ਪੱਤਰ ਪ੍ਰੇਰਕ
ਮਾਨਸਾ, 6 ਜੁਲਾਈ
ਪੰਜਾਬ ਸਕੂਲ ਸਿੱਖਿਆ ਬੋਰਡ ਦੇ ਬਾਰ੍ਹਵੀਂ ਦੇ ਨਤੀਜਿਆਂ ਵਿੱਚ ਪੰਜਾਬ ਅੰਦਰ ਪਹਿਲੀ, ਦੂਜੀ ਅਤੇ ਤੀਜੇ ਸਥਾਨ ਲੈਣ ਅਤੇ ਮੈਰਿਟ ’ਚ ਆਉਣ ਵਾਲੇ ਵਿਦਿਆਰਥੀਆਂ ਦਾ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ, ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ, ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਸ਼ਿਰਕਤ ਕੀਤੀ। ਵਿਧਾਇਕ ਪ੍ਰਿੰ. ਬੁੱਧ ਰਾਮ ਨੇ ਮੈਰਿਟ ਸੂਚੀ ’ਚ ਆਉਣ ਵਾਲੇ ਮਾਨਸਾ ਜ਼ਿਲ੍ਹੇ ਵਿਦਿਆਰਥੀਆਂ ਸਮੇਤ ਮਾਪਿਆਂ, ਸਕੂਲ ਮੁਖੀਆਂ ਨੂੰ ਮੁਬਾਰਕਬਾਦ ਦਿੱਤੀ। ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਪੰਜਾਬ ਭਰ ’ਚ ਪਹਿਲਾ ਰੈਂਕ ਹਾਸਲ ਕਰਨ ਵਾਲੀ ਅਰਸ਼ਦੀਪ ਕੌਰ ਨੂੰ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵੱਲੋਂ ਸੁਕੰਨਿਆਂ ਸਮਰਿਧੀ ਯੋਜਨਾ ਦਾ ਖਾਤਾ ਖੁਲ੍ਹਵਾ ਕੇ 51 ਹਜ਼ਾਰ ਰੁਪਏ ਦੀ ਰਾਸ਼ੀ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਤੀਜਾ ਰੈਂਕ ਹਾਸਿਲ ਕਰਨ ਵਾਲੀਆਂ ਵਿਦਿਆਰਥਣਾਂ ਸ਼ਾਕਸੀ ਅਤੇ ਭਵਿੱਖਦੀਪ ਕੌਰ ਦੇ ਵੀ 31-31 ਹਜ਼ਾਰ ਰੁਪਏ ਦੀ ਰਾਸ਼ੀ ਦੇ ਖਾਤੇ ਖੁਲਵਾਏ ਜਾਣਗੇ। ਇਸ ਤੋਂ ਇਲਾਵਾ ਬਾਕੀ 12 ਵਿਦਿਆਰਥੀਆਂ ਦੇ ਵੀ ਇਸੇ ਤਰਜ਼ ’ਤੇ 21-21 ਹਜ਼ਾਰ ਰੁਪਏ ਦੀ ਰਾਸ਼ੀ ਦੇ ਖਾਤੇ ਖੁਲ੍ਹਵਾ ਕੇ ਰਾਸ਼ੀ ਮੁਹੱਈਆ ਕਰਵਾਈ ਜਾਵੇਗੀ।