ਪੁਰਾਣੀ ਪੈਨਸ਼ਨ ਬਹਾਲੀ ਲਈ ਭੁੱਖ ਹੜਤਾਲ
‘ਨੈਸ਼ਨਲ ਮੂਵਮੈਂਟ ਫ਼ਾਰ ਓਲਡ ਪੈਨਸ਼ਨ ਸਕੀਮ’ ਦੇ ਸੱਦੇ ’ਤੇ ‘ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ’ ਅਤੇ ‘ਸੀ. ਪੀ. ਐੱਫ. ਕਰਮਚਾਰੀ ਯੂਨੀਅਨ ਵੱਲੋਂ ਸਾਂਝੇ ਤੌਰ ’ਤੇ ਇੱਥੇ ਮਿਨੀ ਸਕੱਤਰੇਤ ਸਾਹਮਣੇ ਭੁੱਖ ਹੜਤਾਲ ਕੀਤੀ ਗਈ। ਇਸ ਮੌਕੇ ਵਿਖਾਵਾਕਾਰੀਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਨੇ ਪੁਰਾਣੀ ਪੈਨਸ਼ਨ ਬਹਾਲ ਨਾ ਕੀਤੀ ਤਾਂ ਵੱਡਾ ਸੰਘਰਸ਼ ਵਿੱਢਿਆ ਜਾਵੇਗਾ। ਉਨ੍ਹਾਂ 25 ਨਵੰਬਰ ਨੂੰ ਰਾਮਲੀਲ੍ਹਾ ਗਰਾਊਂਡ ਦਿੱਲੀ ਵਿੱਚ ਮਹਾ ਰੈਲੀ ਕਰਨ ਦਾ ਵੀ ਐਲਾਨ ਕੀਤਾ। ਆਗੂਆਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਨਵੰਬਰ 2022 ਵਿੱਚ ਪੁਰਾਣੀ ਪੈਨਸ਼ਨ ਬਹਾਲੀ ਸਬੰਧੀ ਜਾਰੀ ਨੋਟੀਫਿਕੇਸ਼ਨ ਨੂੰ ਲਾਗੂ ਕਰਕੇ ਜੀ. ਪੀ. ਐੱਫ. ਖਾਤੇ ਖੋਲ੍ਹ ਕੇ ਇਸ ਫੰਡ ਦੀ ਕਟੌਤੀ ਕੀਤੀ ਜਾਵੇ। ਉਨ੍ਹਾਂ ਪੁਰਾਣੀ ਪੈਨਸ਼ਨ ਬਾਰੇ ਕੇਂਦਰ ਸਰਕਾਰ ਵੱਲੋਂ ਵੀ ਦਿਖਾਈ ਜਾ ਰਹੀ ਬੇਰੁਖ਼ੀ ਨੂੰ ਵੀ ਕਰੜੇ ਹੱਥੀਂ ਲਿਆ। ਉਨ੍ਹਾਂ ਅਲਟੀਮੇਟਮ ਦਿੱਤਾ ਕਿ ਜੇਕਰ ਪੁਰਾਣੀ ਪੈਨਸ਼ਨ ਦੀ ਮੰਗ ਨੂੰ ਅਣਗੌਲਿਆਂ ਕੀਤਾ ਗਿਆ ਤਾਂ ਐੱਨ ਪੀ ਐੱਸ ਪੀੜਤ ਮੁਲਾਜ਼ਮ 25 ਨਵੰਬਰ ਨੂੰ ਦਿੱਲੀ ਤਰਫ਼ ਕੂਚ ਕਰਨਗੇ।
ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਕਨਵੀਨਰ ਜਗਸੀਰ ਸਿੰਘ ਸਹੋਤਾ ਅਤੇ ਸੀ ਪੀ ਐੱਫ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਨੇ ਕਿਹਾ ਕਿ ਪੈਨਸ਼ਨ ਵਿਹੂਣੇ ਮੁਲਾਜ਼ਮਾਂ ਦੀ ਚੌਥੀ ਦੀਵਾਲੀ ਵੀ ਕਾਲੀ ਹੀ ਰਹੇਗੀ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਕਰਮਚਾਰੀਆਂ ’ਤੇ ਯੂਪੀਐੱਸ ਥੋਪਣ ਬਾਅਦ ਉਨ੍ਹਾਂ ਦੀ ਜਮ੍ਹਾਂ ਪੂੰਜੀ ਹੀ ਪੈਨਸ਼ਨ ਦੇ ਰੂਪ ਵਿੱਚ ਪਰੋਸ ਕੇ ਕਾਰਪੋਰੇਟਾਂ ਦੀ ਸੇਵਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੁਰਾਣੀ ਪੈਨਸ਼ਨ ਸਕੀਮ ਬੁਢਾਪੇ ਦੀ ਡੰਗੋਰੀ ਹੈ ਅਤੇ ਇਸ ਤੋਂ ਬਿਨਾਂ ਸਮਾਜਿਕ ਸੁਰੱਖਿਆ ਸੰਭਵ ਨਹੀਂ। ਇਸ ਲਈ ਕਰਮਚਾਰੀ ਦਾ ਸਹੀ ਸਨਮਾਨ ਪੁਰਾਣੀ ਪੈਨਸ਼ਨ ਬਹਾਲੀ ਨਾਲ ਹੀ ਹੋਵੇਗਾ। ਇਸ ਮੌਕੇ ਰਾਜਵੀਰ ਸਿੰਘ, ਜਗਦੀਸ਼ ਜੱਗੀ, ਕੁਲਵਿੰਦਰ ਕਟਾਰੀਆ, ਇਕਬਾਲ ਸਿੰਘ, ਸ਼ਪਿੰਦਰ ਸਿੰਘ ਬਰਾੜ, ਕਰਮਜੀਤ ਜਲਾਲ, ਵਿਨੋਦ ਭਗਤਾ, ਕੁਲਵਿੰਦਰ ਨਥੇਹਾ, ਮਨਜਿੰਦਰ ਸਿੰਘ, ਰੇਸ਼ਮ ਸਿੰਘ ਤੇ ਜਗਪਾਲ ਬੰਗੀ ਵੀ ਹਾਜ਼ਰ ਸਨ।
ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ
ਮਾਨਸਾ (ਪੱਤਰ ਪ੍ਰੇਰਕ): ਮਾਨਸਾ ਦੀਆਂ ਜ਼ਿਲ੍ਹਾ ਕਚਹਿਰੀਆਂ ਵਿੱਚ ਅੱਜ ਪੁਰਾਣੀ ਪੈਨਸ਼ਨ ਬਹਾਲ ਸੰਘਰਸ਼ ਕਮੇਟੀ ਤੇ ਸੀਪੀਐੱਫ ਕਰਮਚਾਰੀ ਯੂਨੀਅਨ ਵੱਲੋਂ ਇੱਕ ਰੋਜ਼ਾ ਭੁੱਖ ਹੜਤਾਲ ਕੀਤੀ ਗਈ। ਇਸ ਭੁੱਖ ਹੜਤਾਲ ’ਤੇ ਬੈਠਣ ਵਾਲਿਆਂ ਦਰਸ਼ਨ ਅਲੀਸ਼ੇਰ, ਧਰਮਿੰਦਰ ਸਿੰਘ, ਸੁਖਦੀਪ ਗਿੱਲ,ਗੁਰਵਿੰਦਰ ਬਹਿਣੀਵਾਲ, ਪ੍ਰਭਜੋਤ ਸਿੰਘ, ਜਸਵੰਤ ਕੌਰ, ਬਲਵਿੰਦਰ ਭੀਖੀ,ਨਾਇਬ ਸਿੰਘ, ਜਸਵਿੰਦਰ ਕੁਮਾਰ, ਸੁਖਵਿੰਦਰ ਸਿੰਘਾ, ਬਲਜਿੰਦਰ ਸਿੰਘ ਸ਼ਾਮਲ ਸਨ, ਜਦੋਂਕਿ ਲਗਭਗ 60 ਹੋਰ ਮੁਲਾਜ਼ਮ ਆਗੂ ਇਨ੍ਹਾਂ ਦੀ ਹਮਾਇਤ ਉਪਰ ਬੈਠੇ ਸਨ। ਸੀਪੀਐੱਫ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਧਰਮਿੰਦਰ ਸਿੰਘ ਹੀਰੇਵਾਲਾ, ਸੂਬਾ ਮੀਤ ਪ੍ਰਧਾਨ ਪ੍ਰਭਜੋਤ ਸਿੰਘ ਅਤੇ ਪੁਰਾਣੀ ਪੈਨਸ਼ਨ ਸੰਘਰਸ਼ ਬਹਾਲ ਕਮੇਟੀ ਦੇ ਜ਼ਿਲ੍ਹਾ ਕਨਵੀਨਰ ਦਰਸ਼ਨ ਅਲੀਸ਼ੇਰ, ਸੂਬਾ ਕੋ-ਕਨਵੀਨਰ ਕਰਮਜੀਤ ਸਿੰਘ ਤਮਕੋਟ ਨੇ ਕਿਹਾ ਕਿ ਜੇਕਰ ਆਉਣ ਵਾਲੇ ਸਮੇਂ ਵਿੱਚ ਪੁਰਾਣੀ ਪੈਨਸ਼ਨ ਸਕੀਮ ਬਹਾਲ ਨਾ ਹੋਈ ਤਾਂ 26 ਨਵੰਬਰ ਨੂੰ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਕੇਂਦਰ ਸਰਕਾਰ ਖਿਲਾਫ਼ ਕੌਮੀ ਪੱਧਰ ਰੈਲੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਨਾਲ-ਨਾਲ ਪੰਜਾਬ ਵਿਚਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਝੂਠੇ ਵਾਅਦਿਆਂ ਤੋਂ ਵੱਖ ਵੱਖ ਰਾਜ ਸਰਕਾਰਾਂ ਦੇ ਮੁਲਾਜ਼ਮਾਂ ਨੂੰ ਜਾਣੂ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ 25 ਅਕਤੂਬਰ ਨੂੰ ਚੰਡੀਗੜ੍ਹ ਵਿੱਚ ਕੇਂਦਰ ਅਤੇ ਪੰਜਾਬ ਸਰਕਾਰ ਦੇ ਖਿਲਾਫ਼ ਸੂਬਾ ਪੱਧਰੀ ਪ੍ਰੈੱਸ ਕਾਨਫਰੰਸ ਕੀਤੀ ਜਾਵੇਗੀ, ਜਿਸ ਵਿੱਚ ਕੇਂਦਰ ਅਤੇ ਸੂਬਾ ਸਰਕਾਰ ਵੱਲੋਂ ਮੁਲਾਜ਼ਮਾਂ ਨਾਲ ਕੀਤੇ ਝੂਠੇ ਵਾਅਦਿਆਂ ਤੋਂ ਮੀਡੀਆ ਰਾਹੀਂ ਲੋਕਾਂ ਨੂੰ ਜਾਣੂ ਕਰਵਾਇਆ ਜਾਵੇਗਾ।ਇਸ ਮੌਕੇ ਗੁਰਦਾਸ ਸਿੰਘ ਬਾਜੇਵਾਲਾ, ਹੰਸਾ ਡੇਲੂਆਣਾ, ਵਿਜੈ ਕੁਮਾਰ ਬੁਢਲਾਡਾ ਦਰਸ਼ਨ ਜਟਾਣਾ, ਦਵਿੰਦਰ ਕੁਮਾਰ,ਗੁਰਜੰਟ ਭੁਪਾਲ, ਗੁਰਦੀਪ ਬਰਨਾਲਾ, ਗੁਰਜੀਤ ਔਲਖ, ਸਹਿਦੇਵ ਸਿੰਘ, ਹਰਿੰਦਰਪਾਲ, ਹਰਪ੍ਰੀਤ ਕੌਰ, ਵੀਰਪਾਲ ਕੌਰ, ਪ੍ਰਭੂ ਰਾਮ, ਬੰਸੀ ਲਾਲ ਤੇ ਅਮਰੀਕ ਮਾਖਾ ਵੀ ਮੌਜੂਦ ਸਨ।