਹਾ ਅਤੇ ਸਿਹਤ ਸਹੂਲਤਾਂ ਵਿੱਚ ਸੁਧਾਰ ਲਿਆਉਣ ਲਈ ਸਟਾਫ ਦੀ ਘਾਟ ਨੂੰ ਪਹਿਲ ਦੇ ਅਧਾਰ ’ਤੇ ਦੂਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ, ਡਾਕਟਰਾਂ ਅਤੇ ਸਟਾਫ ਦੀ ਬਕਾਇਦ ਜਵਾਬਦੇਹੀ ਤੈਅ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਹਸਪਤਾਲ ਦੇ ਮੁਲਾਜ਼ਮਾਂ ਅਤੇ ਡਾਕਟਰਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਉਨ੍ਹਾਂ ਦੇ ਤੁਰੰਤ ਹੱਲ ਦਾ ਭਰੋਸਾ ਦਿੱਤਾ।