ਪੱਤਰ ਪ੍ਰੇਰਕ
ਭਗਤਾ ਭਾਈ, 12 ਮਾਰਚ
ਪਿੰਡ ਜਲਾਲ ਵਿੱਚ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਇਕੱਤਰ ਹੋ ਕੇ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਤੋਂ ਪਾਰਟੀ ਦੇ ਉਮੀਦਵਾਰ ਬਲਕਾਰ ਸਿੰਘ ਸਿੱਧੂ ਦੀ ਜਿੱਤ ਦੀ ਖੁਸ਼ੀ ਮਨਾਉਂਦਿਆਂ ਲੱਡੂ ਵੰਡੇ। ਇਸ ਮੌਕੇ ਪਿੰਡ ਇਕਾਈ ਜਲਾਲ ਦੇ ਸਮੂਹ ਵਰਕਰਾਂ ਨੇ ਬਲਕਾਰ ਸਿੰਘ ਸਿੱਧੂ ਤੇ ਆਮ ਆਦਮੀ ਪਾਰਟੀ ਦੀ ਪੰਜਾਬ ਵਿਚ ਹੋਈ ਸ਼ਾਨਦਾਰ ਜਿੱਤ ‘ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਗੁਰਦੁਆਰਾ ਸਾਹਿਬ ਵਿੱਚ ਪਰਮਾਤਮਾ ਦੇ ਸ਼ੁਕਰਾਨੇ ਦੀ ਅਰਦਾਸ ਕੀਤੀ। ਇਸ ਮੌਕੇ ਪਾਰਟੀ ਦੇ ਹਲਕਾ ਕੋਆਰਡੀਨੇਟਰ ਬੂਟਾ ਸਿੰਘ ਜਲਾਲ ਤੇ ਵਰਕਰਾਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਸੂਬੇ ਦੇ ਲੋਕਾਂ ਨੇ ਰਵਾਇਤੀ ਪਾਰਟੀਆਂ ਤੋਂ ਖਹਿੜਾ ਛੁਡਾ ਕੇ ਪੰਜਾਬ ਦੇ ਚੰਗੇ ਭਵਿੱਖ ਲਈ ਆਮ ਆਦਮੀ ਪਾਰਟੀ ਨੂੰ ਵੱਡਾ ਸਹਿਯੋਗ ਦਿੱਤਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਜਿੱਤ ਨਾਲ ਸੂਬੇ ਵਿਚ ਚੰਗੇ ਦਿਨਾਂ ਦੀ ਸ਼ੁਰੂਆਤ ਹੋਈ ਹੈ ਤੇ ਸਾਰੇ ਵਰਗਾਂ ਦੇ ਲੋਕ ਬਾਗ਼ੋਬਾਗ ਦਿਖਾਈ ਦੇ ਰਹੇ ਹਨ। ਪਾਰਟੀ ਵਰਕਰਾਂ ਨੇ ਸ਼ਾਨਦਾਰ ਜਿੱਤ ਲਈ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਭਗਵੰਤ ਸਿੰਘ ਮਾਨ ਤੇ ਬਲਕਾਰ ਸਿੱਧੂ ਨੂੰ ਮੁਬਾਰਕਬਾਦ ਦਿੱਤੀ।