ਲਖਵਿੰਦਰ ਸਿੰਘ
ਮਲੋਟ, 5 ਅਪਰੈਲ
ਪੁਲੀਸ ਵੱਲੋਂ ਕਿਸਾਨ ਆਗੂਆਂ ਖਿਲਾਫ਼ ਦਰਜ ਕੀਤੇ ਕੇਸਾਂ ਦੇ ਰੋੋੋਸ ਵਜੋ ਪ੍ਰਦਰਸ਼ਨ ਕਰਨ ਅਤੇ ਗ੍ਰਿਫਤਾਰੀਆਂ ਦੇਣ ਲਈ ਅੱਜ ਤਿਕੋਨੀ ਚੌਕ ਮਲੋਟ ਵਿੱਚ ਵੱਖ-ਵੱਖ ਪਿੰਡਾਂ ’ਚੋਂ ਸੈਂਕੜੇ ਕਿਸਾਨਾਂ ਨੇ ਸ਼ਮੂਲੀਅਤ ਕੀਤੀ। ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਆਗੂ ਲਖਨ ਪਾਲ ਸ਼ਰਮਾ ਨੇ ਦੱਸਿਆ ਕਿ ਅੱਜ ਪੰਜ ਕਿਸਾਨ ਪੁਲੀਸ ਕੇਸਾਂ ਖਿਲਾਫ਼ ਗ੍ਰਿਫ਼ਤਾਰੀਆਂ ਦੇਣਗੇ। ਉਨ੍ਹਾਂ ਕਿਹਾ ਕਿ ਵਿਧਾਇਕ ਨਾਲ ਬਦਸਲੂਕੀ ਦੀ ਘਟਨਾ ਵਿੱਚ ਕਿਸਾਨਾਂ ਦੀ ਕੋਈ ਭੂਮਿਕਾ ਨਹੀਂ ਸੀ, ਉਹ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਸਨ, ਤੇ ਕੁਝ ਸ਼ਰਾਰਤੀ ਅਨਸਰਾਂ ਨੇ ਪੂਰੀ ਘਟਨਾ ਨੂੰ ਅੰਜਾਮ ਦਿੱਤਾ, ਪਰ ਪੁਲੀਸ ਨੇ ਸੈਂਕੜੇ ਕਿਸਾਨਾਂ ਖਿਲਾਫ਼ ਕੇਸ ਦਰਜ ਕਰ ਲਿਆ। ਉਨ੍ਹਾਂ ਕਿਹਾ ਕਿ ਆੜਤੀਆਂ ਨਾਲ ਕਿਸਾਨਾਂ ਦਾ ਨਹੁੰ ਮਾਸ ਦਾ ਰਿਸ਼ਤਾ ਹੈ, ਜੋ ਹਰ ਦੁੱਖ ਸੁੱਖ ਵਿੱਚ ਕਿਸਾਨਾਂ ਦਾ ਸਾਥ ਦਿੰਦੇ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਸਾਰੇ ਕਿਸਾਨ ਜਥੇਬੰਦ ਹੋਣ।