ਪੱਤਰ ਪ੍ਰੇਰਕ
ਟੱਲੇਵਾਲ, 2 ਜੂਨ
ਪਿੰਡ ਚੀਮਾ ਦੇ ਇੱਕ ਨੌਜਵਾਨ ਨੇ ਆਪਣੇ ਸਹੁਰਾ ਪਰਿਵਾਰ ਤੋਂ ਕਥਿਤ ਦੁਖੀ ਹੋ ਕੇ ਸਲਫਾਸ ਦੀਆਂ ਗੋਲੀਆਂ ਖਾ ਲਈਆਂ, ਜਿਸ ਕਾਰਨ ਉਸ ਦੀ ਮੌਤ ਹੋ ਗਈ।
ਜਾਣਕਾਰੀ ਅਨੁਸਾਰ ਹਰਜਿੰਦਰ ਸਿੰਘ ਉਰਫ਼ ਬੱਬੂ (30) ਪੁੱਤਰ ਸ਼ਿੰਗਾਰਾ ਸਿੰਘ ਵਾਸੀ ਚੀਮਾ ਸੋਮਵਾਰ ਦੇਰ ਸ਼ਾਮ ਆਪਣੇ ਖੇਤ ’ਚ ਸਲਫ਼ਾਸ ਦੀਆਂ ਗੋਲੀਆਂ ਖਾ ਗਿਆ ਜਿਸ ਨੂੰ ਬਰਨਾਲਾ ਦੇ ਸਰਕਾਰੀ ਹਸਪਤਾਲ ਵਿੱਚ ਇਲਾਜ ਲਈ ਲਿਆਂਦਾ ਗਿਆ। ਜਿੱਥੋਂ ਉਸ ਨੂੰ ਲੁਧਿਆਣਾ ਡੀਐੱਮਸੀ ਰੈਫਰ ਕੀਤਾ ਗਿਆ, ਪਰ ਰਸਤੇ ਵਿੱਚ ਉਸ ਦੀ ਮੌਤ ਹੋ ਗਈ। ਇਸ ਸਬੰਧੀ ਪੱਖੋ-ਕੈਂਚੀਆਂ ਪੁਲੀਸ ਚੌਂਕੀ ਦੇ ਮੁਖੀ ਜਸਵੀਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਸ਼ਿੰਗਾਰਾ ਸਿੰਘ ਨੇ ਬਿਆਨ ਦਰਜ ਕਰਵਾਏ ਹਨ ਕਿ ਉਸਦਾ ਲੜਕੇ ਦੇ ਵਿਆਹ ਨੂੰ 8 ਸਾਲ ਹੋ ਗਏ ਸਨ। ਸਹੁਰਾ ਪਰਿਵਾਰ ਲੰਬੇ ਸਮੇਂ ਤੋਂ ਉਨ੍ਹਾਂ ਦੇ ਲੜਕੇ ਨੂੰ ਤੰਗ ਕਰਦਾ ਆ ਰਿਹਾ ਸੀ ਜਿਸ ਕਾਰਨ ਉਹ ਪ੍ਰੇਸ਼ਾਨ ਰਹਿੰਦਾ ਸੀ। ਬੀਤੇ ਦਿਨੀਂ ਵੀ ਉਸ ਦੀ ਕੁੱਟਮਾਰ ਕੀਤੀ ਗਈ ਜਿਸ ਕਰਕੇ ਉਨ੍ਹਾਂ ਦੇ ਲੜਕੇ ਨੇ ਪ੍ਰੇਸ਼ਾਨ ਹੋ ਕੇ ਸਲਫ਼ਾਸ ਖਾ ਲਈ ਅਤੇ ਉਸਦੀ ਮੌਤ ਹੋ ਗਈ। ਥਾਣੇਦਾਰ ਜਸਵੀਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਸ਼ਿੰਗਾਰਾ ਸਿੰਘ ਦੇ ਬਿਆਨ ਦੇ ਆਧਾਰ ’ਤੇ ਪਤਨੀ ਤੇਜਿੰਦਰ ਕੌਰ, ਸਾਲਾ ਬਲਜਿੰਦਰ ਸਿੰਘ ਅਤੇ ਸੁਖਜਿੰਦਰ ਸਿੰਘ ਵਾਸੀ ਪੱਖੋਕੇ ਵਿਰੁੱਧ ਧਾਰਾ 306 ਅਧੀਨ ਕੇਸ ਦਰਜ ਕਰ ਲਿਆ ਹੈ