ਖੇਤਰੀ ਪ੍ਰਤੀਨਿਧ
ਬਰਨਾਲਾ, 31 ਦਸੰਬਰ
ਜ਼ਿਲ੍ਹੇ ਭਰ ਤੋਂ ਸਿਵਲ ਹਸਪਤਾਲ ਬਰਨਾਲਾ ਦੇ ਪਾਰਕ ’ਚ ਇਕੱਤਰ ਹੋਏ ਐੱਨਐੱਚਐੱਮ ਸਿਹਤ ਮੁਲਾਜ਼ਮਾਂ ਵੱਲੋਂ ਸੂਬੇ ਦੀ ਚੰਨੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਰੈਗੂਲਰ ਕਰਨ ਦੀ ਮੰਗ ਕੀਤੀ ਗਈ। ਐੱਨਐੱਚਐੱਮ ਐਂਪਲਾਈਜ਼ ਯੂਨੀਅਨ ਦੇ ਜ਼ਿਲ੍ਹਾ ਆਗੂ ਕਮਲਜੀਤ ਕੌਰ ਪੱਤੀ, ਸੰਦੀਪ ਕੌਰ ਸੀਐੱਚਓ ਤੇ ਹਰਜੀਤ ਸਿੰਘ ਹੋਰਾਂ ਨੇ ਕਿਹਾ ਕਿ ਭਲਕੇ 1 ਜਨਵਰੀ ਨੂੰ ਨਵਾਂ ਸਾਲ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਮਨਾਇਆ ਜਾਵੇਗਾ। ਇਸ ਮੌਕੇ ਰੁਪਿੰਦਰ ਕੌਰ, ਵੀਰਪਾਲ ਕੌਰ, ਨਰੇਸ਼ ਕੁਮਾਰੀ, ਵਰਿੰਦਰ ਕੌਰ, ਵਿੱਕੀ, ਸੁਖਵਿੰਦਰ ਸਿੰਘ ਆਦਿ ਵੀ ਹਾਜ਼ਰ ਸਨ।
ਮਾਨਸਾ (ਪੱਤਰ ਪ੍ਰੇਰਕ): ਇੱਥੇ ਐੱਨ.ਐੱਚ.ਐੱਮ ਐਂਪਲਾਈਜ਼ ਯੂਨੀਅਨ ਮਾਨਸਾ ਨੇ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਧਰਨਾ ਦਿੱਤਾ ਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਧਰਨਾਕਾਰੀਆਂ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਨਾ ਕਰ ਕੇ ਸਿਰਫ਼ ਗੱਲਬਾਤ ਨਾਲ ਹੀ ਸਮਾਂ ਟਪਾਇਆ ਜਾ ਰਿਹਾ ਹੈ, ਜਿਸ ਨੂੰ ਲੈ ਕੇ ਸਿਹਤ ਕਾਮਿਆਂ ਵਿੱਚ ਭਾਰੀ ਰੋਸ ਹੈ। ਇਸ ਸਬੰਧੀ ਜ਼ਿਲ੍ਹਾ ਪ੍ਰਧਾਨਾਂ ਅਤੇ ਸੂਬਾ ਆਗੂਆਂ ਨੇ ਫ਼ੈਸਲਾ ਲਿਆ ਕਿ ਆਉਂਦੇ ਦਿਨਾਂ ਵਿੱਚ ਪੰਜਾਬ ਦੇ ਮੁੱਖ ਮੰਤਰੀ ਤੇ ਹੋਰ ਮੰਤਰੀਆਂ ਦੇ ਰਾਜਨੀਤਿਕ ਸਮਾਗਮਾਂ ਦਾ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਲਕੇ ਸਰਕਾਰ ਖ਼ਿਲਾਫ਼ ਜ਼ਿਲ੍ਹਾ ਪੱਧਰੀ ਧਰਨਾ ਲਾਇਆ ਜਾਵੇਗਾ।