ਨਿੱਜੀ ਪੱਤਰ ਪ੍ਰੇਰਕ
ਫਰੀਦਕੋਟ, 13 ਅਗਸਤ
ਇਥੇ ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਤਹਿਤ ਸਾਲ 2019-20 ਦੇ 46 ਲਾਭਪਾਤਰੀਆਂ ਨੂੰ 33 ਲੱਖ ਤੋਂ ਵਧੇਰੇ ਦੀ ਦੂਜੀ ਕਿਸ਼ਤ ਜਾਰੀ ਕੀਤੀ ਗਈ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਇਸ ਯੋਜਨਾ ਤਹਿਤ 60 ਲਾਭਪਾਤਰੀਆਂ 18 ਲੱਖ ਰੁਪਏ ਦੀ ਪਹਿਲੀ ਕਿਸ਼ਤ ਮੁਹੱਈਆ ਕਰਵਾਈ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਹ ਯੋਜਨਾ ਪਿੰਡਾਂ ਦੇ ਲੋੜਵੰਦ ਲੋਕਾਂ ਲਈ ਕਾਫੀ ਸਹਾਈ ਸਿੱਧ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਸਰਕਾਰ ਵੱਲੋਂ ਤੈਅ ਕੀਤੇ ਮਾਪਦੰਡ ਦੇ ਅਧਾਰ ’ਤੇ ਲਾਭਪਾਤਰੀਆਂ ਦੀ ਪੜਤਾਲ ਕਰਕੇ ਉਹਨਾਂ ਦੇ ਕੱਚੇ ਮਕਾਨਾਂ ਨੂੰ ਪੱਕਾ ਕਰਨ ਲਈ ਤਿੰਨ ਕਿਸ਼ਤਾਂ ਰਾਹੀਂ 1 ਲੱਖ 20 ਹਜ਼ਾਰ ਰੁਪਏ ਦੀ ਰਾਸ਼ੀ ਮੁਹੱਈਆ ਕਰਵਾਈ ਜਾਂਦੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ ਗ੍ਰਾਮੀਣ ਤਹਿਤ ਟੀਚਾ ਪੂਰਾ ਕਰਕੇ ਫਰੀਦਕੋਟ ਜ਼ਿਲ੍ਹੇ ਨੇ ਪੰਜਾਬ ਵਿੱਚ ਪਹਿਲਾ ਅਤੇ ਭਾਰਤ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਬੀ.ਪੀ.ਐਲ. ਕਾਰਡ ਧਾਰਕ ਪਰਿਵਾਰਾਂ ਨੂੰ ਲਾਭ ਦਿੱਤਾ ਜਾਂਦਾ ਹੈ।