ਜੋਗਿੰਦਰ ਸਿੰਘ ਮਾਨ
ਮਾਨਸਾ, 11 ਮਈ
ਸਾਂਝੇ ਅਧਿਆਪਕ ਮੋਰਚੇ ਦੀ ਅਗਵਾਈ ਵਿੱਚ ਮਾਨਸਾ ਜ਼ਿਲ੍ਹੇ ਦੇ ਵੱਡੀ ਗਿਣਤੀ ਅਧਿਆਪਕਾਂ ਨੇ ਪਿਛਲੇ 2 ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਦੇ ਰੋਸ ਵਜੋਂ ਸਿਹਤ ਮੰਤਰੀ ਡਾ. ਵਿਜੈ ਸਿੰਗਲਾ ਦੇ ਪੀਏ ਨੂੰ ਮੰਗ ਪੱਤਰ ਦਿੱਤਾ। ਸਾਂਝੇ ਅਧਿਆਪਕ ਮੋਰਚੇ ਦੇ ਆਗੂ ਅਮਲੋਕ ਸਿੰਘ ਡੇਲੂਆਣਾ ਨੇ ਦੱਸਿਆ ਕਿ ਤਨਖਾਹਾਂ ਨਾ ਮਿਲਣ ਕਾਰਨ ਇਨ੍ਹਾਂ ਅਧਿਆਪਕਾਂ ਨੂੰ ਕਰਜ਼ੇ ਦੀਆਂ ਕਿਸ਼ਤਾਂ ਮੋੜਨ, ਘਰੇਲੂ ਖਰਚੇ ਅਤੇ ਹੋਰ ਜ਼ਰੂਰਤਾਂ ਪੂਰੀਆਂ ਕਰਨ ਲਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਧਿਆਪਕ ਆਗੂ ਪਰਮਿੰਦਰ ਸਿੰਘ ਨੇ ਦੱਸਿਆ ਕਿ ਉਹ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਮਿਲ ਚੁੱਕੇ ਹਨ ਪਰ ਉਨ੍ਹਾਂ ਵੱਲੋਂ ਹਰ ਵਾਰ ਮਸਲਾ ਸਿੱਖਿਆ ਸਕੱਤਰ ਪੱਧਰ ਦਾ ਹੋਣ ਦੀ ਗੱਲ ਕਹਿ ਕਿ ਪੱਲਾ ਝਾੜ ਦਿੱਤਾ ਜਾਂਦਾ ਹੈ। ਇਸੇ ਦੌਰਾਨ ਸਿਹਤ ਮੰਤਰੀ ਦੇ ਪੀਏ ਨੇ ਵਿਸ਼ਵਾਸ ਦਿਵਾਇਆ ਕਿ ਉਹ ਜਲਦੀ ਹੀ ਸਿਹਤ ਮੰਤਰੀ ਨਾਲ ਗੱਲ ਕਰਕੇ ਮਸਲੇ ਦਾ ਹੱਲ ਕਰਵਾਉਣਗੇ।
ਇਸ ਮੌਕੇ ਗੁਰਦਾਸ ਸਿੰਘ ਰਾਏਪੁਰ, ਦਰਸ਼ਨ ਅਲੀਸ਼ੇਰ, ਧਰਮਿੰਦਰ ਹੀਰੇਵਾਲਾ, ਅਮਰਿੰਦਰ ਸਿੰਘ, ਬਲਵੀਰ ਸਿੰਘ ਵੀ ਹਾਜ਼ਰ ਸਨ।
ਫਾਜ਼ਿਲਕਾ (ਨਿੱਜੀ ਪੱਤਰ ਪ੍ਰੇਰਕ): ਫਾਜ਼ਿਲਕਾ ਜ਼ਿਲ੍ਹੇ ਦੇ ਪ੍ਰਾਇਮਰੀ ਅਧਿਆਪਕਾਂ ਨੂੰ ਅਜੇ ਤੱਕ ਅਪਰੈਲ ਮਹੀਨੇ ਦੀ ਤਨਖਾਹ ਨਾ ਮਿਲਣ ਕਾਰਨ ਸੈਂਕੜੇ ਅਧਿਆਪਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਹ ਪਹਿਲੀ ਵਾਰ ਹੈ ਕਿ ਨਵਾਂ ਸੈਸ਼ਨ ਸ਼ੁਰੂ ਹੋਣ ਤੋਂ ਬਾਅਦ ਦੂਜੇ ਮਹੀਨੇ ਹੀ ਅਧਿਆਪਕਾਂ ਦੀਆਂ ਤਨਖਾਹਾਂ ’ਤੇ ‘ਜ਼ੁਬਾਨੀ ਰੋਕ’ ਲਗਾ ਦਿੱਤੀ ਗਈ। ਇਸ ਸਬੰਧੀ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਫਾਜ਼ਿਲਕਾ ਦੇ ਪ੍ਰਧਾਨ ਪਰਮਜੀਤ ਸਿੰਘ ਸੋਰੇਵਾਲਾ ਤੇ ਹੋਰਾਂ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਸੂਬੇ ਦੀ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪ੍ਰਾਇਮਰੀ ਅਧਿਆਪਕਾਂ ਦੀਆਂ ਤਨਖਾਹਾਂ ਜਲਦ ਜਾਰੀ ਕੀਤੀਆਂ ਜਾਣ ਤਾਂ ਜੋ ਉਨ੍ਹਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ।