ਜੋਗਿੰਦਰ ਸਿੰਘ ਮਾਨ
ਮਾਨਸਾ, 15 ਮਾਰਚ
ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਲੀ ਦੇ ਕਿਸਾਨ ਅੰਦੋਲਨ ਦੌਰਾਨ ਪੰਜਾਬ ਵਿੱਚ ਜੰਗੀਰਦਾਰਾਂ ਤੋਂ ਜ਼ਮੀਨਾਂ ਖੋਹ ਕੇ ਕਿਸਾਨਾਂ ਨੂੰ ਦੇਣ ਲਈ ਚੱਲੀ ਮੁਜ਼ਾਰਾ ਲਹਿਰ ਦੇ ਲੜਾਕੂ ਯੋਧਿਆਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਜਾ ਰਿਹਾ ਹੈ। ਇਸ ਸਬੰਧੀ ਸੂਚੀ ਜਥੇਬੰਦੀਆਂ ਵੱਲੋਂ ਹਾਸਲ ਕਰਨ ਦਾ ਦਾਅਵਾ ਕੀਤਾ ਗਿਆ ਹੈ।
ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰੈੱਸ ਸਕੱਤਰ ਐਡਵੋਕੇਟ ਬਲਕਰਨ ਸਿੰਘ ਬੱਲੀ ਨੇ ਕਿਹਾ ਕਿ ਮੋਰਚੇ ਵੱਲੋਂ ਉਨ੍ਹਾਂ ਯੋਧਿਆਂ ਦੀਆਂ ਸੂਚੀਆਂ ਮੰਗੀਆਂ ਗਈਆਂ ਸਨ, ਜੋ ਮਿਲ ਗਈਆਂ ਹਨ।
ਉਨ੍ਹਾਂ ਕਿਹਾ ਕਿ ਮੁਜ਼ਾਰਾ ਲਹਿਰ ਨਾਲ ਜੁੜੇ ਲੜਾਕੂ ਯੋਧਿਆਂ ਦੇ ਇਨ੍ਹਾਂ ਪਰਿਵਾਰਕ ਮੈਂਬਰਾਂ ਨੂੰ 19 ਮਾਰਚ ਨੂੰ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਲੀ ਦੇ ਬਾਰਡਰਾਂ ’ਤੇ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇ ਕੋਈ ਵਿਅਕਤੀ ਇਸ ਸੂਚੀ ’ਚੋਂ ਰਹਿ ਗਿਆ ਤਾਂ ੳਹ ਮੋਰਚੇ ਦੇ ਆਗੂਆਂ ਨਾਲ ਸੰਪਰਕ ਕਰਕੇ ਨਾਮ ਦੇ ਦੇਣ ਅਤੇ 19 ਮਾਰਚ ਨੂੰ ਦਿੱਲੀ ਮੋਰਚੇ ’ਚ ਪਹੁੰਚਣ।