ਲਖਵੀਰ ਚੀਮਾ
ਟੱਲੇਵਾਲ, 2 ਫਰਵਰੀ
ਖੇਤੀ ਕਾਨੂੰਨਾਂ ਵਿਰੁੱਧ ਸ਼ਾਂਤਮਈ ਸੰਘਰਸ਼ ਕਰ ਰਹੇ ਕਿਸਾਨਾਂ ਦੇ ਮੋਰਚਿਆਂ ’ਤੇ ਕੀਤੇ ਹਮਲਿਆਂ ਦੇ ਰੋਸ ਵਜੋਂ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਬਲਾਕ ਪ੍ਰਧਾਨ ਜੱਜ ਸਿੰਘ ਗਹਿਲ ਦੀ ਅਗਵਾਈ ਹੇਠ ਪਿੰਡ ਸੱਦੋਵਾਲ ਅਤੇ ਦੀਵਾਨਾ ਵਿੱਚ ਮੋਦੀ ਹਕੂਮਤ ਦੀਆਂ ਅਰਥੀਆਂ ਸਾੜੀਆਂ ਗਈਆਂ। ਇਸ ਮੌਕੇ ਜਥੇਬੰਦੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਬੁੱਕਣ ਸਿੰਘ ਸੱਦੋਵਾਲ, ਬਲਾਕ ਪ੍ਰਧਾਨ ਜੱਜ ਸਿੰਘ ਗਹਿਲ, ਮੀਤ ਪ੍ਰਧਾਨ ਹਰਜੀਤ ਸਿੰਘ ਦੀਵਾਨਾ ਅਤੇ ਲੋਕ ਮੋਰਚਾ ਪੰਜਾਬ ਦੇ ਆਗੂ ਸਤਨਾਮ ਸਿੰਘ ਦੀਵਾਨਾ ਨੇ ਕਿਹਾ ਕਿ ਕਿਸਾਨ ਅੰਦੋਲਨ ਵਿੱਚ 3 ਫਰਵਰੀ ਤੋਂ ਜਥੇਬੰਦੀ ਵੱਲੋਂ ਜ਼ਿਲ੍ਹਾ ਬਰਨਾਲਾ ਤੋਂ ਵੱਡਾ ਕਾਫ਼ਲਾ ਰਵਾਨਾ ਹੋਵੇਗਾ।
ਮੰਡੀ ਲੱਖੇਵਾਲੀ (ਜਸਪ੍ਰੀਤ ਸੇਖੋਂ): ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਪਿੰਡ ਲੱਖੇਵਾਲੀ ਵਿੱਚ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਅਤੇ ਵਿਸ਼ਵ ਵਪਾਰ ਸੰਸਥਾ, ਅਤੇ ਕੌਮਾਂਤਰੀ ਮੁਦਰਾ ਕੋਸ਼ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਬੋਲਦਿਆਂ ਕਿਸਾਨ ਅਤੇ ਮਜ਼ਦੂਰ ਆਗੂਆਂ ਹਰਚਰਨ ਸਿੰਘ ਲੱਖੇਵਾਲੀ ਅਤੇ ਤਰਸੇਮ ਸਿੰਘ ਖੁੰਡੇਹਲਾਲ ਨੇ ਕਿਹਾ ਕਿ ਕਿਸਾਨ ਮੋਰਚਿਆਂ ’ਤੇ ਵਿੱਢੇ ਫਿਰਕੂ ਫਾਸੀ ਹੱਲੇ ਦਾ ਟਾਕਰਾ ਕਰਨ ਲਈ ਵਿਸ਼ਾਲ ਕਿਸਾਨ ਏਕਤਾ ਅਤੇ ਸਮੂਹ ਇਨਸਾਫ ਪਸੰਦ, ਜਮਹੂਰੀ ਤੇ ਸੰਘਰਸ਼ਸ਼ੀਲ ਜਥੇਬੰਦੀਆਂ ਦੀ ਡਟਵੀਂ ਹਮਾਇਤ ਦੀ ਲੋੜ ਹੈ।
ਮਜ਼ਦੂਰਾਂ ਵੱਲੋਂ ਨਾਅਰੇਬਾਜ਼ੀ
ਮਹਿਲ ਕਲਾਂ (ਨਵਕਿਰਨ ਸਿੰਘ): ਦਿਹਾਤੀ ਮਜ਼ਦੂਰ ਸਭਾ ਦੀ ਅਗਵਾਈ ਹੇਠ ਪਿੰਡ ਕਲਾਲ ਮਾਜਰਾ ਵਿੱਚ ਇਕੱਤਰ ਹੋਏ ਮਜ਼ਦੂਰਾਂ ਨੇ ਕੇਂਦਰ ਸਰਕਾਰ ਖ਼ਿਲਾਫ ਪ੍ਰਦਰਸ਼ਨ ਕਰਦਿਆਂ ਕਿਰਤ ਕਾਨੂੰਨਾਂ ਵਿੱਚ ਕੀਤੀਆ ਜਾ ਰਹੀਆਂ ਸਰਮਾਏਦਾਰ ਪੱਖੀ ਸੋਧਾਂ ਰੱਦ ਕਰਨ ਅਤੇ ਖੇਤੀ ਸਬੰਧੀ ਤਿੰਨੇ ਕਾਲੇ ਕਾਨੂੰਨ ਵਾਪਸ ਲੈਣ ਦੀ ਮੰਗ ਕੀਤੀ। ਮਜ਼ਦੂਰ ਆਗੂ ਜੇਠੂ ਸਿੰਘ ਦੀ ਅਗਵਾਈ ਹੇਠ ਇਕੱਤਰ ਹੋਏ ਮਜ਼ਦੂਰਾਂ ਨੇ ਮੋਦੀ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਕਿਸਾਨ ਆਗੂਆਂ ’ਤੇ ਦਰਜ ਕੀਤੇ ਝੂਠੇ ਪੁਲੀਸ ਕੇਸ ਰੱਦ ਕਰਨ ਦੀ ਮੰਗ ਕੀਤੀ। ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਜਨਰਲ ਸਕੱਤਰ ਭੋਲਾ ਸਿੰਘ ਕਲਾਲ ਮਾਜਰਾ ਨੇ ਕਿਹਾ ਕਿ ਜੇਕਰ ਤਿੰਨ ਖੇਤੀ ਕਾਨੂੰਨ ਲਾਗੂ ਹੁੰਦੇ ਹਨ ਤਾਂ ਬੇਲੋੜੇ ਮਸ਼ੀਨੀਕਰਨ ਨਾਲ ਮਜ਼ਦੂਰ ਵਰਗ ਵਿਹਲਾ ਹੋ ਜਾਵੇਗਾ। ਇਸ ਮੌਕੇ ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ਨੂੰ ਮਜ਼ਦੂਰ, ਕਿਸਾਨ ਵਿਰੋਧੀ ਦੱਸਦਿਆਂ ਉਨ੍ਹਾਂ ਕਿਹਾ ਕਿ ਕਰੋਨਾਵਾਇਰਸ ਕਾਰਨ ਕੀਤੀ ਤਾਲਾਬੰਦੀ ਦੇ ਚੱਲਦਿਆਂ ਸਰਕਾਰ ਮਜ਼ਦੂਰ ਵਰਗ ਦੀ ਸਥਿਤੀ ਇਹ ਬਣੀ ਹੈ ਕਿ ਮਜ਼ਦੂਰ ਵਰਗ ਦੇ ਘਰਾਂ ਦੇ ਚੁੱਲ੍ਹੇ ਚੱਲਣੇ ਬੰਦ ਹੋ ਰਹੇ ਹਨ ਤਾਂ ਅਜਿਹੇ ਵਿੱਚ ਮਜ਼ਦੂਰਾਂ ਲਈ ਬਜਟ ਵਿੱਚ ਵਿਸ਼ੇਸ਼ ਰਾਹਤ ਦੇਣੀ ਬਣਦੀ ਸੀ। ਇਸ ਮੌਕੇ ਬਲਾਕ ਸਮਿਤੀ ਮੈਂਬਰ ਗੁਰਪ੍ਰੀਤ ਸਿੰਘ,ਦਰਸ਼ਨ ਸਿੰਘ, ਸੁਦਾਗਰ ਸਿੰਘ, ਜਸਵੰਤ ਸਿੰਘ, ਅਜੈਬ ਸਿੰਘ ਆਦਿ ਹਾਜ਼ਰ ਸਨ।