ਟੁੱਟੀ ਸੜਕ ਦੀ ਉੱਚ ਪੱਧਰੀ ਜਾਂਚ ਦੇ ਹੁਕਮ
ਡੀ ਸੀ ਨਵਜੋਤ ਕੌਰ ਨੇ ਕਚਹਿਰੀ ਰੋਡ ਦੇ ਨਿਰਮਾਣ ਵਿੱਚ ਘਟੀਆ ਮਟੀਰੀਅਲ ਵਰਤਣ ਦੀਆਂ ਸ਼ਿਕਾਇਤਾਂ ਦਾ ਗੰਭੀਰ ਨੋਟਿਸ ਲਿਆ ਹੈ। ਮਹੀਨਾ ਪਹਿਲਾਂ ਬਣੀ ਸੜਕ ਦੇ ਟੁੱਟਣ ਅਤੇ ਘਟੀਆ ਮਟੀਰੀਅਲ ਵਰਤਣ ਦੀਆਂ ਸ਼ਿਕਾਇਤਾਂ ਸਾਹਮਣੇ ਆਉਂਦੇ ਹੀ ਡੀ ਸੀ ਨੇ ਤੁਰੰਤ ਐਕਸ਼ਨ...
ਡੀ ਸੀ ਨਵਜੋਤ ਕੌਰ ਨੇ ਕਚਹਿਰੀ ਰੋਡ ਦੇ ਨਿਰਮਾਣ ਵਿੱਚ ਘਟੀਆ ਮਟੀਰੀਅਲ ਵਰਤਣ ਦੀਆਂ ਸ਼ਿਕਾਇਤਾਂ ਦਾ ਗੰਭੀਰ ਨੋਟਿਸ ਲਿਆ ਹੈ। ਮਹੀਨਾ ਪਹਿਲਾਂ ਬਣੀ ਸੜਕ ਦੇ ਟੁੱਟਣ ਅਤੇ ਘਟੀਆ ਮਟੀਰੀਅਲ ਵਰਤਣ ਦੀਆਂ ਸ਼ਿਕਾਇਤਾਂ ਸਾਹਮਣੇ ਆਉਂਦੇ ਹੀ ਡੀ ਸੀ ਨੇ ਤੁਰੰਤ ਐਕਸ਼ਨ ਲੈਂਦੇ ਹੋਏ ਮਾਮਲੇ ਦੀ ਤਕਨੀਕੀ ਪੜਤਾਲ ਲਈ ਐੱਸ ਡੀ ਐੱਮ ਮਾਨਸਾ ਦੀ ਅਗਵਾਈ ਹੇਠ 5 ਮੈਂਬਰੀ ਉੱਚ ਪੱਧਰੀ ਜਾਂਚ ਕਮੇਟੀ ਦਾ ਗਠਨ ਕਰ ਦਿੱਤਾ ਹੈ।
ਡੀ ਸੀ ਨਵਜੋਤ ਕੌਰ ਨੇ ਸਪੱਸ਼ਟ ਕੀਤਾ ਕਿ ਇਹ ਕਮੇਟੀ ਮੌਕੇ ’ਤੇ ਜਾ ਕੇ ਸੜਕ ਦੀ ਪੈਮਾਇਸ਼ ਕਰੇਗੀ ਅਤੇ ਮਟੀਰੀਅਲ ਦੀ ਗੁਣਵੱਤਾ ਪਰਖਣ ਲਈ ਸੈਂਪਲਿੰਗ ਅਤੇ ਟੈਸਟਿੰਗ ਕਰਵਾਏਗੀ। ਇਸ ਦੇ ਨਾਲ ਹੀ ਡੀ ਐੈੱਨ ਆਈ ਟੀ ਅਤੇ ਟੈਂਡਰ ਪ੍ਰਕਿਰਿਆ ਦੇ ਸਮੁੱਚੇ ਰਿਕਾਰਡ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇਗੀ। ਉਨ੍ਹਾਂ ਨਗਰ ਕੌਂਸਲ ਮਾਨਸਾ ਦੇ ਕਾਰਜਸਾਧਕ ਅਫ਼ਸਰ ਨੂੰ ਹਦਾਇਤ ਕੀਤੀ ਕਿ ਉਹ ਸੜਕ ਨਿਰਮਾਣ ਨਾਲ ਸਬੰਧਤ ਸਾਰਾ ਰਿਕਾਰਡ ਤੁਰੰਤ ਕਮੇਟੀ ਅੱਗੇ ਪੇਸ਼ ਕਰਨ।
ਕਮੇਟੀ ਵਿੱਚ ਪ੍ਰਸ਼ਾਸਨਿਕ ਅਤੇ ਤਕਨੀਕੀ ਮਾਹਿਰਾਂ ਨੂੰ ਸ਼ਾਮਲ ਕੀਤਾ ਗਿਆ ਹੈ ਤਾਂ ਜੋ ਜਾਂਚ ਪਾਰਦਰਸ਼ੀ ਹੋ ਸਕੇ। ਕਮੇਟੀ ਵਿੱਚ ਐੱਸ ਡੀ ਐੱਮ ਮਾਨਸਾ, ਨਿਗਰਾਨ ਇੰਜਨੀਅਰ (ਐੱਸ ਈ), ਪੰਜਾਬ ਮੰਡੀ ਬੋਰਡ ਬਠਿੰਡਾ, ਕਾਰਜਕਾਰੀ ਇੰਜਨੀਅਰ (ਐਕਸੀਅਨ), ਪੰਜਾਬ ਮੰਡੀ ਬੋਰਡ ਬਠਿੰਡਾ, ਕਾਰਜਸਾਧਕ ਅਫ਼ਸਰ ਨਗਰ ਕੌਂਸਲ ਮਾਨਸਾ ਅਤੇ ਮਿਊਂਸਿਪਲ ਇੰਜਨੀਅਰ, ਨਗਰ ਕੌਂਸਲ ਮਾਨਸਾ ਨੂੰ ਸ਼ਾਮਲ ਕੀਤਾ ਗਿਆ ਹੈ।
ਡੀ ਸੀ ਨੇ ਕਿਹਾ ਕਿ ਸਰਕਾਰੀ ਕੰਮਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਜਾਂ ਘਟੀਆ ਮਟੀਰੀਅਲ ਦੀ ਵਰਤੋਂ ਕਰਨ ਵਾਲੇ ਠੇਕੇਦਾਰਾਂ ਅਤੇ ਅਧਿਕਾਰੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਜਾਂਚ ਕਮੇਟੀ ਵੱਲੋਂ ਸਾਂਝੀ ਰਿਪੋਰਟ ਪੇਸ਼ ਕਰਨ ਉਪਰੰਤ ਜੇ ਕੋਈ ਦੋਸ਼ੀ ਪਾਇਆ ਗਿਆ ਤਾਂ ਉਸ ਵਿਰੁੱਧ ਨਿਯਮਾਂ ਅਨੁਸਾਰ ਸਖ਼ਤ ਕਾਨੂੰਨੀ ਅਤੇ ਵਿਭਾਗੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

