ਮਲੋਟ (ਲਖਵਿੰਦਰ ਸਿੰਘ): ਪਿਛਲੇ ਦਿਨੀਂ ਪਏ ਮੀਂਹ ਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਅੱਧੀ ਦਰਜਨ ਪਿੰਡਾਂ ਵਾਦੀਆਂ, ਕਰਨੀਵਾਲਾ, ਸਾਉਂਕੇ, ਭੁੱਦੜ ਤੇ ਔਲਖ ਦੇ ਦਰਜਨਾਂ ਕਿਸਾਨਾਂ ਨੇ ਮਲੋਟ ਤੋਂ ਸ੍ਰੀ ਮੁਕਤਸਰ ਸਾਹਿਬ ਨੂੰ ਜਾਂਦੀ ਮੁੱਖ ਸੜਕ ਜਾਮ ਕਰ ਦਿੱਤੀ ਅਤੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਹਾਜ਼ਰ ਕਿਸਾਨਾਂ ਸਰਪੰਚ ਭਿੰਦਰ ਸਿੰਘ, ਯਾਦਵਿੰਦਰ ਸਿੰਘ, ਗੁਰਜੰਟ ਹਾਉਂਕੇ, ਊਦੇ ਸਿੰਘ ਅਤੇ ਗੁਰਪ੍ਰੀਤ ਸਿੰਘ ਆਦਿ ਨੇ ਦੱਸਿਆ ਕਿ ਉਨ੍ਹਾਂ ਦੀਆਂ ਫਸਲਾਂ ਮੀਂਹ ਕਾਰਨ ਖਤਮ ਹੋ ਗਈਆਂ ਹਨ ਅਤੇ ਮੀਂਹ ਦਾ ਪਾਣੀ ਉਤੋਂ ਦੀ ਫਿਰ ਗਿਆ ਹੈ। ਜੇਕਰ ਪ੍ਰਸ਼ਾਸਨ ਦੇ ਪ੍ਰਬੰਧਾਂ ਨੂੰ ਦੇਖੀਏ ਤਾਂ ਹੁਣ ਅਗਲੀ ਫਸਲ ਦੀ ਬਿਜਾਈ ਵੀ ਮੁਸ਼ਕਲ ਲਗਦੀ ਹੈ, ਕਿਉਂਕਿ ਪ੍ਰਸ਼ਾਸਨ ਨੇ ਉਸ ਪੱਧਰ ਦੇ ਪ੍ਰਬੰਧ ਨਹੀਂ ਕੀਤੇ, ਜਿਸ ਪੱਧਰ ਦੇ ਪ੍ਰਬੰਧ ਹੋਣੇ ਚਾਹੀਦੇ ਸਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਜਲਦੀ ਤੋਂ ਜਲਦੀ ਪਾਣੀ ਦੀ ਨਿਕਾਸੀ ਦੇ ਪੁਖ਼ਤਾ ਪ੍ਰਬੰਧ ਕਰੇ।